ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਂ ਨੇ ਸ੍ਰੀ ਨਨਕਾਣਾ ਸਾਹਿਬ ਪੁੱਜੀਆਂ ਸੰਗਤਾਂ ਦਾ ਸਵਾਗਤ ਕਰਦਿਆਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਨੂੰ ਜੋੜਨ ਲਈ ਅਹਿਮ ਮੌਕਾ ਹੈ।ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਸਮੇਂ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਾਕਿਸਤਾਨ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਸੰਗਤਾਂ ਨੂੰ ਵੀਜ਼ੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਉਣ ਵਾਲੀਆਂ ਸੰਗਤਾਂ ਦੀ ਖ਼ਾਤਰਦਾਰੀ ਕਰਨਾ ਓਕਾਫ ਬੋਰਡ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੀ ਜ਼ੁੰਮੇਵਾਰੀ ਹੈ, ਜਿਸ ਨੂੰ ਨਿਭਾਉਣ ਲਈ ਉਹ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਕਾਸ਼ ਪੁਰਬ ਸਮਾਗਮਾਂ ਲਈ ਬਿਲਕੁਲ ਤਿਆਰ ਹਨ। ਤਾਰਿਕ ਵਜੀਰ ਖਾਂ ਨੇ ਆਖਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮਾਗਮਾਂ ਦੀ ਵਿਉਂਤਬੰਦੀ ਵਿਚ ਲੱਗੀ ਹੋਈ ਹੈ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਤੇ ਹੋਰਨਾਂ ਦੇ ਤਜ਼ਰਬੇ ਦਾ ਫ਼ਾਇਦਾ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਵਿਕਾਸ ਕਾਰਜ ਸਿੱਖਾਂ ਦੇ ਮਸ਼ਵਰੇ ਨਾਲ ਹੀ ਕਰਵਾਏ ਜਾਣਗੇ ਅਤੇ ਹਰ ਕਾਰਜ ਲਈ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਿਆ ਜਾਵੇਗਾ। ਉਨ੍ਹਾਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਮੁਕੰਮਲ ਕਰਨ ਦੀ ਗੱਲ ਵੀ ਆਖੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਿੰਘ ਸਾਹਿਬਾਨ ਆਦਿ ਨੂੰ ਲਾਂਘੇ ਦੇ ਉਦਘਾਟਨ ਸਮੇਂ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media