Tuesday, June 17, 2025
Breaking News

ਕਿਸਾਨ ਫਸਲੀ ਚੱਕਰ ਵਿੱਚੋਂ ਨਿਕਲ ਕੇ ਫਸਲੀ ਵਿਭਿੰਨਤਾ ਦੇ ਰਾਹ ਤੁਰਨ : ਡਿਪਟੀ ਕਮਿਸ਼ਨਰ

ਖੇਤੀਬਾੜੀ ਵਿਭਾਗ ਨੇ ਬਠਿੰਡਾ ਵਿਖੇ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਮਾਹਿਰਾਂ ਦੀ ਰਾਏ ਅਨੁਸਾਰ ਹੀ ਚੰਗੇ ਬੀਜਾਂ, ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਕੀਤੀ ਜਾਵੇ : ਡਾ. ਸੰਧੂ

PPN19091416ਬਠਿੰਡਾ, 19 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ)- ਬਠਿੰਡਾ ਦੀ ਦਾਣਾ ਮੰਡੀ ਵਿਖੇ ਅੱਜ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਫਸਲੀ-ਵਿਭਿੰਨਤਾ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਆਤਮਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਫਸਲੀ ਚੱਕਰ ਵਿਚੋਂ ਨਿਕਲ ਕੇ ਫਸਲੀ ਵਿਭਿੰਨਤਾ ਦੇ ਰਾਹ ਤੁਰਨ। ਉਨ੍ਹਾਂ ਵਧੇਰੇ ਮੁਨਾਫਾ ਕਮਾਉਣ ਲਈ ਸਹਾਇਕ ਧੰਦੇ ਅਪਨਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀਆਂ ਸਮੇਤ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸਦਾ ਕਿਸਾਨਾਂ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਹਾਇਕ ਧੰਦੇ ਅਪਨਾਉਣ ਲਈ ਵੀ ਸਕੀਮਾਂ ਅਮਲ ਵਿਚ ਲਿਆਂਦੀਆਂ ਗਈਆਂ ਹਨ, ਇਸ ਲਈ ਸਹਾਇਕ ਧੰਦੇ ਅਪਣਾਕੇ ਵੱਧ ਤੋਂ ਵੱਧ ਆਮਦਨ ਹਾਸਲ ਕੀਤੀ ਜਾਵੇ। ਉਨ੍ਹਾਂ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਗਈਆਂ ਨੁਮਾਇੰਸ਼ਾਂ ਨੂੰ ਵੀ ਬੜੀ ਗਹੁ ਨਾਲ ਦੇਖਿਆ। ਡਿਪਟੀ ਕਮਿਸ਼ਨਰ ਜੋ ਗਵਰਨਿੰਗ ਬੋਰਡ ਆਤਮਾ ਦੇ ਚੇਅਰਮੈਨ ਵੀ ਹਨ, ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਸਾਧਿਆ ਜਾਵੇ। ਡਾ. ਗਰਗ ਨੇ ਕਿਸਾਨਾਂ ਨੂੰ ਕੀਟ-ਨਾਸ਼ਕਾਂ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਝੋਨਾ ਅਤੇ ਕਣਕ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਅਣ-ਅਧਿਕਾਰਤ ਤੌਰ ‘ਤੇ ਬੀਜ ਨਾ ਖਰੀਦਿਆ ਜਾਵੇ, ਬਲਕਿ ਮਨਜ਼ੂਰਸ਼ੁਦਾ ਅਦਾਰਿਆਂ ਵਲੋਂ ਹੀ ਬਿੱਲ ਲੈਣ ਉਪਰੰਤ ਪ੍ਰਮਾਣਿਤ ਬੀਜ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਣਕ ਦਾ ਤਸਦੀਕਸ਼ੁਦਾ ਬੀਜ ਬਲਾਕ ਪੱਧਰ ‘ਤੇ ਮੁਹੱਈਆ ਕਰਵਾਇਆ ਜਾਵੇਗਾ। ਸੂਬੇ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਮੰਗਲ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਆਪਣੀਆਂ ਫਸਲਾਂ ਦੇ ਵੱਧ ਉਤਪਾਦਨ ਲਈ ਖੇਤੀਬਾੜੀ ਮਾਹਿਰਾਂ ਦੀ ਸਲਾਹ ‘ਤੇ ਜ਼ਰੂਰ ਅਮਲ ਕਰਨ। ਉਨ੍ਹਾਂ ਕਿਹਾ ਕਿ ਮਾਹਿਰਾਂ ਦੀ ਰਾਏ ਅਨੁਸਾਰ ਹੀ ਚੰਗੇ ਬੀਜਾਂ, ਖਾਦਾਂ ਅਤੇ ਜ਼ਹਿਰਾਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਖੇਤੀ ਲਾਹੇਵੰਦ ਧੰਦਾ ਸਿੱਧ ਹੋ ਸਕੇ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਨਾਲ ਖੇਤੀ ਕਰਨੀ ਚਾਹੀਦੀ ਹੈ, ਤਾਂ ਜੋ ਘੱਟ ਲਾਗਤ ਨਾਲ ਵੱਧ ਤੋਂ ਵੱਧ ਮੁਨਾਫਾ ਲਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਤੇ ਫਸਲਾਂ ਦੀ ਮਾਰਕੀਟ ਦੀਆਂ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਹਾੜ੍ਹੀ ਦੀਆਂ ਫਸਲਾਂ ਖਾਸ ਕਰਕੇ ਕਣਕ ਦੇ ਪ੍ਰਮਾਣਿਤ ਬੀਜਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਪਲਾਈ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਪਨਸੀਡ, ਪੀ.ਏ.ਯੂ, ਐਨ.ਐਸ.ਸੀ. ਅਤੇ ਪ੍ਰਾਈਵੇਟ ਅਦਾਰਿਆਂ ਦੇ ਸਹਿਯੋਗ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਣਕ ਦੇ ਬੀਜ ‘ਤੇ 1000/-ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਜਾਵੇਗੀ ਅਤੇ ਕਿਸਾਨ ਵੱਧ ਤੋਂ ਵੱਧ 2 ਹੈਕਟੇਅਰ ਲਈ ਕਣਕ ਦਾ ਬੀਜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦਾਂ ਦੀ ਵਰਤੋਂ ਮਿੱਟੀ ਅਤੇ ਪਾਣੀ ਨੂੰ ਟੈਸਟ ਕਰਵਾਉਣ ਉਪਰੰਤ ਹੀ ਕੀਤੀ ਜਾਵੇ, ਤਾਂ ਜੋ ਖਾਦਾਂ ‘ਤੇ ਘੱਟ ਖਰਚ ਹੋਵੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਹਾੜ੍ਹੀ 2014-15 ਦੌਰਾਨ ਕਣਕ ਹੇਠ 2.54 ਲੱਖ ਹੈਕਟੇਅਰ ਅਤੇ ਸਰੋਂ ਹੇਠ 2000 ਹੈਕਟੇਅਰ ਰਕਬੇ ਵਿੱਚ ਬਿਜਾਈ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਵਿਚੋਂ ਕ੍ਰਮਵਾਰ 12.70 ਲੱਖ ਮੀ.ਟਨ ਕਣਕ ਅਤੇ 3000 ਮੀ.ਟਨ ਸਰੋਂ ਪੈਦਾ ਹੋਣ ਦੇ ਅਨੁਮਾਨ ਹਨ। ਮੇਲੇ ਦੌਰਾਨ ਸੀਨੀਅਰ ਪ੍ਰਸਾਰ ਮਾਹਿਰ ਡਾ.ਐਸ.ਪੀ.ਐਸ.ਬਰਾੜ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਆਏ ਹੋਰ ਸਾਇੰਸਦਾਨਾਂ ਨੇ ਵੱਖ-ਵੱਖ ਵਿਸ਼ਿਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਵਲੋਂ ਵੱਖ-ਵੱਖ ਵਿਸ਼ਿਆਂ ‘ਤੇ ਪੁੱਛੇ ਸਵਾਲਾਂ ਦੇ ਜਵਾਬ ਵੀ ਬੜੇ ਤਸੱਲੀਬਖਸ਼ ਅੰਦਾਜ਼ ਵਿਚ ਦਿੱਤੇ। ਇਸ ਮੌਕੇ ਏ.ਪੀ.ਪੀ.ਓ. ਡਾ. ਹਰਬੰਸ ਸਿੰਘ ਅਤੇ ਸਹਾਇਕ ਮਾਰਕੀਟਿੰਗ ਅਫ਼ਸਰ ਡਾ.ਪਰਮੇਸ਼ਵਰ ਸਿੰਘ ਨੇ ਵੀ ਸੰਬੋਧਨ ਕੀਤਾ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply