ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਸਜਾਏ ਨਗਰ ਨਗਰ ਕੀਰਤਨ ਦਾ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ।ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ।ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਰਸਤੇ ਸਕੂਲਾਂ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਕਤਾਰਾਂ ਬਣਾ ਕੇ ਖੜ੍ਹੇ ਹੋਏ ਸਨ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਪੀਲੀਆਂ ਦਸਤਾਰਾਂ ਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਲਿਖੀਆਂ ਪੱਟੀਆਂ ਸਜ਼ਾ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਰਸਤੇ ਨੂੰ ਚਾਰ ਪੜਾਵਾਂ ’ਚ ਵੰਡ ਕੇ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਬੀਬੀ ਕੌਲਾਂ ਜੀ ਭਲਾਈ ਕੇਂਦਰ, ਕਾਰ ਸੇਵਾ ਭੂਰੀਵਾਲੇ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਪਾਤਸ਼ਾਹੀ ਨੌਵੀਂ ਨੇ ਵੀ ਲੰਗਰਾਂ ਦੀ ਸੇਵਾ ਕੀਤੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਦਰਸਾਉਂਦੇ ਕਿਤਾਬਚੇ ਵੰਡਣ ਦੀ ਸੇਵਾ ਕੀਤਾ ਗਈ।ਇਹ ਟ੍ਰੈਕਟ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿਚ ਸਨ।ਨਗਰ ਕੀਰਤਨ ਵਿਚ ਵੱਖ-ਵੱਖ ਸੂਬਿਆਂ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ।