ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ
ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ `ਚ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਾ ਹੋਇਆ।ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ।ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਚੱਲ ਰਹੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਬੀਤੀ ਰਾਤ 1:00 ਵਜੇ ਦੇ ਕਰੀਬ ਤਰਾਵੜੀ ਵਿਖੇ ਨਗਰ ਕੀਰਤਨ ਪੁੱਜਾ, ਜਿਥੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।ਸਵਾਗਤ ਕਰਨ ਵਾਲੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਮਸਾਣਾ, ਹਰਦੀਪ ਸਿੰਘ ਲਾਗਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸੇ ਦੌਰਾਨ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਲਈ ਰਵਾਨਗੀ ਸਮੇਂ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ।ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ।ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਬਾਬਾ ਜੋਗਾ ਸਿੰਘ, ਪ੍ਰਤਾਪ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਪਰਮਜੀਤ ਸਿੰਘ, ਸੁਖਦੇਵ ਸਿੰਘ ਮੈਨੇਜਰ ਪੰਜੋਖਰਾ ਸਾਹਿਬ ਆਦਿ ਮੌਜੂਦ ਸਨ। ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਹਰਿਆਣਾ ਰਾਜ ਅੰਦਰ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਭਾਰੀ ਉਤਸ਼ਾਹ ਹੈ ਅਤੇ ਨਗਰ ਕੀਰਤਨ ਦੇ ਮਾਰਗ ’ਤੇ ਸਵਾਗਤੀ ਗੇਟ, ਸੁੰਦਰ ਲੜੀਆਂ ਆਦਿ ਖਿੱਚ ਦਾ ਕੇਂਦਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media