ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੇਂਦਰੀ ਗ੍ਰਹਿ ਵਿਭਾਗ ਵਲੋਂ ਨਵੰਬਰ 1984 ਦੌਰਾਨ ਕਾਂਗਰਸੀ ਆਗੂ ਅਤੇ ਮੱਧ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਕਮਲ ਨਾਥ ਦੀ ਭੂਮਿਕਾ ਸਮੇਤ ਦਿੱਲੀ ਵਿਚ ਹੋਏ ਸਿੱਖ ਕਤਲੇਆਮ ਨਾਲ ਸੰਬੰਧਿਤ 7 ਕੇਸਾਂ ਨੂੰ ਮੁੜ ਤੋਂ ਖੋਲਣ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਨੂੰ ਸੌਂਪਣ `ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਉਸੇ ਅਰਸੇ ਦੌਰਾਨ ਹਰਿਆਣੇ ਦੇ ਹੋਂਦ ਚਿੱਲੜ ਵਿਖੇ ਕੀਤੇ ਗਏ ਵਹਿਸ਼ੀਆਨਾ ਸਮੂਹਿਕ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਅਤੇ ਪੀੜਤਾਂ ਨੂੰ ਇਨਸਾਫ ਦੇਣ ਲਈ ਵੀ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਖਿਆਲਾ ਵਲੋਂ ਜਾਰੀ ਬਿਆਨ `ਚ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਮਲ ਨਾਥ ਤੋਂ ਅਸਤੀਫਾ ਵੀ ਮੰਗਿਆ ਅਤੇ ਕਿਹਾ ਕਿ ਸਿੱਟ ਵਲੋਂ ਮੁੜ ਜਾਂਚ ਕੀਤੇ ਜਾਣ ਨਾਲ ਪੀੜਤਾਂ ਅਤੇ ਸਿੱਖ ਭਾਈਚਾਰੇ ਨੂੰ ਇਨਸਾਫ ਮਿਲਣ ਦੀ ਆਸ ਬੱਝੀ ਹੈ। ਕਾਂਗਰਸ ਦੀਆਂ ਸਰਕਾਰਾਂ ਵਲੋਂ ਦੋਸ਼ੀਆਂ ਨੂੰ ਨਾ ਕੇਵਲ ਬਚਾਇਆ ਜਾਂਦਾ ਰਿਹਾ ਸਗੋਂ ਉਹਨਾਂ ਨੂੰ ਉਚੇ ਅਹੁਦੇ ਅਤੇ ਰੁਤਬਿਆਂ ਨਾਲ ਨਿਵਾਜਿਆ ਜਾਂਦਾ ਰਿਹਾ।ਉਹਨਾਂ ਕਿਹਾ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਕੀਤੇ ਗਏ ਸਿੱਖਾਂ ਦੇ ਵਹਿਸ਼ੀਆਨਾ ਕਤਲੇਆਮ ਲਈ ਜਿਮੇਵਾਰ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਸਿੱਟ ਬਿਠਾਈ ਜਾਵੇ।
ਉਨਾਂ ਕਿਹਾ ਕਿ ਜਸਟਿਸ ਗਰਗ ਕਮਿਸ਼ਨ ਦੀ ਰਿਪੋਰਟ ਦੇ ਮਦੇਨਜਰ 43 ਪੀੜਤ ਪਰਿਵਾਰਿਕ ਮੈਬਰਾਂ ਨੂੰ ਹਰਿਆਣਾ ਸਰਕਾਰ ਵਲੋਂ 21 ਕਰੋੜ 70 ਲੱਖ ਦਾ ਮੁਆਵਜਾ ਤਾਂ ਵੰਡਿਆ ਗਿਆ, ਪਰ ਇਨਸਾਫ ਪ੍ਰਤੀ ਦੋਸ਼ੀਆਂ `ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਹਨਾਂ ਸ੍ਰੋਮਣੀ ਕਮੇਟੀ ਨੂੰ ਵੀ ਉਕਤ ਕਤਲ ਕਾਂਡ ਸੰਬੰਧੀ ਕੇਸ ਦੀ ਪੈਰਵਾਈ ਕਰਨ ਦੀ ਅਪੀਲ ਕੀਤੀ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media