ਸੰਯੁਕਤ ਸਕੱਤਰ ਸੜਕਾਂ, ਹਾਈਵੇ ਨੂੰ ਲਗਾਇਆ ਅੰਮ੍ਰਿਤਸਰ ਜਿਲੇ੍ ਦਾ ਇੰਚਾਰਜ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਪਰ ਚੁੱਕਣ ਲਈ ਜਲ ਸ਼ਕਤੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਹੀ ਅਭਿਆਨ ਤਹਿਤ ਕੇਂਦਰ ਸਰਕਾਰ ਵੱਲੋਂ ਪ੍ਰਿਆਂਕ ਭਾਰਤੀ ਸੰਯੁਕਤ ਸਕੱਤਰ ਸੜਕਾਂ ਅਤੇ ਹਾਈਵੇ ਨੂੰ ਅੰਮ੍ਰਿਤਸਰ ਜਿਲੇ੍ਹ ਦਾ ਇੰਚਾਰਜ ਲਗਾਇਆ ਗਿਆ ਹੈ।ਪ੍ਰਿਆਂਕ ਭਾਰਤੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਭਾਰਤ ਸਰਕਾਰ ਦੇ ਅਧਿਕਾਰੀ ਸਿਮਰਜੀਤ ਕੌਰ, ਡਾ: ਸੰਧਿਆ ਭੁੱਲਰ ਡਾਇਰੈਕਟਰ ਸਿਹਤ ਭਾਰਤ ਸਰਕਾਰ, ਡਾ: ਆਰ: ਚਿਤਰਾ ਵਿਗਿਆਨੀ, ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ ਨਿਗਮ, ਸ੍ਰੀਮਤੀ ਅਨਮਜੋਤ ਕੌਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿਆਂਕ ਭਾਰਤੀ ਨੇ ਕਿਹਾ ਕਿ ਕੇਂਦਰ ਸਰਕਾਰ ਬਹੁਤ ਚਿੰਤਤ ਹੈ ਕਿ ਲਗਾਤਾਰ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਲ ਸ਼ਕਤੀ ਅਭਿਆਨ ਚਲਾਇਆ ਗਿਆ ਹੈ ਜਿਸ ਦਾ ਮੁੱਖ ਮਕਸਦ ਰਾਜ ਸਰਕਾਰਾਂ ਵੱਲੋਂ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਦੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਣੀ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕਣ ਲਈ ਹਰ ਤਰ੍ਹਾਂ ਦੇ ਸਹਿਯੋਗ ਜਿਵੇਂ ਕਿ ਵਿਗਿਆਨ, ਤਕਨੀਕੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਉਨਾਂ ਦੀ ਟੀਮ ਵੱਲੋਂ ਪਿੰਡਾਂ ਦਾ ਦੌਰਾ ਵੀ ਕੀਤਾ ਜਾਵੇਗਾ ਅਤੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇਖੀਆਂ ਜਾਣਗੀਆਂ ਅਤੇ ਆਪਣਾ ਸਹਿਯੋਗ ਵੀ ਦਿੱਤਾ ਜਾਵੇਗਾ।ਭਾਰਤੀ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਇਹ ਸੋਚ ਲੋਕਾਂ ਦੇ ਮਨਾਂ ਵਿੱਚ ਲਿਆਉਣੀ ਜਰੂਰੀ ਹੈ ਕਿ ਪਾਣੀ ਨੂੰ ਕਿਸ ਤਰ੍ਹਾਂ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਕਦਮ ਚੁੱਕਣੇ ਪੈਣਗੇ ਤਾਂ ਹੀ ਅਸੀਂ ਪਾਣੀ ਨੂੰ ਬਚਾ ਸਕਦੇ ਹਾਂ ਅਤੇ ਭਵਿੱਖ ਦੀ ਪੀੜ੍ਹੀ ਨੂੰ ਸੁਰੱਖਿਅਤ ਰੱਖ ਸਕਦੇ ਹਾਂ।ਆਈ ਟੀਮ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਪਾਣੀ ਸਾਂਭ ਸੰਭਾਲ, ਮੀਂਹ ਦੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਕੇਵਲ ਵਾਤਾਵਰਣ ਹੀ ਹਰਿਆਵਲ ਨਹੀਂ ਹੋਵੇਗਾ ਸਗੋਂ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਲਈ ਛੱਪੜਾਂ ਦੀ ਸਫਾਈ ਵੀ ਜੰਗੀ ਪੱਧਰ ਤੇ ਕਰਵਾਈ ਜਾ ਰਹੀ ਹੈ ਤਾਂ ਜੋ ਬਰਸਾਤੀ ਪਾਣੀ ਨੂੰ ਸਾਂਭਿਆ ਜਾ ਸਕੇ ਅਤੇ ਇਸ ਦਾ ਇਸਤੇਮਾਲ ਖੇਤੀਬਾੜੀ ਲਈ ਕੀਤਾ ਜਾ ਸਕੇ।
ਮੀਟਿੰਗ ਦੋਰਾਨ ਪ੍ਰਿਆਂਕ ਭਾਰਤੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਬੰਧਤ ਵਿਭਾਗਾਂ ਨਾਲ ਪਾਣੀ ਦੀ ਸਾਂਭ ਸੰਭਾਲ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਜੰਗਲਾਤ, ਖੇਤੀਬਾੜੀ, ਬਾਗਬਾਨੀ, ਜਲ ਸਪਲਾਈ, ਮੱਛੀ ਪਾਲਣ, ਡਰੇਨਜ ਆਦਿ ਵਿਭਾਗਾਂ ਵੱਲੋਂ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਰੋਕਣ ਸਬੰਧੀ ਆਪਣੇ ਆਪਣੇ ਵਿਭਾਗਾਂ ਦੀ ਕਾਰਗੁਜ਼ਾਰੀ ਵੀ ਸਾਂਝੀ ਕੀਤੀ ਗਈ।
Punjab Post Daily Online Newspaper & Print Media