ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2019-20 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਅੱਜ ਸੁੰਦਰ ਸਿੰਘ ਮਜੀਠੀਆ ਹਾਲ ’ਚ ਭਾਰੀ ਦੀਵਾਨ ਸੱਜਿਆ। ਜਿਸ ’ਚ ਉਚੇਚੇ ਤੌਰ ’ਤੇ ਹਾਜ਼ਰੀ ਲਗਾਉਣ ਲਈ ਪੁੱਜੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਨੇ ਵਿੱਦਿਆ ਦੀ ਮਹਾਨਤਾ ਬਾਰੇੇ ਕਥਾ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਿਕ ਸਮਾਗਮ ਦੀ ਸ਼ੁਰੂਆਤ ਪ੍ਰਸਿੱਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਲੋਪੋਕੇ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੀਰਤਨ ਕਰਕੇ ਕੀਤੀ ਗਈ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਮੌਕੇ ਜੀਵਨ ’ਚ ਗਿਆਨ ਪ੍ਰਾਪਤੀ ਲਈ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ’ਚ ਕੁਰੀਤੀਆਂ ਦਾ ਜ਼ੋਰ ਹੈ ਅਤੇ ਨੈਤਿਕ ਕਦਰਾਂ-ਕੀਮਤਾਂ ਘੱਟਦੀਆਂ ਜਾ ਰਹੀਆਂ ਹਨ।
ਆਨਰੇਰੀ ਸਕੱਤਰ ਛੀਨਾ ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਕੀਰਤਨੀਏ ਜਥੇ ਅਤੇ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਸੁਰਜੀਤ ਸਿੰਘ ਨੂੰ ਯਾਦਗਾਰੀ ਚਿੰਨ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਧਾਰਮਿਕ ਪ੍ਰੀਖਿਆਵਾਂ ’ਚ ਪਹਿਲਾਂ ਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। 
ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ, ਅਧਿਆਪਕਾਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਆਯੋਜਿਤ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਸਟੇਜ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਚਲਾਈ। ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਬਦ ਗਾਇਨ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਰਾਜਬੀਰ ਸਿੰਘ, ਹਰਮਿੰਦਰ ਸਿੰਘ ਫਰੀਡਮ, ਮੈਂਬਰ ਪਰਮਜੀਤ ਸਿੰਘ ਬੱਲ, ਉਪ ਕੁਲਪਤੀ ਗੁਰਮੋਹਨ ਸਿੰਘ ਵਾਲੀਆ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਾਜ਼ਰੀ ਲਵਾਈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media