ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਅਤੇ ਸੂਬੇ ਦੇ ਬਾਕੀ ਤਖਤ ਸਾਹਿਬਾਨ ਦੇ ਲੰਗਰ ’ਤੇ ਸੂਬਾ ਜੀ.ਐਸ.ਟੀ ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕੀਤੀ ਹੈ।ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਅੱਜ ਤੱਕ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਵੱਲੋਂ ਜੀ.ਐਸ.ਟੀ ਦੀ ਵਾਪਸੀ ਦਾ ਇੱਕ ਪੈਸਾ ਵੀ ਪ੍ਰਾਪਤ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਵੱਲ 3.27 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਕੋਲ ਦੋ ਵਾਰ ਰਿਫੰਡ ਦੇ ਦਾਅਵੇ ਪੇਸ਼ ਕਰ ਚੁੱਕੀ ਹੈ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਆਡੀਟਰ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਵਾਰ ਵਾਰ ਮੁਲਾਕਾਤਾਂ ਦੇ ਬਾਵਜੂਦ ਰਾਜ ਦਾ ਜੀਐਸਟੀ ਰਿਫੰਡ ਜਾਰੀ ਨਹੀਂ ਕੀਤਾ ਗਿਆ।ਡਿਪਟੀ ਕਮਿਸ਼ਨਰ ਤੋਂ ਇਲਾਵਾ ਆਬਕਾਰੀ ਤੇ ਕਰ ਕਮਿਸ਼ਨਰ ਨਾਲ ਕਈ ਵਾਰ ਦਫਤਰੀ ਅਧਿਕਾਰੀਆਂ ਵੱਲੋਂ ਫੋਨ ’ਤੇ ਵੀ ਸੰਪਰਕ ਕੀਤਾ ਗਿਆ, ਪਰ ਕੋਈ ਨਤੀਜਾ ਸਾਹਮਣੇ ਨਹੀਂ ਆਇਆ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਮੁੱਖ ਮੰਤਰੀ ਇਹ ਦਾਅਵਾ ਕਰ ਰਹੇ ਹਨ ਕਿ ਇਹ ਪੈਸਾ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਦੇ ਦਿੱਤਾ ਗਿਆ ਹੈ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਸ ਨੂੰ ਜਾਰੀ ਕਰਨ ਲਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਕੀਤੀਆਂ ਕੋਸ਼ਿਸ਼ਾਂ ਦਾ ਸਾਰਾ ਰਿਕਾਰਡ ਮੌਜੂਦ ਹੈ ਅਤੇ ਮੁੱਖ ਮੰਤਰੀ ਨੂੰ ਇਸ ਦੀ ਪੜਤਾਲ ਕਰਨੀ ਚਾਹੀਦੀ ਹੈ ਕਿ ਗੁਰੂ ਘਰ ਦਾ ਪੈਸਾ ਕਿਉਂ ਨਹੀਂ ਵਾਪਿਸ ਕੀਤਾ ਜਾ ਰਿਹਾ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media