ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਮਾਲ ਰੋਡ ਸੀਨੀਅਰ ਸਕੈਡੰਰੀ ਸਕੂਲ ਵਿਖੇ ਮਨਾਇਆ ਗਿਆ।ਇਸ ਤੋਂ ਪਹਿਲਾਂ ਮੁੱਖ ਮਹਿਮਮਾਨ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਟਾਊਨ ਹਾਲ ਵਿਖੇ ਸਥਾਪਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ `ਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ।ਉਨਾਂ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ, ਏ.ਸੀ.ਪੀ ਜਗਜੀਤ ਸਿੰਘ ਵਾਲੀਆ, ਐਸ.ਡੀ.ਐਮ ਵਿਕਾਸ ਹੀਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਉਪਰੰਤ ਮਾਲ ਰੋਡ ਸਕੂਲ ਵਿਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਸਰਕਾਰੀਆ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਪੜਾਈ ਦੇ ਨਾਲ-ਨਾਲ ਦੇਸ਼ ਭਗਤਾਂ ਦੀਆਂ ਗਥਾਵਾਂ ਵੀ ਵਿਦਿਆਰਥੀਆਂ ਨਾਲ ਸਾਂਝੀਆਂ ਕਰਨ, ਤਾਂ ਜੋ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ।
ਉਨਾਂ ਦੱਸਿਆ ਕਿ ਜੰਗੇ ਆਜ਼ਾਦੀ ਯਾਦਗਾਰ ਦਾ ਤੀਸਰਾ ਪੜਾਅ ਦੇਸ਼ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੇਗਾ।ਜੈ ਜਵਾਨ ਜੈ ਕਿਸਾਨ ਦੇ ਪਹਿਰੇ ਉਤੇ ਚੱਲਦੇ ਸਾਡੀ ਸਰਕਾਰ ਨੇ 5.62 ਲੱਖ ਕਿਸਾਨਾਂ ਦਾ ਖੇਤੀ ਕਰਜ਼ਾ ਜੋ ਕਿ 4700 ਕਰੋੜ ਰੁਪਏ ਬਣਦਾ ਹੈ, ਮੁਆਫ ਕਰ ਦਿੱਤਾ ਹੈ।ਉਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਬੋਲਦੇ ਦੱਸਿਆ ਕਿ ਸਰਕਾਰ ਨੇ ਉਨਾਂ ਦੀ ਯਾਦ ਵਿਚ 3462 ਕਰੋੜ ਰੁਪਏ ਦੇ ਵਿਕਾਸ ਕੰਮ ਸ਼ੁਰੂ ਕੀਤ ਹਨ ਅਤੇ ਹਰੇਕ ਪਿੰਡ ਵਿਚ 550-550 ਬੂਟੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ 70 ਪਿੰਡਾਂ ਨੂੰ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।ਉਨਾਂ ਨਸ਼ੇ ਦੇ ਖਾਤਮੇ ਲਈ ਸਰਕਾਰ ਦੀ ਦਿ੍ਰੜਤਾ ਨੂੰ ਦੁਹਰਾਉਂਦੇ ਕਿਹਾ ਕਿ ਵੱਡੀ ਬਿਮਾਰੀ ਦੇ ਇਲਾਜ ਲਈ ਸਮਾਂ ਲੱਗ ਰਿਹਾ ਹੈ ਅਤੇ ਇਹ ਇਲਾਜ ਅਸੀਂ ਕਰਕੇ ਹੀ ਦਮ ਲਵਾਂਗੇ।
ਰਾਜ ਪੱਧਰੀ ਸਮਾਗਮ ਵਿਚ ਹਰਦੀਪ ਗਿੱਲ ਦੀ ਟੀਮ ਵੱਲੋਂ ਬਲੀਦਾਨ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਬੱਚਿਆਂ ਵੱਲੋਂ ਸ਼ਬਦ, ਦੇਸ਼ ਭਗਤੀ ਗੀਤ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀਆਂ ਗਈਆਂ।ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਕੇ ਸਾਰੇ ਮਹਿਮਾਨਾਂ ਨੂੰ ਪੌਦਿਆਂ ਦਾ ਪ੍ਰਸ਼ਾਦ ਦੇ ਕੇ ਵਾਤਾਵਰਣ ਸੰਭਾਲ ਦਾ ਸੱਦਾ ਦਿੱਤਾ।ਇਸ ਮੌਕੇ ਕੈਬਨਿਟ ਮੰਤਰੀ ਸਰਕਾਰੀਆ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਚੇਅਰਮੈਨ ਰਾਜ ਕੁਮਾਰ ਵੇਰਕਾ, ੍ਰ ਕਰਮਜੀਤ ਸਿੰਘ ਰਿੰਟੂ ਮੇਅਰ, ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਕਾਂਗਰਸ ਦੇ ਸੀਨੀਅਰ ਆਗੂ ਲਾਲੀ ਮਜੀਠੀਆ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਕਾਂਗਰਸ ਸ਼ਹਿਰੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਏ.ਡੀ.ਸੀ.ਪੀ ਸੰਦੀਪ ਮਲਿਕ, ਜਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ, ਪ੍ਰਿੰਸੀਪਲ ਮਨਦੀਪ ਕੌਰ ਅਤੇ ਹੋਰ ਸਖਸ਼ੀਅਤਾਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ।