ਸੰਗਰੂਰ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਆਡੀਟੋਰੀਅਮ ਹਾਲ ਵਿਖੇ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਕੇ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਤੋਹਫ਼ਾ ਦੇਣ ਦੀ ਸ਼ਲਾਘਾ ਕੀਤੀ।
ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਸ ਯੋਜਨਾ ਦੇ ਘੇਰੇ ਵਿੱਚ ਰਾਜ ਦੇ 43.08 ਲੱਖ ਪਰਿਵਾਰਾਂ ਨੂੰ ਲਿਆਂਦਾ ਗਿਆ ਹੈ, ਜਿਸ ਦੇ ਨਾਲ ਰਾਜ ਦੀ ਕੁੱਲ ਆਬਾਦੀ ਦੇ 70 ਫ਼ੀਸਦੀ ਲੋਕਾਂ ਨੂੰ ਸਿੱਧੇ ਤੌਰ `ਤੇ ਲਾਭ ਮਿਲੇਗਾ।ਉਨ੍ਹਾਂ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟਰਡ ਪਰਿਵਾਰਾਂ ਦਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਹੋ ਸਕੇਗਾ, ਜੋ ਕਿ ਰਾਜ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਮੁਹੱਈਆ ਕਰਵਾਇਆ ਜਾਵੇਗਾ।
ਇਸ ਤੋਂ ਪਹਿਲਾ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸਵ: ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਜ਼ਿਲ੍ਹੇ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਈ-ਕਾਰਡ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ। ਉਨ੍ਹਾਂ ਜ਼ਿਲ੍ਹੇ ਦੇ ਲੋੜਵੰਦਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ।
ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਵੇਲੇ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀ) ਪੰਜੀਕ੍ਰਿਤ ਉਸਾਰੀ ਕਾਮੇ ਵਿਭਾਗ ਵਲੋਂ ਜਾਰੀ ਕਾਰਡ ਲਾਜ਼ਮੀ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਬਿਨੇਕਾਰ ਸਰਕਾਰੀ ਹਸਪਤਾਲਾਂ ਜਾਂ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ `ਤੇ ਸਥਿਤ ਕਾਮਨ ਸਰਵਿਸ ਸੈਂਟਰਾਂ `ਤੇ ਆਪਣਾ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਅੰਦਰ ਬੀਮਾ ਯੋਜਨਾ ਦੇ ਕਾਰਡ ਮੁਫ਼ਤ ਬਣਾਏ ਜਾਣਗੇ, ਜਦਕਿ ਕਾਮਨ ਸਰਵਿਸ ਸੈਂਟਰਾਂ `ਤੇ 30 ਰੁਪਏ ਫੀਸ ਲੈ ਕੇ ਕਾਰਡ ਬਣਾਉਣ ਦੀ ਸੁਵਿਧਾ ਉਪਲੱਬਧ ਹੈ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 104 `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਐਸ.ਡੀ.ਐਮ ਅਵਿਕੇਸ਼ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਪਰਮਿੰਦਰ ਕੌਰ, ਚਰਨਜੀਤ ਸਿੰਘ ਉਡਾਰੀ, ਸਰਬਜੀਤ ਸਿੰਘ ਰੇਖੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …