ਮੁੱਖ ਮੰਤਰੀ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਰਾਜਪੁਰਾ, 26 ਸਤੰਬਰ (ਡਾ: ਗੁਰਵਿੰਦਰ ਅਮਨ) – ਸੀਨੀਅਰ ਆਈ.ਏ.ਐਸ ਅਧਿਕਾਰੀ ਸ. ਕਾਹਨ ਸਿੰਘ ਪੰਨੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਜਥੇਦਾਰ ਜਸਵੰਤ ਸਿੰਘ ਨੀਲਪੁਰ ਸੰਖੇਪ ਬਿਮਾਰੀ ਮਗਰੋਂ ਰਾਜਪੁਰਾ ਨੇੜਲੇ ਇੱਕ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ। ਸਵ. ਜਸਵੰਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਰਾਜਪੁਰਾ ਵਿਖੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਨੀਲਪੁਰ ਦੇ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਉਹ 84 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਆਪਣੇ ਤਿੰਨ ਪੁੱਤਰਾਂ ਸ. ਕਾਹਨ ਸਿੰਘ ਪੰਨੂ, ਸ. ਧਿਆਨ ਸਿੰਘ ਅਤੇ ਸ. ਜਗਮੀਤ ਸਿੰਘ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਜਥੇਦਾਰ ਜਸਵੰਤ ਸਿੰਘ ਨੇ ਕਰੀਬ ਦੋ ਦਹਾਕੇ ਮਾਰਕੀਟਿੰਗ ਯੂਨੀਅਨ ਰਾਜਪੁਰਾ ਦੇ ਚੇਅਰਮੈਨ ਦੇ ਅਹੁਦੇ ਤੇ ਸਰਬਸੰਮਤੀ ਨਾਲ ਸੇਵਾਵਾਂ ਨਿਭਾਈਆਂ ਜਦਕਿ ਉਨ੍ਹਾਂ ਨੇ ਸਰਕਲ ਪ੍ਰਧਾਨ ਦਿਹਾਤੀ, ਸੀਨੀਅਰ ਮੀਤ ਪ੍ਰਧਾਨ ਸ਼ੋਮਣੀ ਅਕਾਲੀ ਦਲ ਦਿਹਾਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਮੈਬਰ ਵੱਜੋਂ ਵੀ ਸੇਵਾਵਾਂ ਨਿਭਾਈਆਂ।ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ, ਰਾਜਸੀ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਨੇ ਪੁੱਜ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਜਥੇਦਾਰ ਜਸਵੰਤ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਨੀਲਪੁਰ ਪਾਰਟੀ ਦੇ ਵਫਾਦਾਰ ਸਿਪਾਹੀ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਜ ਦੇ ਕਮਜੋਰ ਵਰਗਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਬਤੀਤ ਕੀਤਾ। ਇਸ ਮੌਕੇ ਮੁੱਖ ਮੰਤਰੀ ਸ. ਬਾਦਲ ਦੀ ਤਰਫੋਂ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ. ਅਜੀਤ ਸਿੰਘ ਪੰਨੂ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਤਰਫੋਂ ਸ. ਹਰਵਿੰਦਰ ਸਿੰਘ ਹਰਪਾਲਪੁਰ, ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਰੁਣ ਰੂਜਮ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੋਹਿੰਦਰਪਾਲ, ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ਼੍ਰੀ ਰਾਜ ਖੁਰਾਣਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਰੀਥਾਂ ਰੱਖ ਕੇ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ।