
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਂਟਰਬਰੀ ਦੇ ਮੁਖੀ (ਆਰਚ ਬਿਸ਼ਪ) ਜਸਟਿਨ ਪੋਰਟਲ ਵੈਲਬੀ ਆਪਣੀ ਪਤਨੀ ਕੈਲੋਰੀਨ ਵੈਲਬੀ, ਗੁਰੂ ਨਾਨਕ ਨਿਕਸ਼ਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਆਦਿ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਜਸਟਿਨ ਪੋਰਟਲ ਵੈਲਬੀ ਨੂੰ ਸ੍ਰੀ ਦਰਬਾਰ ਸਾਹਿਬ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਕੈਂਟਰਬਰੀ ਦੇ ਮੁੱਖੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੱਬ ਦਾ ਘਰ ਹੈ, ਇਥੇ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਸਟਿਨ ਵੈਲਬੀ ਨਾਲ ਧਰਮ ਦੇ ਅਧਾਰ ’ਤੇ ਹੁੰਦੇ ਵਿਤਕਰੇ ਸਬੰਧੀ ਵੀ ਚਰਚਾ ਕੀਤੀ ਹੈ। ਉਨ੍ਹਾਂ ਆਖਿਆ ਕਿ ਵਿਸ਼ਵ ਭਰ ਵਿਚ ਸੁੱਖ ਸ਼ਾਂਤੀ ਦੇ ਮੰਤਵ ਨਾਲ ਸਮੁੱਚੇ ਧਾਰਮਿਕ ਆਗੂਆਂ ਦੀਆਂ ਇਕੱਤਰਤਾਵਾਂ ਹੁੰਦੀਆਂ ਰਹਿਣੀਆਂ ਚਾਹੀਦੀਆਂ ਹਨ।
ਇਸ ਮੌਕੇ ਡਾ. ਪਰਮਜੀਤ ਸਿੰਘ ਸਰੋਆ, ਸ. ਬਲਵਿੰਦਰ ਸਿੰਘ ਕਾਹਲਵਾਂ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ ਆਦਿ ਮੌਜੂਦ ਸਨ।
Punjab Post Daily Online Newspaper & Print Media