Wednesday, July 8, 2026

ਕੈਪਟਨ ਨੇ 10 ਕਰੋੜ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸੌਂਪੀਆਂ ਸ਼ਕਤੀਆਂ

ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ PUNJ1207201901ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ `ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਉਨਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ ਚੁੱਕੇ ਹਨ।
       ਵੱਖਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪਰੇਖਾ ਤਿਆਰ ਕੀਤੀ।ਜੇਲਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਦੇ ਸਬੰਧ ਵਿੱਚ ਤਸੱਲੀ ਦਾ ਪ੍ਰਗਟਾਵਾ ਕੀਤਾ ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ ਦੇ ਪ੍ਰੋਜੈਕਟ ਪਹਿਲਾਂ ਹੀ ਜ਼ਮੀਨੀ ਪੱਧਰ `ਤੇ ਆ ਗਏ ਹਨ।
       ਸੂਬੇ ਵਿਚ ਪਾਣੀ ਦੀ ਨਾਜ਼ੁਕ ਸਥਿਤੀ `ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਇਸ ਸਬੰਧ ਵਿਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲੇ ਵਿੱਚ ਜਲ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਯੋਜਨਾ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ। ਉਨਾਂ ਨੇ ਇਨਾਂ ਕਾਰਜਾਂ ਨੂੰ ਬਿਨਾ ਅੜਚਨ ਚਲਾਉਣ ਨੂੰ ਯਕੀਨੀ ਬਣਾਉਣ ਲਈ ਅੰਤਰ-ਵਿਭਾਗੀ ਤਾਲਮੇਲ ਕਰਨ ਵਾਸਤੇ ਆਖਿਆ। ਮੁੱਖ ਮੰਤਰੀ ਨੇ ਮੀਂਹ ਦੇ ਪਾਣੀ ਦੀ ਸਟੋਰੇਜ਼ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ `ਤੇ ਨਿਯਮਿਤ ਨਿਗਰਾਨੀ ਰੱਖਣ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਉਨਾਂ ਨੇ ਪਾਣੀ ਦੀ ਘੱਟ ਵਰਤੋਂ ਵਾਲੀਆਂ ਫ਼ਸਲਾਂ ਅਤੇ ਫ਼ਸਲੀ ਤਕਨੀਕਾਂ ਨੂੰ ਬੜਾਵਾ ਦੇਣ ਵਾਸਤੇ ਕਦਮ ਚੁੱਕਣ ਲਈ ਵੀ ਕਿਹਾ।
ਸਰਕਾਰ ਵਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਘਰ ਪੱਧਰ `ਤੇ ਕੂੜਾ-ਕਰਕਟ ਅੱਡ ਕਰਨ ਦੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਜੋ ਸੁੱਕੇ ਅਤੇ ਗਿੱਲੇ ਕੂੜੇ ਨੂੰ ਇਕੱਠਾ ਕਰ ਕੇ ਇਸ ਦਾ ਵੱਖਰੇ-ਵੱਖਰੇ ਤੌਰ `ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
     550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੁਆਇਨਾ ਕਰਨ ਲਈ ਆਖਿਆ ਤਾਂ ਜੋ ਇਨਾਂ ਕਾਰਜਾਂ ਦੇ ਉੱਚ ਮਿਆਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਨੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਪਿੰਡਾਂ ਦੇ ਸੁਧਾਰ ਅਤੇ ਸਾਫ਼ ਸਫ਼ਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪੌਦਿਆਂ ਨੂੰ ਲਾਉਣ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ `ਤੇ ਵੀ ਜ਼ੋਰ ਦਿੱਤਾ। ਉਨਾਂ ਨੇ ਅਗਲੇ 30 ਦਿਨਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਏ ਜਾਣ `ਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ। ਉਨਾਂ ਨੇ ਖੁੱਲੇ ਇਲਾਕਿਆਂ ਅਤੇ ਸੜਕਾਂ ਦੇ ਨਾਲ-ਨਾਲ ਪੌਦੇ ਲਾਉਣ `ਤੇ ਜ਼ੋਰ ਦਿੱਤਾ। ਉਨਾਂ ਨੇ ਹਰ ਘਰ ਵਿੱਚ ਫਲਦਾਰ ਬੂਟੇ ਲਾਉਣ ਲਈ ਵੀ ਕਿਹਾ।
ਸਿੱਖਿਆ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਤੀਜਿਆਂ `ਚ ਸੁਧਾਰ ਹੋਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਪੱਧਰ ਨੂੰ ਉੱਚਾ ਚੁੱਕਣ `ਤੇ ਸਿੱਖਿਆ ਸਕੱਤਰ ਨੂੰ ਵਧਾਈ ਦਿੱਤੀ। ਉਨਾਂ ਨੇ ਸਿੱਖਿਆ ਪ੍ਰਣਾਲੀ ਨੂੰ ਅੱਗੇ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਠੋਸ ਕੋਸ਼ਿਸ਼ਾਂ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ।
 ਇਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਏ.ਸੀ.ਐਸ ਜੰਗਲਾਤ ਅਤੇ ਜੰਗਲੀ ਜੀਵ ਰੋਸ਼ਨ ਸੁੰਕਾਰੀਆ, ਏ.ਸੀ.ਐਸ ਸਿਹਤ ਸਤੀਸ਼ ਚੰਦਰਾ, ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ ਸਿੱਧੂ, ਵਿੱਤ ਕਮਿਸ਼ਨਰ ਕਰ ਐਮ.ਪੀ ਸਿੰਘ, ਵਿੱਤ ਕਮਿਸ਼ਨਰ ਵਿਕਾਸ ਵਿਸ਼ਵਾਜੀਤ ਖੰਨਾ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ.ਵੇਨੂੰ ਪ੍ਰਸਾਦ, ਡੀ.ਜੀ.ਪੀ ਦਿਨਕਰ ਗੁਪਤਾ, ਸਕੱਤਰ ਰੁਜ਼ਗਾਰ ਉਤਪਤੀ ਰਾਹੁਲ ਤਿਵਾੜੀ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਏ.ਡੀ.ਜੀ.ਪੀ/ਐਸ.ਟੀ.ਐਫ ਗੁਰਪ੍ਰੀਤ ਦਿਓ ਸ਼ਾਮਲ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply