ਜਲੌ ਸੱਜੇ, ਦੀਪਮਾਲਾ ਤੇ ਆਤਿਸ਼ਬਾਜ਼ੀ ਚਲਾਈ ਗਈ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ
ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਇਥੇ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਕੀਮਤੀ ਵਸਤਾਂ ਦੇ ਜਲੌ ਵੀ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮਾਂ ਦੌਰਾਨ ਵੱਖ-ਵੱਖ ਮੁਕਾਬਲਿਆਂ ’ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਹ ਮੁਕਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ ਸਨ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਵਿੰਦਰ ਕੌਰ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਬਘੇਲ ਸਿੰਘ ਤੇ ਨਰਿੰਦਰ ਸਿੰਘ, ਬਾਬਾ ਬਲਬੀਰ ਸਿੰਘ ਭੂਰੀਵਾਲੇ ਆਦਿ ਨੇ ਹਾਜ਼ਰੀ ਭਰੀ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media