ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ
ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਤਿੰਨ ਨੌਜੁਆਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ।ਇਹ ਨੌਜੁਆਨ ਪੰਜ ਤਖ਼ਤਾਂ ਦੀ ਯਾਤਰਾ ਮੋਟਰਸਾਈਕਲਾਂ ’ਤੇ ਕਰ ਰਹੇ ਹਨ।ਇਹ ਜ਼ਮਸ਼ੇਦਪੁਰ ਟਾਟਾ ਨਗਰ ਤੋਂ 1 ਅਕਤੂਬਰ ਨੂੰ ਆਪਣੀ ਯਾਤਰਾ ਆਰੰਭ ਕਰਕੇ ਬੀਤੇ ਕੱਲ੍ਹ 8 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਸਨ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨੌਜਵਾਨ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਮਿਲੇ, ਜਿਥੇ ਉਨ੍ਹਾਂ ਨੇ ਨੌਜੁਆਨਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
ਇਹ ਨੌਜੁਆਨ 3 ਅਕਤੂਬਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਮੁਕੰਮਲ ਕਰ ਚੁੱਕੇ ਹਨ। ਨੌਜੁਆਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਦਾ ਮੰਤਵ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਜੁਆਨਾਂ ਅੰਦਰ ਉਤਸ਼ਾਹ ਪੈਦਾ ਕਰਨਾ ਹੈ।ਉਹ ਚਾਹੁੰਦੇ ਹਨ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਨੌਜੁਆਨਾਂ ਦੀ ਭਰਵੀਂ ਸ਼ਮੂਲੀਅਤ ਹੋਵੇ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਸਨਮਾਨ ਲਈ ਧੰਨਵਾਦ ਕੀਤਾ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਤੇ ਸਤਿੰਦਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media