ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਈ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਪ੍ਰਤੀ ਫੈਸਲੇ ਨੂੰ ਮਾਨਵੀ ਅਧਾਰ `ਤੇ ਤਿਆਗ ਦੇਣ ਦੀ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਪਰਿਵਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ। ਦਮਦਮੀ ਟਕਸਾਲ ਦੇ ਮੁੱਖੀ ਨੇ ਵਿਧਾਇਕ ਗੁਰਕੀਰਤ ਸਿੰਘ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਨੂੰ ਕੇਵਲ ਰਾਜਨੀਤਿਕ ਪੱਖੋਂ ਹੀ ਨਹੀਂ ਲਿਆ ਜਾਣਾ ਚਾਹੀਦਾ। ਉਹ ਨਾ ਕੇਵਲ 23 ਸਾਲ ਜੇਲ ਕੱਟ ਚੁੱਕਿਆ ਹੈ, ਸਗੋਂ ਇਹ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਵੀ ਜੁੜੀਆਂ ਹੋਈਆਂ ਹਨ।ਕੇਂਦਰ ਦੇ ਫੈਸਲੇ ਨਾਲ ਉਸ ਦੇ ਪਰਿਵਾਰ ਨੇ ਹੀ ਨਹੀਂ ਸਗੋਂ ਸਿੱਖ ਕੌਮ ਨੇ ਵੀ ਰਾਹਤ ਮਹਿਸੂਸ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ `ਚ ਦਮਦਮੀ ਟਕਸਾਲ ਦੇ ਮੁੱਖੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਵਲੋਂ ਪੰਜਾਬ ਅਤੇ ਸਿੱਖ ਕੌਮ ਨਾਲ ਕੀਤੀਆਂ ਗਈਆਂ ਬੇਇਨਸਾਫੀਆਂ ਦੇ ਚੱਲਦਿਆਂ ਜੋ ਕੁੱਝ ਵਾਪਰਿਆ, ਉਹ ਬਹੁਤ ਲੰਮੀ ਦੁਖਦਾਈ ਸੀ।ਸਮੇਂ ਦੇ ਬੀਤਣ ਨਾਲ ਕੇਂਦਰ ਸਰਕਾਰ ਵਲੋਂ ਉਕਤ ਪ੍ਰਤੀ ਕੋਈ ਵਡੀ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਉਸ ਦਾ ਹਰੇਕ ਨੂੰ ਸਵਾਗਤ ਕਰਨਾ ਬਣਦਾ ਹੈ।ਸਿੱਖ ਭਾਈਚਾਰੇ ਵਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਮੰਗਾਂ ਪ੍ਰਤੀ ਕੇਂਦਰ ਵਲੋਂ ਸਾਰਥਿਕ ਪਹੰੁਚ ਅਪਣਾਉਦਿਆਂ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਮਾਨਵੀ ਅਤੇ ਸਦਭਾਵਨਾ ਪੱਖੋਂ ਭਾਈ ਰਾਜੋਆਣੀ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਅਤੇ 8 ਹੋਰ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਦੇਸ਼ ਅਤੇ ਰਾਜ ਦੀ ਅਮਨ ਸ਼ਾਂਤੀ ਨੂੰ ਕੋਈ ਖਤਰਾ ਜਾਂ ਨੁਕਸਾਨ ਨਹੀਂ ਹੋਵੇਗਾ।ਇਸ ਲਈ ਬੇਅੰਤ ਸਿੰਘ ਪਰਿਵਾਰ ਨੂੰ ਭਾਈ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ `ਚ ਤਬਦੀਲ ਕਰਨ ਦੇ ਖਿਲਾਫ ਸੁਪਰੀਮ ਕੋਰਟ ਜਾਣ ਦਾ ਵਿਚਾਰ ਤਿਆਗ ਦੇਣ ਦੀ ਉਨਾਂ ਸਲਾਹ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media