ਸ਼੍ਰੋਮਣੀ ਕਮੇਟੀ ਨੇ ਆਤਮਘਾਤੀ ਹਮਲੇ ਦੇ ਪੀੜਤਾਂ ਨੂੰ ਦਿੱਤੀ ਮਾਲੀ ਸਹਾਇਤਾ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਜਾ ਰਹੇ ਸਿੱਖਾਂ ਦੇ ਕਾਫ਼ਲੇ ’ਤੇ ਆਤਮਘਾਤੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਦੱਸਣਯੋਗ ਹੈ ਕਿ ਇਸ ਹਮਲੇ ਦੌਰਾਨ ਸਿੱਖ ਆਗੂ ਅਵਤਾਰ ਸਿੰਘ ਖ਼ਾਲਸਾ ਸਮੇਤ ਕਈ ਸਿੱਖ ਮਾਰੇ ਗਏ ਸਨ ਅਤੇ ਕੁੱਝ ਜ਼ਖ਼ਮੀ ਹੋ ਗਏ ਸਨ। ਜਿਨ੍ਹਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਹਾਇਤਾ ਕਰਨ ਦਾ ਐਲਾਨ ਕੀਤਾ ਸੀ।ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਸੁਰਜੀਤ ਸਿੰਘ ਭਿੱਟੇਵਡ ਅਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਬੰਧਤਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ।ਅਫ਼ਗਾਨੀ ਸਿੱਖਾਂ ਦੇ ਆਗੂ ਹੀਰਾ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੇ ਔਖੀ ਘੜੀ ’ਚ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਬਾਂਹ ਫੜ੍ਹੀ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਫ਼ਗਾਨਿਸਤਾਨ ਅੰਦਰ ਅੱਜ ਸਿੱਖਾਂ ਦੀ ਗਿਣਤੀ ਅੱਜ ਨਾ-ਮਾਤਰ ਹੀ ਰਹਿ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਜਿਸ ਲਈ ਸਰਕਾਰਾਂ ਨੂੰ ਸੋਚਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਹਮਲੇ ਤੋਂ ਬਾਅਦ ਬਹੁਤ ਸਾਰੇ ਹੋਰ ਪਰਿਵਾਰ ਵੀ ਅਫ਼ਗਾਨਿਸਤਾਨ ਛੱਡ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ 14 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਜੋ ਜਲਦ ਹੀ ਸਬੰਧਤਾਂ ਨੂੰ ਦੇ ਦਿੱਤੀ ਜਾਵੇਗੀ।
ਇਸ ਮੌਕੇ ਅਫ਼ਗਾਨੀ ਸਿੱਖਾਂ ਵਿੱਚੋਂ ਰਘਬੀਰ ਸਿੰਘ, ਬਲਦੇਵ ਸਿੰਘ, ਵਰਿਆਮ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।