Monday, February 2, 2026

ਜਲ ਸਰੋਤ ਮੰਤਰੀ ਸੁਖਬਿੰਦਰ ਸਰਕਾਰੀਆ ਵਲੋਂ ਮੂਨਕ ਤੇ ਖਨੌਰੀ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਫੂਲਦ ਵਿਖੇ ਘੱਗਰ ਦਰਿਆ ਦੇ ਪਾੜ ਨੂੰ ਬੰਦ ਕਰਨ ਦੀ ਪ੍ਰਕਿਰਿਆ `ਚ ਹੋਰ ਤੇਜ਼ੀ ਲਿਆਉਣ ਦੇ ਹੁਕਮ
ਸੰਗਰੂਰ / ਲੌਂਗੋਵਾਲ, 21 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ  PUNJ2107201915ਨੇ ਅੱਜ ਮੂਨਕ ਅਤੇ ਖਨੌਰੀ ਦਾ ਦੌਰਾ ਕਰਕੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲਿਆ। ਪਿੰਡ ਫੂਲਦ ਨੇੜੇ ਘੱਗਰ ਦਰਿਆ ਵਿੱਚ ਪਏ ਪਾੜ ਨੂੰ ਬੰਦ ਕਰਵਾਉਣ ਦੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕਰਦਿਆਂ  ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਘੱਗਰ ਅਤੇ ਡਰੇਨਾਂ ਦੇ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਫਸਲਾਂ ਦੇ ਨੁਕਸਾਨ ਦੇ ਉਚਿਤ ਮੁਆਵਜ਼ੇ ਲਈ ਪਹਿਲਾਂ ਹੀ ਸਰਕਾਰ ਦੀ ਤਰਫੋਂ ਵਿਸ਼ੇਸ਼ ਗਿਰਦਾਵਰੀ ਦਾ ਐਲਾਨ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਵਿੱੱਚ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਅਤੇ ਜਲਦੀ ਹੀ ਪਾੜ ਨੂੰ ਬੰਦ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।
    ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇੜ ਭਵਿੱਖ ਵਿੱਚ ਇਹ ਮਸਲਾ ਹੱੱਲ ਕਰਨ ਲਈ ਵਚਨਬੱਧ ਹੈ ਅਤੇ ਇਹ ਮੁੱਦਾ ਰਾਜ ਸਰਕਾਰ ਦੀ ਤਰਫੋਂ ਕੇਂਦਰ ਸਰਕਾਰ ਕੋਲ ਵੀ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਭ ਤੋਂ ਵੱਧ ਡਰੇਨਾਂ ਦੀ ਸਫਾਈ ਕਰਵਾਈ ਹੈ ਅਤੇ ਜਨਵਰੀ ਮਹੀਨੇ ਵਿੱਚ ਹੀ ਹੜ੍ਹ ਰੋਕੂ ਪ੍ਰਬੰਧਾਂ ਦੀ ਮੀਟਿੰਗ ਕਰਕੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਅਗੇਤੇ ਤੌਰ ਉਤੇ ਕਰਨ ਦੇ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਪੱਧਰ ਉਤੇ ਵਰਤੀ ਗਈ ਚੌਕਸੀ ਦੇ ਚਲਦਿਆਂ ਜ਼ਿਲ੍ਹਿਆਂ ਵਿੱਚ ਜਿਥੇ ਡਰੇਨਾਂ ਦੀ ਸਫਾਈ ਕਰਵਾਈ ਗਈ ਹੈ ਉਥੇ ਹੀ ਦਰਿਆਵਾਂ ਦੀਆਂ ਸੰਵੇਦਨਸ਼ੀਲ ਥਾਵਾਂ ਤੇ `ਵੀ ਤਿੱਖੀ ਚੌਕਸੀ ਰੱਖੀ ਜਾ ਰਹੀ ਸੀ ਅਤੇ ਮੂਨਕ ਦੇ ਪਿੰਡ ਫੂਲਦ ਵਿਖੇ ਦਰਿਆ ਵਿੱਚ ਪਏ ਪਾੜ ਦਾ ਪਤਾ ਲੱਗਣ ਉਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋੋਂ ਤੁਰੰਤ ਕਾਰਵਾਈ ਆਰੰਭ ਦਿੱਤੀ ਗਈ ਸੀ। ਜਲ ਸਰੋਤ ਮੰਤਰੀ ਨੇ ਕਿਹਾ ਕਿ ਇਹ ਸਥਿਤੀ ਵੀ ਤਾਂ ਬਣੀ ਹੈ, ਕਿਉਂਕਿ ਅਣਕਿਆਸਾ ਮੀਂਹ ਅਨੁਮਾਨ ਤੋਂ ਵੱਧ ਪੈ ਗਿਆ ਪਰ ਜਲਦੀ ਹੀ ਪਾੜ ਨੂੰ ਬੰਦ ਕਰ ਲਿਆ ਜਾਵੇਗਾ। ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨੇਜ਼ ਵਿਭਾਗ ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਘੱਗਰ ਦਰਿਆ ਵਿੱਚ ਪਾੜ ਨੂੰ ਭਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਢੁਕਵੀਂ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।
    ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪਾੜ ਨੂੰ ਪੂਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਫੌਜ ਦੇ ਜਵਾਨਾਂ ਦੇ ਨਾਲ ਨਾਲ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਸਿਵਲ ਤੇ ਪੁਲਿਸ ਸਮੇਤ ਸਮਾਜ ਸੇਵੀਆਂ ਵੱਲੋਂ ਵਿਆਪਕ ਪੱਧਰ ਉਪਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨਾਲ ਪਾਣੀਆਂ ਦਾ ਮੁੱਦਾ ਪਿਛਲੇ ਲੰਬੇ ਸਮੇ ਤੋਂ ਚੱਲ ਰਿਹਾ ਹੈ ਅਤੇ ਪਿਛਲੇ ਦਿਨੀਂ ਪਏ ਮੀਂਹ ਉਪਰੰਤ ਮਾਰਕੰਡਾ ਤੇ ਟਾਂਗਰੀ ਨਦੀ ਤੋਂ ਕਈ ਗੁਣਾਂ ਵੱਧ ਪਾਣੀ ਆਉਣ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 10 ਸਾਲ ਅਕਾਲੀ ਭਾਜਪਾ ਸਰਕਾਰ ਰਹੀ ਹੈ ਅਤੇ ਅਕਾਲੀ ਭਾਜਪਾ ਸਰਕਾਰ ਨੇ ਨਹਿਰਾਂ ਦਰਿਆਵਾਂ ਦੀ ਸਾਫ ਸਫਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਦਕਿ ਕਾਂਗਰਸ ਸਰਕਾਰ ਨੇ ਮੌਜੂਦਾ ਵਰ੍ਹੇ ਦੀ ਸ਼ੁਰੂਆਤ ਵਿੱਚ ਹੀ ਜਿਥੇ ਸਮੇਂ ਸਿਰ ਡਰੇਨਾਂ ਦੀ ਸਾਫ਼ ਸਫਾਈ ਦੇ ਕਾਰਜ ਆਰੰਭੇ ਉਥੇ ਭਵਿੱਖ ਵਿੱਚ ਇਸ ਗੱਲ ਨੂੰ ਨਿਸ਼ਚਿਤ ਕੀਤਾ ਜਾਵੇਗਾ ਕਿ ਪਾਣੀ ਨਾਲ ਹੋਣ ਵਾਲੇ ਨੁਕਸਾਨ ਨੂੰ ਹਰ ਸੰਭਵ ਯਤਨ ਨਾਲ ਰੋਕਿਆ ਜਾ ਸਕੇ।
    ਇਸ ਉਪਰੰਤ ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਸਮੇਤ ਖਨੌਰੀ ਦੇ ਆਰ.ਡੀ 460 ਉਪਰ ਸਥਿਤ ਫਲੱਡ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਦਰਿਆ ਵਿੱਚ ਜਿਥੇ ਕਿਤੇ ਬੂਟੀ ਵਲੋਂ ਪਾਣੀ ਨੂੰ ਡਾਫ਼ ਲਗਾਈ ਜਾ ਰਹੀ ਹੈ ਉਥੋਂ ਪੋਪ ਲਾਈਨ ਮਸ਼ੀਨਾਂ ਰਾਹੀਂ ਬੂਟੀ ਨੂੰ ਹਟਾਇਆ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਚੀਫ਼ ਇੰਜੀਨੀਅਰ ਡਰੇਨੇਜ਼ ਸੰਜੀਵ ਕੁਮਾਰ ਗੁਪਤਾ, ਚੀਫ ਇੰਜੀਨੀਅਰ ਨਹਿਰਾਂ ਜਗਮੋਹਨ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਸੂਬਾ ਸਿੰਘ, ਸਨਮੀਕ ਹੈਨਰੀ, ਰਵਿੰਦਰ ਸਿੰਘ ਟੁਰਨਾ, ਪ੍ਰਧਾਨ ਨਗਰ ਪੰਚਾਇਤ ਗਿਰਧਾਰੀ ਲਾਲ ਗਰਗ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply