ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਜੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਰਹੇ ਜਥੇਦਾਰ ਗਿਆਨੀ ਪੂਰਨ ਸਿੰਘ ਨੇ ਜੂਨ `84 ਦੇ ਹਮਲੇ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਰਹਿ ਕੇ ਬਹੁਤ ਵੱਡੀ ਸੇਵਾ ਨਿਭਾਈ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਦੇ ਵਿਦਿਆਰਥੀ ਰਹੇ ਗਿਆਨੀ ਪੂਰਨ ਸਿੰਘ ਸਿੱਖ ਪੰਥ ਦੀ ਉਘੀ ਧਾਰਮਿਕ ਸ਼ਖ਼ਸੀਅਤ ਸਨ, ਜਿਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਦਸਿਆ ਕਿ ਸਿੰਘ ਸਾਹਿਬ ਦਾ ਮਹਾਪੁਰਸ਼ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਬਾਬਾ ਠਾਕੁਰ ਸਿੰਘ ਜੀ ਨਾਲ ਵੀ ਗਹਿਰਾ ਪ੍ਰੇਮ ਸੀ। ਉਨਾਂ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ `ਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਹਰਦੀਪ ਸਿੰਘ, ਗਿਆਨੀ ਜੀਵਾ ਸਿੰਘ, ਜਥੇ: ਸੁਖਦੇਵ ਸਿੰਘ ਅਨੰਦ ਪੁਰ ਸਾਹਿਬ ਅਤੇ ਪ੍ਰੋ: ਸਰਚਾਂਦ ਸਿੰਘ ਸ਼ਾਮਿਲ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media