ਟੈਂਟ ਸਿਟੀ, ਮੁੱਖ ਪੰਡਾਲ, ਪਾਰਕਿੰਗ ਤੇ ਪਵਿੱਤਰ ਬੇਈਂ ਦਾ ਕੀਤਾ ਦੌਰਾ
ਸੁਲਤਾਨਪੁਰ ਲੋਧੀ/ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਵੱਲੋਂ ਅੱਜ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ
ਵਫ਼ਦ ਨਾਲ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਪੰਜਾਬ ਸਰਕਾਰ ਦੀ ਤਰਫੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਵੀ ਹਾਜ਼ਰ ਸਨ।
ਆਪਣੇ ਦੌਰੇ ਦੌਰਾਨ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਮਾਛੀਜੋਆ ਨੇੜੇ ਮੁੱਖ ਪੰਡਾਲ ਅਤੇ ਟੈਂਟ ਸਿਟੀ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ਕੀਤੀ ਗਈ।ਉਨ੍ਹਾਂ ਸਮਾਗਮ ਦੌਰਾਨ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੀਆ ਪ੍ਰਮੁੱਖ ਸ਼ਖਸੀਅਤਾਂ ਦੇ ਦਾਖ਼ਲੇ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਰਸ਼ਨ ਕਰਨ ਕਰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਮੌਕੇ ਸੁਲਤਾਨਪੁਰ ਲੋਧੀ ਵਿਖੇ 400 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ।
ਪਹਿਲੀ ਨਵੰਬਰ ਤੋਂ ਸ਼ਰਧਾਲੂਆਂ ਦੀ ਗਿਣਤੀ ਵਿਚ ਵੱਡਾ ਵਾਧਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਸਕੱਤਰ ਨੇ ਪਾਰਕਿੰਗ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਗੁਰਪੁਰਬ ਸਮਾਗਮਾਂ ਦੌਰਾਨ ਸ਼ਰਧਾਲੂਆਂ `ਤੇ ਘੱਟੋ-ਘੱਟ ਰੋਕਾਂ ਲਗਾਈਆਂ ਜਾਣ, ਪ੍ਰੰਤੂ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ।
ਡੀ.ਜੀ.ਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਅਤੇ ਸੁਚਾਰੂ ਆਵਾਜਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਜਿਸ ਤਹਿਤ ਸਾਰੇ ਖੇਤਰਾਂ ਨੂੰ 15 ਸੈਕਟਰਾਂ ਵਿਚ ਵੰਡ ਕੇ 9 ਵੱਡੀਆਂ ਪਾਰਕਿੰਗ ਬਣਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਪਾਰਕਿੰਗ ਤੋਂ ਗੁਰਦੁਆਰਾ ਸਾਹਿਬ ਤੱਕ ਮਿੰਨੀ ਬੱਸਾਂ ਅਤੇ ਈ-ਰਿਕਸ਼ਾ ਰਾਹੀਂ ਲਿਜਾਇਆ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਲਈ 5 ਹਜ਼ਾਰ ਦੇ ਕਰੀਬ ਪੁਲਿਸ ਜਵਾਨਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਸਕੱਤਰ ਤੇ ਹੋਰਨਾਂ ਉੱਚ ਅਧਿਕਾਰੀਆ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਮੱਥਾ ਟੇਕਿਆ।ਇਸ ਮੌਕੇ ਏ.ਡੀ.ਜੀ.ਪੀ ਈਸ਼ਵਰ ਸਿੰਘ, ਆਈ.ਜੀ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ, ਐਸ.ਐਸ.ਪੀ ਸਤਿੰਦਰ ਸਿੰਘ ਹਾਜ਼ਰ ਸਨ।
Punjab Post Daily Online Newspaper & Print Media