ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਕੀਤੀ ਜਾਰੀ
ਚੰਡੀਗੜ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ
ਲਈ ਖੁੱਲ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਰੰਧਾਵਾ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲਣਾ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਪਲ ਹੈ ਜਿਸ ਨੂੰ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨਾਂ ਕਿਹਾ ਕਿ ਭਾਰਤ ਵਾਲੇ ਪਾਸੇ ਲਾਂਘੇ ਦਾ ਨਿਰਮਾਣ ਕੰਮ ਕਰੀਬ ਮੁਕੰਮਲ ਹੋਣ ਵਾਲਾ ਹੈ ਅਤੇ 31 ਅਕਤੂਬਰ ਤੱਕ ਹਰ ਹੀਲੇ ਕੰਮ ਮੁਕੰਮਲ ਹੋ ਜਾਵੇਗਾ।ਨਵਬੰਰ ਮਹੀਨੇ ਲਾਂਘੇ ਦੇ ਉਦਘਾਟਨ ਲਈ ਸੂਬਾ ਸਰਕਾਰ ਪੂਰੀ ਤਰਾਂ ਤਿਆਰ ਹੈ।ਉਨਾਂ ਦੱਸਿਆ ਕਿ ਕਰਤਾਰਪੁਰ ਲਾਂਘੇ ਦੇ ਖੁੱਲਣ ਕਾਰਨ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਹੁਣੇ ਤੋਂ ਹੀ ਵਾਧਾ ਹੋ ਗਿਆ ਹੈ।ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਕੋਈ ਵੀ ਕਸਰ ਨਾ ਛੱਡਣ ਦੇ ਆਦੇਸ਼ ਦਿੱਤੇ ਹਨ।ਉਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸੰੁਦਰੀਕਰਨ ਦਾ ਪ੍ਰਾਜੈਕਟ ਵੀ ਜ਼ੋਰਾ ’ਤੇ ਚੱਲ ਰਿਹਾ ਹੈ। ਉਨਾਂ ਕਿਹਾ ਕਿ ਪੂਰੇ ਸ਼ਹਿਰ ਨੂੰ ਵਿਰਾਸਤੀ ਦਿੱਖ ਦਿੱਤੀ ਜਾ ਰਹੀ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ 8 ਤੋਂ 11 ਨਵੰਬਰ ਤੱਕ ਮਨਾਏ ਜਾਣ ਵਾਲੇ ਡੇਰਾ ਬਾਬਾ ਨਾਨਕ ਉਤਸਵ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਬਾਬਾ ਨਾਨਕ ਆਉਣਗੇ। ਇਸ ਮੌਕੇ ਉਨਾਂ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਵੀ ਜਾਰੀ ਕੀਤੀ। ਉਨਾਂ ਕਿਹਾ ਕਿ ਸੰਗਤਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨਾਂ ਕਿਹਾ ਕਿ ਸੰਗਤਾਂ ਦੇ ਠਹਿਰਨ, ਲੰਗਰ, ਪਾਰਕਿੰਗ ਆਦਿ ਦਾ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ। 5 ਹਜ਼ਾਰ ਸੰਗਤਾਂ ਦੇ ਠਹਿਰਨ ਲਈ ਟੈਂਟ ਸਿਟੀ ਅਤੇ 30 ਹਜ਼ਾਰ ਸੰਗਤ ਦੇ ਬੈਠਣ ਦੀ ਸਮਰੱਥਾ ਵਾਲਾ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਉਤਸਵ ਦੌਰਾਨ ਧਾਰਮਿਕ ਸਮਾਗਮਾਂ ਦੇ ਨਾਲ ਸਾਹਿਤਕ, ਅਕਾਦਮਿਕ ਸਮਾਗਮ ਸੰਗਤਾਂ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗਣਗੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਉਚੇਚੇ ਤੌਰ ’ਤੇ ਲਿਆਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਤੇ ਦੁਰਲੱਭ ਹੱਥ ਲਿਖਤ 16 ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ।
ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀਮਤੀ ਕਲਪਨਾ ਬਰੂਹਾ ਮਿੱਤਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ ਕਮਲਦੀਪ ਸਿੰਘ ਸੰਘਾ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਮਾਰਕਫੈਡ ਦੇ ਐਡੀਸ਼ਨਲ ਐਮ.ਡੀ ਰਾਹੁਲ ਗੁਪਤਾ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ ਚਰਨਦੇਵ ਸਿੰਘ ਮਾਨ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ ਡਾ.ਐਸ.ਕੇ ਬਾਤਿਸ਼ ਤੇ ਡੇਰਾ ਬਾਬਾ ਉਤਸਵ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media