Tuesday, September 15, 2026

ਚਿੰਤਾ ਦਾ ਵਿਸ਼ਾ ਹੈ ਧਰਤੀ ਹੇਠਲੇ ਪਾਣੀ ਦਾ ਲਗਾਤਰ ਡਿੱਗ ਰਿਹਾ ਪੱਧਰ – ਡਾ: ਵਿਨੈ ਕੁਮਾਰ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਵਿਨੈ ਕੁਮਾਰ ਨੇ ਦੱਸਿਆ ਹੈ ਕਿ ਇਸ ਸਮੇਂ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਦਾ ਸੀਜਨ ਚੱਲ ਰਿਹਾ ਹੈ ਜਿਸ ਕਰਕੇ ਕਿਸਾਨ ਵੀਰਾਂ ਨੂੰ ਕੁਦਰਤੀ ਸਰੋਤਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਤੇ ਜੋਰ ਦੇਣਾ ਚਾਹੀਦਾ ਹੈ।ਕੁੱਝ ਕਿਸਾਨਾਂ ਵਲੋਂ ਝੋਨੇ ਦੀ ਕਾਸ਼ਤ ਕਰਦੇ ਸਮੇਂ ਪਨੀਰੀ ਲਾੳਣਿ ਤੋਂ ਝੋਨੇ ਦੀ ਕਟਾਈ ਤੱਕ ਪਾਣੀ ਖੇਤ ਵਿੱਚ ਖੜਾ ਰੱਖਿਆ ਜਾਂਦਾ ਹੈ ਜਿਸ ਨਾਲ ਜਮੀਨਦੋਜ ਪਾਣੀ ਦੀ ਬਰਬਾਦੀ ਹੁੰਦੀ ਹੈ। ਉਨ੍ਹਾ ਕਿਸਾਨਾਂ ਨੂੰ ਦੱਸਿਆ ਕਿ ਪਨੀਰੀ ਲਾੳਣ ਉਪਰੰਤ ਸਿਰਫ 15 ਦਿਨਾਂ ਤੱਕ ਖੇਤ ਵਿੱਚ ਪਾਣੀ ਲਗਾਤਾਰ ਖੜਾ ਰੱਖਣਾ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਖੇਤ ਨੂੰ 2 ਦਿਨਾਂ ਦੇ ਵਕਫੇ ਤੇ ਪਾਣੀ ਲਾਉਣਾ ਚਾਹੀਦਾ ਹੈ। ਇਸ ਗੱਲ ਦਾ ਧਿਆਨ ਰੱੱਖਿਆ ਜਾਵੇ ਕਿ ਖੇਤ ਵਿੱਚ ਤਰੇੜਾਂ ਨਾ ਪੈਣ ਅਤੇ ਫਸਲ ਪੱਕਣ ਤੋਂ 15 ਦਿਨ ਪਹਿਲਾਂ ਪਾਣੀ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।
ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਰਵਾਇਤੀ ਵਿਧੀ ਤੋਂ ਇਲਾਵਾ ਪਾਣੀ ਦੀ ਬੱਚਤ ਕਰਨ ਲਈ ਭਾਰੀਆਂ ਜ਼ਮੀਨਾਂ ਵਿੱਚ ਝੋਨੇ ਦੀ ਲੁਆਈ ਬੈਡਾਂ ਉੱਤੇ ਵੀ ਕੀਤੀ ਜਾ ਸਕਦੀ ਹੈ। ਖੇਤ ਨੂੰ ਬਿਨਾਂ ਕੱਦੂ ਕੀਤੇ ਕਣਕ ਲਈ ਵਰਤੇ ਜਾਂਦੇ ਬੈਡਪਲਾਂਟਰ ਨਾਲ ਬੈਡ ਤਿਆਰ ਕਰਕੇ ਬੈਡਾਂ ਦੀਆਂ ਖਾਲ਼ੀਆਂ ਨੂੰ ਪਾਣੀ ਨਾਲ ਭਰਕੇ ਤੁਰੰਤ ਬਾਅਦ ਬੈਡਾਂ ਦੀਆਂ ਢਲਾਨਾਂ ਦੇ ਅੱਧ ਵਿਚਕਾਰ 9 ਸੈਂਟੀਮੀਟਰ ਦੇ ਫ਼ਾਸਲੇ ਤੇ ਝੋਨੇ ਦੇ ਬੂਟੇ ਲਾਓ ਤਾਂ ਜੋ ਬੂਟਿਆਂ ਦੀ ਗਿਣਤੀ 33 ਬੂਟੇ ਪ੍ਰਤੀ ਵਰਗਮੀਟਰ ਰਹੇ। ਲੁਆਈ ਤੋਂ ਪਹਿਲੇ ਪੰਦਰਾਂ ਦਿਨਾਂ ਦੌਰਾਨ 24 ਘੰਟੇ ਵਿਚ ਇਕ ਵਾਰ ਪਾਣੀ ਬੈਡਾਂ ਉੱਤੋਂ ਦੀ ਲੰਘਾ ਦਿਓ। ਇਸ ਤੋਂ ਬਾਅਦ ਪਾਣੀ ਕੇਵਲ ਖਾਲ਼ੀਆਂ ਵਿਚ ਹੀ ਪਹਿਲੇ ਪਾਣੀ ਦੇ ਜੀਰਨ ਤੋਂ 2 ਦਿਨ ਬਾਅਦ ਲਾਓ। ਇਸ ਵਿਧੀ ਨਾਲ ਵੀ ਤਕਰੀਬਨ 25 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝਾੜ ਤੇ ਵੀ ਕੋਈ ਮਾੜਾ ਅਸਰ ਨਹੀਂ ਪੈਂਦਾ।
ਖੇਤੀਬਾੜੀ ਅਫਸਰ ਡਾ: ਰਣਜੋਤ ਸਿੰਘ ਸੰਧੂ ਵੱਲੋਂ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਫਸਲ ਦੀ ਸਿੰਚਾਈ ਕਰਨ ਲਈ ਤੁਪਕਾ ਸਿੰਚਾਈ ਤਕਨੀਕ ਦੀ ਵਰਤੋਂ ਕਰਨ ਦੀ ਸਲਾਹ ੱਿਦੱਤੀ ਗਈ।ਖੇਤੀਬਾੜੀ ਵਿਕਾਸ ਅਫਸਰ ਡਾ: ਪਰਜੀਤ ਸਿੰਘ ਔਲਖ ਨੇ ਕਿਹਾ ਕਿ ਜੇਕਰ ਖੇਤੀ ਅਤੇ ਘਰੇਲੂ ਜਰੂਰਤਾਂ ਲਈ ਪਾਣੀ ਦੀ ਬੇਲੋੜੀ ਵਰਤੋਂ ਨੂੰ ਨਾ ਰੋਕਿਆ ਗਿਆ ਤਾਂ ਭਵਿੱਖ ਵਿੱਚ ਇਸ ਦੇ ਭਿਆਨਕ ਨਤੀਜੇ ਸਾਹਮਣੇ ਆਉਣਗੇ। ਸ਼ਹਿਰੀ ਖੇਤਰ ਵਿੱਚ ਵੀ ਪਾਣੀ ਦੀ ਬੱਚਤ `ਤੇ ਧਿਆਨ ਦੇਣ ਦੀ ਲੋੜ ਹੈ, ਘਰਾਂ ਅਤੇ ਪਾਰਕਾਂ ਵਿੱਚ ਘਾਹ ਦੇ ਲਾਅਨ ਅਤੇ ਪੌਦਿਆਂ ਨੂੰ ਸ਼ਾਮ ਦੇ ਸਮੇਂ ਹੀ ਪਾਣੀ ਦੇਣਾ ਚਾਹੀਦਾ ਹੈ ਅਤੇ ਪਾਣੀ ਦੇ ਆਰ.ਓ ਫਿਲਟਰ ਆਦਿ ਤੋਂ ਨਿਕਲੇ ਵੇਸਟ ਪਾਣੀ ਨੂੰ ਵੀ ਪੌਦਿਆਂ ਦੀ ਸਿੰਚਾਈ ਲਈ ਵਰਤਿਆ ਜਾ ਸਕਦਾ ਹੈ। ਮੁੱਖ ਖੇਤੀਬਾੜੀ ਅਫਸਰ ਵਲੋਂ ਸਮੂਹ ਜਿਲ੍ਹਾ ਵਸਨੀਕਾਂ ਨੂੰ ਦੱਸਿਆ ਕਿ ਪਾਣੀ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਸਮੂਹਿਕ ਤੌਰ ਤੇ ਉਪਰਾਲੇ ਕੀਤੇ ਜਾਣ ਅਤੇ ਇਸ ਬਰਸਾਤੀ ਸੀਜਨ ਦੌਰਾਨ ਸੜਕਾਂ, ਖੇਤਾਂ, ਟਿਊਬਵੈਲਾਂ, ਪਹਿਆਂ ਆਦਿ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਇਸ ਮੌਕੇ ਡਾ: ਮਸਤਿੰਦਰ ਸਿੰਘ ਖੇਤੀਬਾੜੀ ਅਫਸਰ, ਡਾ: ਸੁਖਮਿੰਦਰ ਸਿੰਘ ਉਪਲ, ਡਾ: ਬਲਵਿੰਦਰ ਸਿੰਘ ਛੀਨਾ, ਡਾ: ਸੁਖਚੈਨ ਸਿੰਘ ਗੰਡੀਵਿੰਡ (ਸਾਰੇ ਏ.ਡੀ.ਓ) ਵੀ ਮੌਜੂਦ ਸਨ।
 

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …

Leave a Reply