Friday, April 24, 2026

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਸੜਕ ਚੌੜੀ ਕੀਤੀ ਜਾਵੇਗੀ -ਰੰਧਾਵਾ

PPNJ1708201906ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਜ਼ਾਦੀ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਮਗਰੋਂ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ, ਜੋ ਕਿ ਹੁਣ ਸ੍ਰੀ ਕਰਤਾਰਪੁਰ ਸਾਹਿਬ ਦਾ ਵਿਸ਼ੇਸ਼ ਲਾਂਘਾ ਬਣਨ ਜਾ ਰਹੀ ਹੈ, ਨੂੰ ਅੰਮ੍ਰਿਤਸਰ ਨਾਲ ਮਿਲਾਉਂਦੀ ਸੜਕ ਨੂੰ ਕਰੀਬ 80 ਕਰੋੜ ਰੁਪਏ ਦੀ ਲਾਗਤ ਨਾਲ 33 ਫੁੱਟ ਚੌੜਾ ਕੀਤਾ ਜਾਵੇਗਾ।ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਅਤੇ ਅੰਮ੍ਰਿਤਸਰ ਦਾ ਸਿੱਧਾ ਰਸਤਾ ਵਿਕਸਤ ਹੋ ਜਾਵੇਗਾ।ਉਨਾਂ ਦੱਸਿਆ ਕਿ ਕੱਲ੍ਹ ਫਤਿਹਗ਼ੜ ਚੂੜੀਆਂ ਤੱਕ ਇਸ ਨੂੰ ਚੌੜਾ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਨੂੰ ਅੱਗੋਂ ਡੇਰਾ ਬਾਬਾ ਨਾਨਕ ਤੱਕ ਵਧਾਇਆ ਜਾਵੇਗਾ।ਉਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਕਰਵਾਏ ਜਾਣ ਵਾਲੇ ਪ੍ਰਾਜੈਕਟਾਂ ਉਤੇ ਸਰਕਾਰ 3462 ਕਰੋੜ ਰੁਪਏ ਖਰਚ ਕਰ ਰਹੀ ਹੈ, ਜਿਸ ਨਾਲ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ।
       ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਦੇ ਕਿਸਾਨਾਂ ਦੇ 4609 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ।ਇਸੇ ਤਰਾਂ ਅਨੁਸੂਚਿਤ ਜਾਤੀਆਂ ਨੂੰ 52 ਕਰੋੜ ਰੁਪਏ ਤੱਕ ਦਾ ਕਰਜ਼ਾ ਮੁਆਫੀ ਲਾਭ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਪੁਲਿਸ ਨੇ ਹੁਣ ਤੱਕ 27799 ਕੇਸ.ਐਨ.ਡੀ.ਪੀ.ਐਸ ਅਧੀਨ ਦਰਜ ਕਰਕੇ 33756 ਨਸ਼ੇ ਦੇ ਸਮਗਲਰਾਂ ਨੂੰ ਕਾਬੂ ਕੀਤਾ ਹੈ ਅਤੇ ਇਹ ਕੰਮ ਨਿਰੰਤਰ ਜਾਰੀ ਹੈ।
       ਇਸ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ, ਖੁਸ਼ਹਾਲੀ ਦੇ ਰਾਖੇ, ਜੇਲ੍ਹ ਗਾਰਡ ਅਤੇ ਸਕੂਲ ਬੈਂਡ ਵੱਲੋਂ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਗਿਆ।ਪਰੇਡ ਕਮਾਂਡਰ ਦੀ ਜ਼ਿੰਮੇਵਾਰੀ ਏ.ਸੀ.ਪੀ ਹੈਡਕੁਆਰਟਰ ਸੁਖਨਾਜ ਸਿੰਘ ਨੇ ਨਿਭਾਈ।ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵੱਲੋਂ ਪੀ ਟੀ ਸ਼ੋਅ, ਦੇਸ਼ ਭਗਤੀ ਤੇ ਵਿਰਸੇ `ੁਤੇ ਅਧਾਰਿਤ ਗੀਤਾਂ `ਤੇ ਕੋਰੀਓਗ੍ਰਾਫੀ, ਗੱਤਕਾ, ਗਿੱਧਾ ਅਤੇ ਭੰਗੜੇ ਦੀ ਬਾਖੂਬੀ ਪੇਸ਼ਕਾਰੀ ਕੀਤੀ ਗਈ।ਜਿਲ੍ਹਾ ਪ੍ਰਸ਼ਾਸਨ, ਵੇਰਕਾ, ਸ਼ੂਗਰਫੈਡ ਅਤੇ ਮਾਰਕਫੈਡ ਵੱਲੋਂ ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਠਾਈਆਂ ਅਤੇ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।ਰੈਡ ਕਰਾਸ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ ਵੰਡੀਆਂ।ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿਚ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੈਬਟਿਨ ਮੰਤਰੀ ਰੰਧਾਵਾ ਵੱਲੋਂ ਵੱਖ-ਵੱਖ ਤਰਾਂ ਦੇ  ਪੌਦੇ, ਸਨਮਾਨ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਨੀਤੀਆਂ ਤੇ ਪ੍ਰੋਗਰਾਮਾਂ ਦਾ ਖੁਲਾਸਾ ਕਰਦੀਆਂ ਝਾਕੀਆਂ ਦੀ ਪੇਸ਼ਕਾਰੀ ਵੀ ਕੀਤੀ ਗਈ।ਜਿਲ੍ਹਾ ਰੋਜ਼ਗਾਰ ਉਤਪਤੀ ਬਿਊਰੋ ਵੱਲੋਂ 25 ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਵੀ ਦਿੱਤੇ ਗਏ।
       ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਜਿਲ੍ਹਾ ਤੇ ਸੈਸ਼ਨ ਜੱਜ ਕੇ.ਐਸ ਕੰਗ ਤੇ ਉਨਾਂ ਦੀ ਪਤਨੀ, ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ, ਕਾਂਗਰਸ ਦੇ ਸੀਨੀਅਰ ਆਗੂ ਲਾਲੀ ਮਜੀਠੀਆ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਚੇਅਰਮੈਨ ਦਿਨੇਸ਼ ਬੱਸੀ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਤੇ ਜੁਗਲ ਕਿਸ਼ੋਰ, ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਉਦੈਵੀਰ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਡਿੰਪਲ ਸ੍ਰੀਵਾਸਤਵਾ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਤੇ ਵਿਸ਼ੇਸ਼ ਸਾਰੰਗਲ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply