ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਹੋਣਗੇ ਸ਼ਾਮਲ
ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁੂਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲਣ ਦੇ ਇਤਿਹਾਸਕ ਦਿਹਾੜੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦਿੱਤਾ।ਦੋ ਵੱਖੋ-ਵੱਖਰੀਆਂ ਮਿਲਣੀਆਂ ਵਿੱਚ ਮੁੱਖ ਮੰਤਰੀ ਨੇ ਦੋਵਾਂ ਸਖਸ਼ੀਅਤਾਂ ਨੂੰ ਸੱਦਾ ਦਿੰਦਿਆਂ ਇਨਾਂ ਵੱਡੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਸੂਬਾ ਸਰਕਾਰ ਵਲੋਂ ਇਨਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੇ ਸੱਦਾ ਪੱਤਰ ਨੂੰ ਸਵੀਕਾਰ ਕਰ ਲਿਆ ਅਤੇ ਉਨਾਂ ਦੇ ਦੌਰੇ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਪਾਕਿਸਤਾਨ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਖੁੱਲਣ ਦੇ ਉਦਘਾਟਨੀ ਪ੍ਰੋਗਰਾਮ ਨੂੰ ਤੈਅ ਕਰਨ ਤੋਂ ਬਾਅਦ ਦਿੱਤਾ ਜਾਵੇਗਾ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਸਮਾਗਮਾਂ ਦਾ ਵਿਸਥਾਰਤ ਅਧਿਕਾਰਤ ਪ੍ਰੋਗਰਾਮ ਸਾਂਝਾ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਉਹ ਆਪਣੇ ਰੁਝੇਵਿਆਂ ਅਨੁਸਾਰ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੋਵਾਂ ਨੂੰ ਬੇਨਤੀ ਕੀਤੀ ਕਿ ਉਹ ਵਿਸ਼ੇਸ਼ ਤੌਰ `ਤੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘਾ ਖੁੱਲਣ ਦੇ ਉਦਘਾਟਨੀ ਸਮਾਗਮ ਅਤੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਬੇਨਤੀ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਹੁਣ ਪਾਕਿਸਤਾਨ) ਜਾਣ ਵਾਲੇ ਵਿਸ਼ੇਸ਼ ਸਰਵ ਪਾਰਟੀ ਜਥੇ ਨੂੰ ਰਾਜਸੀ ਮਨਜ਼ੂਰੀ ਦਿਵਾਉਣ ਲਈ ਨਿੱਜੀ ਤੌਰ `ਤੇ ਦਖਲ ਦੇਣ। ਉਨਾਂ ਬੇਨਤੀ ਕੀਤੀ ਕਿ 30 ਅਕਤੂਬਰ ਤੋਂ 3 ਨਵੰਬਰ 2019 ਤੱਕ 21 ਵਿਅਕਤੀਆਂ ਦੇ ਜੱਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਅਤੇ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਵਾਇਆ ਅੰਮ੍ਰਿਤਸਰ (ਵਾਹਗਾ) ਨਗਰ ਕੀਰਤਨ ਲਿਜਾਣ ਦੀ ਆਗਿਆ ਦਿੱਤੀ ਜਾਵੇ।ਨਗਰ ਕੀਰਤਨ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਡਾ. ਐਸ.ਜੈਸ਼ੰਕਰ ਨੂੰ ਵੀ ਅਰਧ ਸਰਕਾਰੀ ਪੱਤਰ ਲਿਖਦਿਆਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਰਸਮੀ ਤੌਰ `ਤੇ ਪ੍ਰਵਾਨਗੀ ਦਿਵਾਉਣ ਦੀ ਮੰਗ ਕੀਤੀ ਅਤੇ ਨਗਰ ਕੀਰਤਨ ਨੂੰ ਪਾਕਿਸਤਾਨ ਤੋਂ ਪੰਜਾਬ ਲਿਆਉਣ ਦੀ ਮਨਜ਼ੂਰੀ ਦਿੱਤੀ ਜਾਵੇ।
ਸੂਬਾ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ 5 ਤੋਂ 15 ਨਵੰਬਰ 2019 ਤੱਕ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤ ਦੀ ਸੰਖੇਪ ਜਨਤਕ ਸਭਾ ਉਪਰੰਤ ਸਮਾਗਮ ਨੂੰ ਹਰੀ ਝੰਡੀ ਦਿੱਤੀ ਜਾਵੇਗੀ ਜਿਵੇਂ ਕਿ ਪਿੱਛੇ ਹੁੰਦਾ ਰਿਹਾ ਹੈ।ਪੰਜਾਬ ਸਰਕਾਰ ਵਲੋਂ 1 ਨਵੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਵ ਭਾਰਤੀ ਮੀਟਿੰਗ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਇਸ ਸਭਾ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ/ਸੰਗਤ ਦੇ ਠਹਿਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਇੰਤਜ਼ਾਮ ਸੂਬਾ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ।ਸੂਬਾ ਸਰਕਾਰ ਤਰਫੋਂ ਦੋਵਾਂ ਨੂੰ ਨਿੱਘਾ ਸੱਦਾ ਪੱਤਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਯਾਦਗਾਰੀ ਤਜ਼ੱਰਬਾ ਹਾਸਲ ਕਰਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …