ਜਿਲ੍ਹਾ ਪ੍ਰਧਾਨ ਹੇਰ ਡਿਪਟੀ ਕਮਿਸ਼ਨਰ ਨੂੰ ਸੌਂਪਣਗੇ ਮੰਗ ਪੱਤਰ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਗ ਖੁਰਮਣੀਆਂ) – ਭਾਰਤੀ ਯੂਨੀਅਨ ਕਿਸਾਨ ਪੰਜਾਬ (ਰਜ਼ਿ) ਜਿਲ੍ਹਾ ਅੰਮ੍ਰਿਤਸਰ ਦੀ ਇਕ ਹੰਗਾਮੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਕਟਰੀ ਕੁਲਬੀਰ ਸਿੰਘ ਦੇ ਸਹਿਯੋਗ ਨਾਲ ਰਾਣੀ ਕਾ ਬਾਗ ਵਿਖੇ ਆਯੋਜਿਤ ਕੀਤੀ ਗਈ।ਮੀਟਿੰਗ ’ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ 21 ਅਗਸਤ ਨੂੰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਤੋਂ ਇਲਾਵਾ ਜਿੱਥੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਅਤੇ ਜਾਇਜ਼ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ਉਥੇ ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ।
ਯੂਨੀਅਨ ਪ੍ਰਧਾਨ ਹੇਰ ਨੇ ਮੰਗਾਂ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਕਰਜੇ ਮੁਆਫ਼ ਕਰੇ, ਕਿਸਾਨਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਅਤੇ ਵਿੱਦਿਅਕ ਸੰਸਥਾਵਾਂ ’ਚ ਰਾਖਵਾਂਕਰਨ, ਕਿਸਾਨਾਂ ਦੀਆਂ ਫ਼ਸਲਾਂ ਦੇ ਬੀਮੇ ਕਰਨ, ਕਿਸਾਨਾਂ ਨੂੰ ਬੁਢਾਪਾ ਪੈਨਸ਼ਨ ਆਦਿ ਦੇਣ ਦੀ ਗੱਲ ਨੂੰ ਦੁਹਰਾਇਆ।ਉਨ੍ਹਾਂ ਅਵਾਰਾ ਡੰਗਰਾਂ, ਪਸ਼ੂਆਂ, ਕੁੱਤਿਆਂ ਨੂੰ ਕਾਬੂ ਕਰਨ ਸਬੰਧੀ ਢੁੱਕਵੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾਵੇ ਅਤੇ ਇਸ ਤੋਂ ਇਲਾਵਾ ਸੜਕੀ ਹਾਦਸਿਆਂ ’ਚ ਅਜਾਈ ਜਾਣ ਵਾਲੀਆਂ ਜ਼ਿੰਦਗੀਆਂ ਦਾ ਕਾਰਨ ਆਵਾਰਾ ਘੁੰਮ ਰਹੇ ਪਾਲਤੂ ਪਸ਼ੂ ਅਤੇ ਕੁੱਤੇ ਹਨ, ਜਿਨ੍ਹਾਂ ਨੂੰ ਨਜ਼ਰਬੰਦ ਕਰਨਾ ਅਤਿ ਜਰੂਰੀ ਹੈ।
ਹੇਰ ਨੇ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵੱਲੋਂ ਭੇਜੇ ਨੋਟਿਸ ਵਾਪਸ ਲਏ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਅੱਗੇ ਤੋਂ ਕਿਸੇ ਕਿਸਾਨ ਨੂੰ ਕੋਈ ਜੁਰਮਾਨਾ ਨਾ ਕੀਤਾ ਜਾਵੇ, ਕਿਉਂਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜ਼ਬੂਰੀ ਅਤੇ ਬੇਵੱਸੀ ਹੈ।ਉਨਾਂ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਇਨ-ਬਿਨ ਲਾਗੂ ਕਰਨ ਤੋਂ ਇਲਾਵਾ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ ਅਤੇ ਹੜ੍ਹਾਂ ਦੀ ਗਰਦੋਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਵੀ ਗੱਲ ਕਹੀ।
ਇਸ ਮੌਕੇ ਗੁਰਵੇਲ ਸਿੰਘ ਹੇਰ ਸਾਬਕਾ ਸਰਪੰਚ, ਦਵਿੰਦਰ ਸਿੰਘ ਝੰਜੋਟੀ ਪ੍ਰਧਾਨ ਬਲਾਕ ਚੋਗਾਵਾਂ, ਹਰਪ੍ਰੀਤ ਸਿੰਘ ਚੱਕ ਪ੍ਰਧਾਨ ਬਲਾਕ ਅਜਨਾਲਾ, ਅੰਮ੍ਰਿਤਪਾਲ ਸਿੰਘ ਛੀਨਾ ਪ੍ਰਧਾਨ ਬਲਾਕ ਵੇਰਕਾ ਆਦਿ ਤੋਂ ਇਲਾਵਾ ਹੋਰ ਆਗੂ ਤੇ ਕਿਸਾਨ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …