Monday, August 4, 2025
Breaking News

ਕਾਲੀ ਸੂਚੀ ’ਚੋਂ 312 ਸਿੱਖਾਂ ਦੇ ਨਾਂ ਹਟਾਉਣ `ਤੇ ਲੌਂਗੋਵਾਲ ਵਲੋਂ ਕੇਂਦਰ ਸਰਕਾਰ ਦਾ ਸਵਾਗਤ

ਕਿਹਾ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ

Gobind Singh Longowalਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਉਨ੍ਹਾਂ ਆਖਿਆ ਕਿ ਇਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ `ਚ ਖ਼ੁਸ਼ੀ ਦੀ ਲਹਿਰ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਅਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ।ਲੌਂਗੋਵਾਲ ਨੇ ਆਖਿਆ ਕਿ ਕਾਲੀ ਸੂਚੀ ਵਿਚ ਸ਼ਾਮਲ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਸਨ। ਹੁਣ ਉਹ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ ਅਤੇ ਸਭ ਤੋਂ ਵੱਡੀ ਗੱਲ ਕਿ ਆਪਣੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ।ਉਨ੍ਹਾਂ ਇਸ ਅਹਿਮ ਫੈਸਲੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਦੀ ਲਗਾਈ ਜਾ ਰਹੀ ਫੀਸ ਮੁਆਫ਼ ਕਰਨ ਦੀ ਵੀ ਵਕਾਲਤ ਕੀਤੀ।ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਿੱਖਾਂ ਦੀਆਂ ਅਰਦਾਸਾਂ ਮਗਰੋਂ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਅਤੇ ਇਸ ’ਤੇ ਕਿਸੇ ਕਿਸਮ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ।ਸ਼ਰਧਾਲੂਆਂ ਨੂੰ ਬਿਨਾ ਕਿਸੇ ਫੀਸ ’ਤੇ ਆਪਣੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਘਰ ਅੰਦਰ ਸੰਗਤਾਂ ਫੀਸ ਦੇ ਕੇ ਨਹੀਂ ਜਾਂਦੀਆਂ।ਉਨ੍ਹਾਂ ਕਿਹਾ ਕਿ ਇਹ ਫੈਸਲਾ ਵਾਪਸ ਲਿਆ ਜਾਣਾ ਚਾਹੀਦਾ ਹੈ।ਲੌਂਗੋਵਾਲ ਨੇ ਭਾਰਤ ਸਰਕਾਰ ਅਪੀਲ ਕੀਤੀ ਕਿ ਇਹ ਫੀਸ ਹਟਾਉਣ ਲਈ ਪਾਕਿਸਤਾਨ ਸਰਕਾਰ ਨੂੰ ਆਖਣ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply