Friday, November 22, 2024

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਾਮਲ ਹੋਣ ਲਈ ਡਾ. ਮਨਮੋਹਨ ਸਿੰਘ ਦੇ ਕਦਮਾਂ ’ਤੇ ਚੱਲਣ ਮੁੱਖ ਮੰਤਰੀ

Longowal4ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਟੇਜ਼ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ।
                  ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਮੁਤਾਬਕ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਏਕਤਾ ਲਈ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਪੈਦਾ ਭੰਬਲਭੂਸਾ ਤੁਰੰਤ ਖ਼ਤਮ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬੀਤੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਮਨਾਈਆਂ ਜਾਂਦੀਆਂ ਰਹੀਆਂ ਸ਼ਤਾਬਦੀਆਂ ਸਮੇਂ ਧਾਰਮਿਕ ਸਮਾਗਮਾਂ ਵਿਚ ਸੂਬਾ ਅਤੇ ਕੇਂਦਰ ਸਰਕਾਰਾਂ ਸ਼ਾਮਲ ਹੋ ਕੇ ਤਨੋ-ਮਨੋ ਯੋਗਦਾਨ ਦਿੰਦੀਆਂ ਰਹੀਆਂ ਹਨ।ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਦੇ ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵੀ ਪੁਰਾਣੀ ਰਵਾਇਤ ਨੂੰ ਕਾਇਮ ਰੱਖਣਗੇ।ਉਨ੍ਹਾਂ ਉਮੀਦ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ 12 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਮੁੱਖ ਸਮਾਗਮ ਵਾਸਤੇ ਜ਼ਰੂਰ ਸਹਿਯੋਗੀ ਬਣੇਗੀ।
                     ਲੌਂਗੋਵਾਲ ਨੇ ਅਪੀਲ ਕੀਤੀ ਕਿ ਸਾਰੀਆਂ ਸਿਆਸੀ ਵੰਡੀਆਂ ਤੋਂ ਉਪਰ ਉਠ ਕੇ ਸਿੱਖ ਮਰਯਾਦਾ ਦਾ ਪਾਲਣ ਕਰਦੇ ਹੋਏ ਉਸੇ ਤਰ੍ਹਾਂ ਇਕਜੁੱਟ ਹੋ ਕੇ ਸ਼ਤਾਬਦੀ ਸਮਾਗਮ ਮਨਾਉਣੇ ਚਾਹੀਦੇ ਹਨ, ਜਿਸ ਤਰ੍ਹਾਂ ਪਹਿਲੇ ਮਨਾਏ ਜਾਂਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਰਬ ਪ੍ਰਵਾਨਿਤ ਧਾਰਮਿਕ ਸੰਸਥਾ ਹੈ, ਜੋ ਸਾਰੀਆਂ ਸ਼ਤਾਬਦੀਆਂ ਸਮੇਂ ਸਮਾਗਮਾਂ ਦਾ ਪ੍ਰਬੰਧ ਕਰਦੀ ਰਹੀ ਹੈ ਅਤੇ ਹਰ ਸਮਾਗਮ ਵਿਚ ਸਰਕਾਰਾਂ ਸਹਿਯੋਗ ਦਿੰਦੀਆਂ ਰਹੀਆਂ ਹਨ। 1999 ਵਿਚ ਖ਼ਾਲਸਾ ਸਿਰਜਣਾ ਦੇ 300 ਸਾਲਾ ਸਮਾਗਮਾਂ ਦੌਰਾਨ ਕਾਂਗਰਸ ਦੀ ਨੁਮਾਇੰਦੀ ਉੱਘੇ ਆਗੂ ਡਾ. ਕਰਨ ਸਿੰਘ ਨੇ ਕੀਤੀ ਸੀ।2004 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 400 ਸਾਲਾ ਗੁਰਗੱਦੀ ਸ਼ਤਾਬਦੀ ਸਮੇਂ ਸ੍ਰੀ ਅੰਮ੍ਰਿਤਸਰ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਭਾਗ ਲਿਆ ਸੀ।ਇਥੋਂ ਤੱਕ ਕੇ ਪੰਜਾਬ ਤੋਂ ਬਾਹਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਬਿਹਾਰ ਸਰਕਾਰ ਨੇ 3 ਦਿਨ ਲਈ ਸਟੇਜ਼ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਮਰਯਾਦਾ ਮੁਤਾਬਿਕ ਸਮਾਗਮ ਚਲਾਇਆ ਸੀ।
                     ਲੌਂਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਨੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਯਤਨ ਲਗਾਤਾਰ ਜਾਰੀ ਹਨ।ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੁਝਾਅ ਅਨੁਸਾਰ ਤਾਲਮੇਲ ਕਮੇਟੀ ਬਣਾਈ ਗਈ।ਇਸ ਦੀਆਂ 14 ਅਗਸਤ ਤੇ 6 ਸਤੰਬਰ ਦੀਆਂ ਮੀਟਿੰਗਾਂ ਸਰਕਾਰੀ ਨੁਮਾਇੰਦੇ ਨਾਮਜ਼ਦ ਨਾ ਹੋਣ ਕਾਰਨ ਸਿਰੇ ਨਾ ਚੜ੍ਹ ਸਕੀਆਂ। ਇਸ ਤੋਂ ਬਾਅਦ 17 ਸਤੰਬਰ ਅਤੇ 4 ਅਕਤੂਬਰ ਦੀਆਂ ਦੋ ਮੀਟਿੰਗਾਂ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਭਾਵੇਂ ਮੰਤਰੀਆਂ ਨੇ ਭਰੋਸਾ ਦਵਾਇਆ ਸੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰਾ ਕਰਕੇ ਤਾਲਮੇਲ ਕਮੇਟੀ ਨੂੰ ਦੱਸਣਗੇ, ਪਰ ਸ਼੍ਰੋਮਣੀ ਕਮੇਟੀ ਅਜੇ ਤੱਕ ਜਵਾਬ ਉਡੀਕ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਨਮਾਨ ਕਰਦੇ ਹੋਏ ਸਾਂਝੇ ਤੌਰ ’ਤੇ ਪ੍ਰਕਾਸ਼ ਪੁਰਬ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਸਹਿਮਤ ਹੁੰਦੇ ਹਨ, ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਸ਼ੁਕਰਗੁਜ਼ਾਰ ਹੋਵੇਗੀ।
                  ਲੌਂਗੋਵਾਲ ਨੇ ਇਹ ਵੀ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਜਾਣਗੇ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਜਗ੍ਹਾ ਦੀ ਕਮੀ ਹੋਣ ਕਰਕੇ ਗੁਰਦੁਆਰਾ ਸਾਹਿਬ ਦੀ ਸਟੇਜ਼ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਜਾ ਰਹੀ ਹੈ, ਜੋ ਗੁਰਦੁਆਰਾ ਸਾਹਿਬ ਤੋਂ ਕੇਵਲ 100 ਮੀਟਰ ਦੀ ਦੂਰੀ ’ਤੇ ਹੀ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply