Thursday, November 14, 2024

ਸ੍ਰੀ ਨਨਕਾਣਾ ਸਾਹਿਬ ਤੋਂ ਜਾਹੋ ਜਲਾਲ ਨਾਲ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ PUNJ0108201919550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਨਗਾਰੇ ਦੀ ਗੂੰਜ ਵਿਚ ਭਾਰਤ ਲਈ ਰਵਾਨਾ ਹੋ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਬੱਸ ਵਿਚ ਸੁਸ਼ੋਭਿਤ ਪਾਲਕੀ ਸਾਹਿਬ ਅੰਦਰ ਸੁਭਾਏਮਾਨ ਕਰਨ ਦੀ ਸੇਵਾ ਨਿਭਾਈ।ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਸੇਵਾ ਨਿਭਾਅ ਰਹੇ ਸਨ। 1947 ਦੀ ਵੰਡ ਮਗਰੋਂ 72 ਸਾਲਾਂ ਦੌਰਾਨ ਇਹ ਪਹਿਲਾ ਇਤਿਹਾਸਕ ਇਤਫਾਕ ਸੀ ਜਦੋਂ ਪਾਕਿਸਤਾਨ ਤੋਂ ਆਰੰਭ ਹੋ ਕੇ ਕੋਈ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਭਾਰਤ ਪੁੱਜਾ ਹੋਵੇ।
                ਜਿਥੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਅਵਤਾਰ ਸਿੰਘ ਹਿੱਤ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਵੱਡੀ ਗਿਣਤੀ ਵਿਚ ਭਾਰਤ ਤੋਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ, ਉਥੇ ਹੀ ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਂ ਤੇ ਇਮਰਾਨ ਗੋਂਦਲ, ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਮਸਤਾਨ ਸਿੰਘ ਅਤੇ ਪਾਕਿਸਤਾਨ ਕਮੇਟੀ ਦੇ ਮੈਂਬਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਦੱਸਣਾ ਬਣਦਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਸਿੰਧ, ਪੇਸ਼ਾਵਰ, ਲਾਹੌਰ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਤੋਂ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ ਲਈ ਪੁੱਜੀਆਂ ਹੋਈਆਂ ਸਨ। ਪਾਕਿਸਤਾਨ ਦੀ ਨਨਕਾਣਾ ਸਾਹਿਬਾ ਜਿਲ੍ਹਾ ਪੁਲਿਸ ਵੱਲੋਂ ਬੈਂਡ ਪਾਰਟੀ ਰਾਹੀਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ ਅਤੇ ਗਤਕਾ ਪਾਰਟੀਆਂ ਨੇ ਨਗਰ ਕੀਰਤਨ ਦੌਰਾਨ ਸਿੱਖ ਮਾਰਸ਼ਲ ਆਰਟ ਦੀ ਬਾਖ਼ੂਬੀ ਪੇਸ਼ਕਾਰੀ ਕੀਤੀ। ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਬੱਚੇ ਵੀ ਖਾਲਸਾਈ ਬਾਣੇ ਵਿਚ ਸੰਗਤਾਂ ਲਈ ਖਿੱਚ ਦੇ ਕੇਂਦਰ ਬਣੇ ਹੋਏ ਸਨ। ਇਹ ਇਕ ਅਲੌਕਿਕ ਪ੍ਰਭਾਵ ਸੀ, ਜਦੋਂ ਸਿੱਖ-ਜਗਤ ਲਈ ਪੂਜਣਯੋਗ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋ ਨਗਰ ਕੀਰਤਨ ਰਵਾਨਾ ਹੋ ਰਿਹਾ ਸੀ। ਚੁਫੇਰੇ ਸ਼ਰਧਾ ਦਾ ਸਮੁੰਦਰ ਹਰ ਇਕ ਲਈ ਭਾਵੁਕ ਪਲ ਪੈਦਾ ਕਰ ਰਿਹਾ ਸੀ। ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਰਤ ਤੋਂ ਪੁੱਜੀਆਂ ਸੰਗਤਾਂ ਗੁਰੂ ਸਾਹਿਬ ਨੂੰ ਨਤਮਸਤਕ ਹੁੰਦਿਆਂ ਆਪਣੇ ਆਪ ਨੂੰ ਭਾਗਸ਼ਾਲੀ ਮਹਿਸੂਸ ਕਰ ਰਹੀਆਂ ਸਨ। ਜਿਉਂ ਹੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਰਵਾਨਾ ਹੋਇਆ ਤਾਂ ਸਥਾਨਕ ਸੰਗਤਾਂ ਨੇ ਦੂਰ ਤੱਕ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਪ੍ਰਸੰਨਤਾ ਹਾਸਲ ਕੀਤੀ। ਸਥਾਨਕ ਸਿੱਖ ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵਾਹਗਾ ਸਰਹੱਦ ਤੱਕ ਵੀ ਨਗਰ ਕੀਰਤਨ ਵਿਚ ਸ਼ਾਮਲ ਰਹੀਆਂ। ਇਹ ਵੀ ਦੱਸਣਯੋਗ ਹੈ ਕਿ ਪਾਕਿਸਤਾਨ ਦੇ ਮੀਡੀਆ ਵੱਲੋਂ ਵੀ ਇਸ ਅਲੌਕਿਕ ਨਗਰ ਕੀਰਤਨ ਦੀ ਕਵਰੇਜ਼ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ ਗਈ। ਨਗਰ ਕੀਰਤਨ ਦੌਰਾਨ ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਸਰਹੱਦ ਤੱਕ ਪਾਕਿਸਤਾਨ ਸਰਕਾਰ ਵੱਲੋਂ ਬਕਾਇਦਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਜਿਸ ਦੇ ਨਾਲ ਨਾਲ ਮੈਡੀਕਲ ਵੈਨ ਵੀ ਮੌਜੂਦ ਰਹੀ। ਇਸ ਤੋਂ ਪਹਿਲਾਂ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
               ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਂ, ਇਮਰਾਨ ਗੋਂਦਲ, ਪਾਕਿਸਤਾਨ ਕਮੇਟੀ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ ਅਤੇ ਹੋਰ ਕਮੇਟੀ ਦੇ ਮੈਂਬਰਾਂ ਨੂੰ ਸਿਰੋਪਾਓ, ਮਾਡਲ, ਸ੍ਰੀ ਸਾਹਿਬ ਅਤੇ ਸੋਨੇ ਦੇ ਵਿਸ਼ੇਸ਼ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਿੰਘ ਸਾਹਿਬਾਨ, ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼

5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …

Leave a Reply