Friday, September 20, 2024

ਘੱਗਰ ਵਿੱਚ ਪਏ ਪਾੜ ਨਾਲ ਆਏ ਹੜ੍ਹਾਂ ਦਾ ਕੈਪਟਨ ਅਮਰਿੰਦਰ ਵਲੋਂ ਹਵਾਈ ਸਰਵੇਖਣ

ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ
ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਵਧਣ ਕਾਰਨ ਪਏ ਪਾੜ ਦੇ ਨਤੀਜੇ ਵਜੋਂ PUNJ2307201902ਸੰਗਰੂਰ ਅਤੇ ਪਟਿਆਲਾ ਜਿਲਿਆਂ ਚ` ਆਏ ਹੜ੍ਹਾਂ ਨਾਲ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਸਰਵੇਖਣ ਕੀਤਾ।
ਰਾਜਪੁਰਾ, ਘਨੌਰ ਅਤੇ ਸ਼ਤਰਾਨਾ ਇਲਾਕਿਆਂ ਵਿੱਚ ਹਵਾਈ ਸਰਵੇਖਣ ਕਰਨ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਦੇ ਮੂਨਕ ਵਿਖੇ ਪਹਿਲਾ ਪੜਾਅ ਕਰਨ ਪਿੱਛੋਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਖੇ ਤਕਰੀਬਨ 50 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ ਅਤੇ ਘੱਗਰ ਦਰਿਆ ਵਿੱਚ ਪਾੜ ਪੈਣ ਸੰਗਰੂਰ ਵਿੱਚ 10 ਹਜ਼ਾਰ ਏਕੜ ਫਸਲ ਬਰਬਾਦ ਹੋਈ ਹੈ।
        ਮੂਨਕ ਵਿੱਚ ਆਪਣੇ ਬਚਪਨ ਤੋਂ ਹੀ ਇਹ ਸਮੱਸਿਆ ਦੇਖਦੇ ਆ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਸਬੇ ਨੂੰ ਆਪਣਾ ‘ਨਾਨਕੇ’ ਦੱਸਿਆ ਅਤੇ ਭਵਿੱਖ ਵਿੱਚ ਹੜ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕ੍ਰਿਆ ਚੱਲ ਰਹੀ ਹੈ ਅਤੇ ਪਾਣੀ ਦਾ ਪੱਧਰ ਹੇਠਾਂ ਆਉਣ ’ਤੇ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਪਏ ਘਾਟੇ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਨੂੰ ਵਿਸ਼ੇਸ਼ ਗਿਰਦਾਵਰੀ ਦੀ ਰਿਪੋਰਟ ਹਾਸਲ ਹੋਈ, ਉਹ ਉਸੇ ਦਿਨ ਮੁਆਵਜ਼ਾ ਜਾਰੀ ਕਰ ਦੇਣਗੇ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘੱਗਰ ਦਰਿਆ ਬਠਿੰਡਾ ਵਿੱਚ ਵੀ ਸਮੱਸਿਆਵਾਂ ਪੈਦਾ ਕਰ ਰਿਹਾ ਹੈ ਜਿੱਥੋਂ ਦੀ ਪੁਲੀਸ ਲਾਈਨ ਵੀ ਪਾਣੀ ਦੀ ਮਾਰ ਹੇਠ ਆਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ 40 ਸਾਲਾਂ ਵਿੱਚ ਸਭ ਤੋਂ ਵੱਧ ਮੀਂਹ ਪਿਆ ਹੈ ਜੋ ਪਾਣੀ ਦੇ ਵਹਾਅ ਬਹੁਤ ਉੱਚਾ ਹੋਣ ਦਾ ਕਾਰਨ ਬਣਿਆ।
    ਮੂਨਕ ਵਿੱਚ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ 28 ਘਰਾਂ ਨੂੰ ਪੁੱਜੇ ਨੁਕਸਾਨ ਜਿਨ੍ਹਾਂ ਵਿੱਚ ਤਿੰਨ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਨੂੰ ਫੌਰੀ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਸੜਕਾਂ ਉੱਚੀਆਂ ਕਰਨ ਲਈ ਅੱਜ ਹੀ ਫਾਇਰ ਬ੍ਰਿਗੇਡ ਅਤੇ ਜੇ.ਸੀ.ਬੀ ਮਸ਼ੀਨਾਂ ਭੇਜਣ ਦੇ ਵੀ ਆਦੇਸ਼ ਦਿੱਤੇ ਅਤੇ ਮੰਡੀ ਬੋਰਡ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਨ ਦੀ ਹਦਾਇਤ ਕੀਤੀ।
    ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਕੋਲ ਢੁਕਵੇਂ ਆਫ਼ਤ ਪ੍ਰਬੰਧਨ ਫੰਡ ਹਨ। ਸਥਾਨਕ ਪ੍ਰਸ਼ਾਸਨ, ਫੌਜ, ਕੌਮੀ ਆਫ਼ਤ ਪ੍ਰਬੰਧਨ ਦਸਤੇ ਅਤੇ ਸਥਾਨਕ ਵਾਸੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਹਿਰ ਦਾ ਪਾੜ ਪੂਰਨ ਲਈ ਇਹ ਦਿਨ-ਪੁਰ-ਰਾਤ ਕੰਮ ਕਰ ਰਹੇ ਹਨ।
    ਇਸ ਤੋਂ ਬਾਅਦ ਬਾਦਸ਼ਾਹਪੁਰ ਵਿੱਚ ਫਸਲਾਂ ਨੂੰ ਹੋਏ ਨੁਕਸਾਨ ਦੇ ਡੰੂਘਾ ਦੁੱਖ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਪਿੰਡਾਂ ਵਿੱਚ ਹੋਏ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ ਕਿਉਂਕਿ ਉਹ ਛੋਟੇ ਹੁੰਦੇ ਤੋਂ ਇਨ੍ਹਾਂ ਪਿੰਡਾਂ ਵਿੱਚ ਆਉਂਦੇ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੁਸ਼ਕਿਸਮਤੀ ਨਾਲ ਕਿਸੇ ਮਨੁੱਖੀ ਜੀਵਨ ਜਾਂ ਕਿਸੇ ਪਸ਼ੂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।ਉਨ੍ਹਾਂ ਕਿਹਾ ਕਿ ਕੁੱਝ ਲੋਕ ਜ਼ਖਮੀ ਜ਼ਰੂਰ ਹੋਏ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੇ ਗਏ 33 ਕੱਚੇ ਘਰਾਂ ਦੀ ਉਸਾਰੀ ਕਰਵਾਉਣ ਦਾ ਭਰੋਸਾ ਦਿੱਤਾ।
    ਮੁੱਖ ਮੰਤਰੀ ਨੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰਨ ਬਦਲੇ ਪਟਿਆਲਾ ਅਧਾਰਿਤ ਫਸਟ ਆਰਮਰਡ ਡਿਵੀਜ਼ਨ ਦਾ ਵੀ ਧੰਨਵਾਦ ਕੀਤਾ।
    ਮੁੱਖ ਮੰਤਰੀ ਨੇ ਘਨੌਰ ਦੇ ਪਿੰਡ ਸਿਰਕਪੜਾ ਵਿੱਚ ਨੁਕਸਾਨੇ ਗਏ ਪੁਲ ਦੇ ਮੁੜ ਨਿਰਮਾਣ ਲਈ 60 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਕ ਹੋਰ ਬੇਨਤੀ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਬਾਦਸ਼ਾਹਪੁਰ ਦੀ ਅਨਾਜ ਮੰਡੀ ਨੂੰ ਅਗਲੀ ਫਸਲ ਦੇ ਆਉਣ ਤੋਂ ਪਹਿਲਾਂ ਪੱਕੀ ਕਰਨ ਦਾ ਵੀ ਐਲਾਨ ਕੀਤਾ।
    ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ ’ਤੇ ਇਨ੍ਹਾਂ ਇਲਾਕਿਆਂ ਵਿੱਚ ਸਤੰਬਰ ’ਚ ਹੜ੍ਹ ਆਉਂਦੇ ਹਨ ਪਰ ਮੌਸਮ ’ਚ ਬਦਲਾਅ ਨਾਲ ਕੋਈ ਵੀ ਪੇਸ਼ੀਨਗੋਈ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਨੇ ਸੁਚੇਤ ਕੀਤਾ ਕਿ ਭਾਵੇਂ ਹੁਣ ਪਾਣੀ ਦਾ ਪੱਧਰ ਘਟ ਗਿਆ ਹੈ ਪਰ ਕਿਸੇ ਵੀ ਸੰਭਾਵਨਾ ਲਈ ਤਿਆਰ ਰਹਿਣਾ ਜ਼ਰੂਰੀ ਹੈ।
    ਇਸ ਤੋਂ ਪਹਿਲਾਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਸ਼੍ਰੀਮਤੀ ਰਜਿੰਦਰ ਕੌਰ ਭੱਠਲ ਅਤੇ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਘੱਗਰ ਵਿੱਚ ਪਾੜ ਪੈਣ ਨਾਲ ਮੂਨਕ ਸਬ ਡਵੀਜ਼ਨ ਦੇ ਪਿੰਡਾਂ ਅਤੇ ਸ਼ੁਤਰਾਣਾ ਵਿਧਾਨ ਹਲਕੇ ਦੇ ਪਿੰਡਾਂ ਵਿੱਚ ਫਸਲਾਂ ਅਤੇ ਜਾਇਦਾਦ ਨੂੰ ਪਹੁੰਚੇ ਨੁਕਸਾਨ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ।
    ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply