Saturday, October 17, 2026

ਇਤਿਹਾਸ `ਚ ਸੁਨਹਿਰੀ ਅੱਖਰਾਂ ਨਾਲ ਚਮਕੇਗਾ ਨਨਕਾਣਾ ਸਾਹਿਬ ਦਾ ਅੰਤਰਰਾਸ਼ਟਰੀ ਨਗਰ ਕੀਰਤਨ – ਲੌਂਗੋਵਾਲ

PUNJ0208201919ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਅਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਮੁੱਖ ਸ਼ਖਸੀਅਤਾਂ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਭਾਰਤ ਵਿਚਲੇ ਪੰਜ ਤਖ਼ਤਾਂ ਲਈ ਨਗਰ ਕੀਰਤਨ ਨਾਲ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਲੜੀ ਵਿਚ ਇਕ ਇਤਿਹਾਸਕ ਪੰਨਾ ਦਰਜ਼ ਹੋ ਗਿਆ ਹੈ, ਜੋ ਇਤਿਹਾਸ ਅੰਦਰ ਸਦਾ ਸੁਨਹਿਰੀ ਅੱਖਰਾਂ ਵਿਚ ਚਮਕਦਾ ਰਹੇਗਾ। ਉਨ੍ਹਾਂ ਆਖਿਆ ਕਿ ਇਹ ਗੁਰੂ ਸਾਹਿਬ ਦੀ ਮਿਹਰ ਨਾਲ ਹੀ ਸੰਭਵ ਹੋਇਆ ਹੈ, ਯਤਨ ਭਾਵੇਂ ਹਰ ਇਕ ਨੇ ਕੀਤੇ ਹਨ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਦਿਖਾਈ ਗਈ ਵਿਸ਼ੇਸ਼ ਰੁਚੀ ਨੂੰ ਵੀ ਸਲਾਹਿਆ ਅਤੇ ਅਜਿਹੇ ਸਹਿਯੋਗ ਦੀ ਅੱਗੋਂ ਲਈ ਵੀ ਆਸ ਪ੍ਰਗਟ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਮਗਰੋਂ ਸਿੱਖਾਂ ਨੂੰ ਦਿੱਤਾ ਗਿਆ ਇਹ ਦੂਸਰਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਇਸ ਨਗਰ ਕੀਰਤਨ ਦੀ ਪ੍ਰਸ਼ੰਸਾ ਹੋ ਰਹੀ ਹੈ ਅਤੇ ਇਸ ਨਾਲ ਪਿਆਰ, ਭਾਈਚਾਰਕ ਸਾਂਝ, ਸਦਭਾਵਨਾ, ਭਰਾਤਰੀ ਭਾਵ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨਗਰ ਕੀਰਤਨ ਲਈ ਸਹਿਯੋਗ ਦੇਣ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਓਕਫ ਬੋਰਡ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ, ਨਿਹੰਗ ਸਿੰਘ ਜਥੇਬੰਦੀਆਂ, ਸਭਾ-ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply