ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਅਮਲੀ ਰੂਪ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਨਵੰਬਰ 2019 ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਜਾ ਰਹੇ ਅੰਤਰ ਧਰਮ ਸੰਮੇਲਨ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਗਈ।
ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਬਾਬਾ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਬਰਮਿੰਘਮ, ਪਰਮਜੀਤ ਸਿੰਘ ਚੰਡੋਕ, ਭਾਈ ਕਰਨੈਲ ਸਿੰਘ ਗਰੀਬ ਅਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ (ਕੋਆਰਡੀਨੇਟਰ) ਆਦਿ ਮੌਜੂਦ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਵਿਸ਼ਵ ਸ਼ਾਂਤੀ ਲਈ ਮਾਰਗ ਦਰਸ਼ਨ ਹੈ।
ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਦੁਨੀਆਂ ਤੱਕ ਫੈਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਤਰ ਧਰਮ ਸੰਮੇਲਨ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੰਤਰ ਧਰਮ ਸੰਮੇਲਨ ਰਾਹੀਂ ਕਾਦਰ ਤੇ ਕੁਦਰਤ ਦੀ ਪਵਿੱਤਰਤਾ ਦਾ ਅਹਿਸਾਸ ਕਰਦੇ ਹੋਏ ਵਿਸ਼ਵ ਸ਼ਾਂਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਦੁਨੀਆਂ ਵਿਚ ਫੈਲਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖ-ਵੱਖ ਧਰਮਾਂ ਦੇ ਆਗੂਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਅੰਤਰ ਧਰਮ ਸੰਮੇਲਨ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …