ਚੰਡੀਗੜ੍ਹ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ
ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ।
ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ ਵਿੱਚ ਪਾੜ ਪੈਣ ਕਰ ਕੇ ਇਨ੍ਹਾਂ ਦੋ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋਈ ਹੈ।
ਮੁੱਖ ਮੰਤਰੀ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਦੇ ਪਿੰਡਾਂ ਅਤੇ ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਤਹਿਸੀਲ ਦੇ ਬਾਦਸ਼ਾਹਪੁਰ ਵਿਖੇ ਖੜ੍ਹੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ।
ਇਕ ਸਰਕਾਰੀ ਬੁਲਾਰੇ ਅਨੁਸਾਰ ਸਭ ਤੋਂ ਪਹਿਲਾਂ ਮੁੱਖ ਮੰਤਰੀ ਮੂਣਕ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਉਹ ਸੰਗਰੂਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਮੂਣਕ ਦੀ ਦਾਣਾ ਮੰਡੀ ਵਿਖੇ ਆਮ ਲੋਕਾਂ ਨੂੰ ਮਿਲ ਕੇ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣਗੇ।
ਉਨ੍ਹਾਂ ਦੇ ਨਾਲ ਮਾਲ ਅਤੇ ਮੁੜ ਵਸੇਬਾ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਵੀ ਜਾਵੇਗੀ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ ਨੂੰ ਸੰਗਰੂਰ ਜ਼ਿਲ੍ਹੇ ਦੀ ਮੂਣਕ ਤਹਿਸੀਲ ਦੇ ਪਿੰਡ ਫੁਲਾਡ ਵਿਖੇ ਪਾੜ ਵਾਲੀ ਥਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨੁਕਸਾਨ ਦਾ ਅਨੁਮਾਨ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਚੱਲ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ।
ਬਾਅਦ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾੜ ਦੇ ਕਾਰਨ ਤਿੰਨ ਪਿੰਡ ਭੂੰਦੜਭੈਣੀ, ਸੁਰਜਨਭੈਣੀ ਅਤੇ ਸਲੇਮਗੜ੍ਹ ਪ੍ਰਭਾਵਿਤ ਹੋਏ ਹਨ ਅਤੇ ਖੇਤੀਬਾੜੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਸੁਰਜਨਭੈਣੀ ਪਿੰਡ ਪਾਣੀ ਨਾਲ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਜ਼ਿਲ੍ਹਾ ਅਥਾਰਟੀ ਨੇ ਪਾੜ ਭਰਨ ਅਤੇ ਰਾਹਤ ਕਾਰਜਾਂ ਲਈ ਢੁੱਕਵੀਂ ਤਿਆਰੀ ਕੀਤੀ ਹੈ।
ਐਫ.ਸੀ.ਆਰ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਵੀ ਪਾੜ ਵਾਲੀ ਥਾਂ `ਤੇ ਜ਼ਿਲ੍ਹਾ ਪ੍ਰਸ਼ਾਸਨ/ਪੁਲਿਸ, ਫੌਜ ਦੇ ਅਧਿਕਾਰੀਆਂ ਦੇ ਨਾਲ-ਨਾਲ ਪਿੰਡਾਂ ਦੇ ਵਸ਼ਿੰਦਿਆਂ ਅਤੇ ਕਾਰਜਾਂ ਵਿੱਚ ਸਵੈ-ਇੱਛਾ ਦੇ ਨਾਲ ਜੁਟੇ ਲੋਕਾਂ ਨੂੰ ਮਿਲੇ ਹਨ ਅਤੇ ਉਨ੍ਹਾਂ ਨਾਲ ਲੰਮਾ ਵਿਚਾਰ ਵਟਾਂਦਰਾ ਕੀਤਾ ਹੈ।ਉਨ੍ਹਾਂ ਨੇ ਸਥਾਨਕ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ਹੈ।ਦੋਵਾਂ ਥਾਵਾਂ `ਤੇ ਸਥਾਨਕ ਲੋਕਾਂ ਨੇ ਬਿਨਾਂ ਕਿਸੇ ਮੁਆਵਜ਼ੇ ਤੋਂ ਕੰਢਿਆਂ ਦੇ ਕੋਲ 20 ਫੁੱਟ ਜ਼ਮੀਨ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ।
ਵਿੱਤ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਾਣੀ ਦਾ ਪੱਧਰ ਘਟਣ ਦੇ ਨਾਲ ਹੀ ਜ਼ਿਲ੍ਹਾ ਅਥਾਰਟੀ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media