ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਗਲੇ ਆਦੇਸ਼ ਲਈ ਲਿਖਿਆ ਪੱਤਰ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਇਕੱਠਿਆਂ ਮਨਾਉਣ ਲਈ ਤਾਲਮੇਲ ਕਮੇਟੀ ਦੀ ਇਕੱਤਰਤਾ ’ਚ ਅੱਜ ਫੇਰ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਸ਼ਾਮਲ ਨਹੀਂ ਹੋਇਆ।ਤਾਲਮੇਲ ਕਮੇਟੀ ਦੀ ਅੱਜ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਸੀ।ਜਿਸ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਜਥੇਦਾਰ ਤੋਤਾ ਸਿੰਘ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਨੁਮਾਇੰਦੇ ਬਾਬਾ ਨਾਰੰਗ ਸਿੰਘ ਮੌਜੂਦ ਸਨ, ਪਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਨਹੀਂ ਭੇਜਿਆ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਵਿਚ ਅਗਲੇ ਆਦੇਸ਼ ਲਈ ਪੱਤਰ ਲਿਖਿਆ ਹੈ।
ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਾਲਮੇਲ ਕਮੇਟੀ ਲਈ ਆਪਣੇ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ 18 ਜੁਲਾਈ ਨੂੰ ਪੱਤਰ ਲਿਖਿਆ ਸੀ। ਇਸ ਮਗਰੋਂ 14 ਅਗਸਤ ਨੂੰ ਤਾਲਮੇਲ ਕਮੇਟੀ ਦੀ ਰੱਖੀ ਗਈ ਇਕੱਤਰਤਾ ਵਿਚ ਪੰਜਾਬ ਸਰਕਾਰ ਦੇ ਨੁਮਾਇੰਦੇ ਨਾ ਪੁੱਜਣ ਮਗਰੋਂ 16 ਅਗਸਤ ਨੂੰ ਮੁੜ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 6 ਸਤੰਬਰ ਦੀ ਮੁੜ ਮੀਟਿੰਗ ਰੱਖਣ ਮਗਰੋਂ ਉਹ ਇਕ ਉੱਚ ਪੱਧਰੀ ਵਫ਼ਦ ਸਮੇਤ ਨਿੱਜੀ ਤੌਰ ’ਤੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ, ਜਿਸ ਦੌਰਾਨ ਉਨ੍ਹਾਂ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰੇ ਮਗਰੋਂ ਸੂਚਿਤ ਕਰਨ ਦਾ ਭਰੋਸਾ ਦਿੱਤਾ ਸੀ, ਪਰੰਤੂ ਅਜੇ ਤੱਕ ਕੋਈ ਹੁੰਗਾਰਾ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਮੁੱਚੇ ਸਮਾਗਮ ਰਲ-ਮਿਲ ਕੇ ਹੋਣ ਅਤੇ ਮੁੱਖ ਸਮਾਗਮ ਸਮੇਤ ਸਾਰੇ ਧਾਰਮਿਕ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਣ, ਜਿਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਨੁਮਾਇੰਦਾ ਧਾਰਮਿਕ ਸੰਸਥਾ ਹੈ, ਜੋ ਪੰਥਕ ਇਕਜੁਟਤਾ ਦੀ ਹਾਮੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਸਹਿਯੋਗ ਕਰੇ।ਉਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਨ, ਤਾਂ ਜੋ ਗੁਰੂ ਸਾਹਿਬ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਅਨੁਸਾਰ ਉਨ੍ਹਾਂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media