ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 14 ਤੇ 15 ਅਗਸਤ ਦੇ ਸੰਘਰਸ਼ ਦੀਆਂ ਤਿਆਰੀਆਂ ਮੁਕੰਮਲ
ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਭਗਤ ਸਿੰਘ ਭਗਤਾ, ਪ੍ਰਦੀਪ ਕੁਮਾਰ ਚੀਮਾਂ, ਭੁਪਿੰਦਰ ਸਿੰਘ ਕੁਤਬੇਵਾਲ, ਅੰਮ੍ਰਿਤਪਾਲ ਸਿੰਘ ਕੰਬੋਜ਼ ਅਤੇ ਬਲਜਿੰਦਰ ਸਿੰਘ ਨੇ ਆਊਟ ਸੋਰਸਿਸ ਅਤੇ ਠੇਕਾ ਮੁਲਾਜ਼ਮਾਂ ਦੇ ਪ੍ਰਤੀ ਪੰਜਾਬ ਸਰਕਾਰ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਮੂਹ ਸਰਕਾਰੀ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ।ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਕੀਤੇ ਲਗਾਤਾਰ ਸੰਘਰਸ਼ਾਂ ਦੇ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ “ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟ-ਸੋਰਸਿੰਗ, ਇੰਪਲਾਇਜ ਵੈੱਲਫੇਅਰ ਐਕਟ 2016” ਬਣਾਇਆ ਸੀ।ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਅਤੇ “ਵੈਲਫੇਅਰ ਐਕਟ 2016” ਨੂੰ ਤੋੜਕੇ ਐਕਟ ਵਿੱਚ ਵੱਡੀ ਗਿਣਤੀ ਵਿਚ ਸ਼ਾਮਿਲ ਕੈਟਾਗਿਰੀਆਂ ਜਿਵੇਂ ਕਿ ਆਊਟ-ਸੋਰਸਿਸ ਇੰਨਲਿਸਟਮੈਂਟ ਅਤੇ ਠੇਕਾ ਪ੍ਰਣਾਲੀ ਆਦਿ ਨੂੰ ਐਕਟ ਤੋਂ ਬਾਹਰ ਕਰਨ ਵਾਲੇ ਪਾਸੇ ਤੁਰੀ ਹੋਈ ਹੈ।ਜਦੋਂ ਕਿ ਸਰਕਾਰੀ ਥਰਮਲਾਂ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ,ਜਲ ਸਪਲਾਈ, ਪਨਬਸ ਰੋਡਵੇਜ਼, ਪਾਵਰਕਾਮ ਜੋਨ ਬਠਿੰਡਾ,ਪਾਵਰਕਾਮ ਅਤੇ ਟ੍ਰਾਂਸਕੋ, ਮਗਨਰੇਗਾ, ਬੀ.ਓ.ਸੀ ਬੋਰਡ, ਮਾਸਟਰ ਅਤੇ ਮੋਟੀਵੇਟਰ,ਪੀ.ਡਬਲਯੂ.ਡੀ ਇਲੈਕਟਰੀਕਲ, ਸਿਹਤ ਵਿਭਾਗ ਆਦਿ ਸਰਕਾਰੀ ਅਦਾਰਿਆਂ ਵਿੱਚ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿਚ ਕੱਚੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰ ਰਹੇ ਹਨ।ਪਰ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰ ਪ੍ਰਣਾਲੀ ਰਾਹੀਂ ਭਰਤੀ ਕੀਤੇ ਬਹੁਤ ਹੀ ਥੋੜੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਹੀ ਵਿਚਾਰ ਕਰ ਰਹੀ ਹੈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਸੂਬਾ ਸਰਕਾਰ ਤੋਂ ਮੰਗ ਕਰਦਾ ਹੈ ਕਿ “ਵੈਲਫੇਅਰ ਐਕਟ 2016” ਨੂੰ ਇੰਨਬਿਨ ਲਾਗੂ ਕਰਕੇ ਪੰਜਾਬ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ।
ਮੋਰਚੇ ਦੇ ਸੂਬਾ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਰਵਈਏ ਅਤੇ ਸਰਕਾਰ ਦੀ ਵਾਅਦਾ- ਖਿਲਾਫੀ ਦੇ ਵਿਰੋਧ ਵਿੱਚ 14 ਅਤੇ 15 ਅਗਸਤ ਨੂੰ ਮੋਰਚੇ ਦੇ ਬੈਨਰ ਹੇਠ ਸੂਬਾ ਪੱਧਰੀ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸੰਘਰਸ਼ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਜਿਸ ਜਿਲੇ ਵਿਚ ਵੀ ਮੁੱਖ ਮੰਤਰੀ ਆਜ਼ਾਦੀ ਦਿਵਸ਼ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ, ਉਸ ਜਿਲੇ ਵਿਚ ਹੀ 14 ਅਗਸਤ ਨੂੰ ਸੂਬਾ ਪੱਧਰੀ ਇਕੱਠ ਕਰਕੇ ਸ਼ਹਿਰ ਵਿੱਚ ਕਾਲੇ ਚੋਲ਼ੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਰਾਤ ਨੂੰ ਸ਼ਹਿਰ ਵਿੱਚ ਜਗਰਾਤਾ ਕਰਨ ਉਪਰੰਤ 15 ਅਗਸਤ ਨੂੰ ਆਜ਼ਾਦੀ ਸਮਾਗਮ ਵਲ ਰੋਸ ਮਾਰਚ ਕੀਤਾ ਜਾਵੇਗਾ ਉਨਾਂ ਨੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਇਕੱਲੇ-ਇਕੱਲੇ ਸੰਘਰਸ਼ ਕਰਨ ਦੀ ਥਾਂ ਮੋਰਚੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …