ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬੰਦੀ ਛੋੜ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ
ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਗਵਾਲੀਅਰ ਦੀ ਕੈਦ ਵਿੱਚੋਂ ਛੁਡਾਏ 52 ਰਾਜਿਆਂ ਦਾ ਇਤਿਹਾਸ ਸੰਭਾਲੀ ਬੈਠਾ ਇਹ ਦਿਹਾੜਾ ਸਾਨੂੰ ਸੱਚ ਦੀ ਅਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿਚ ਅੱਗੇ ਆਉਣ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਲੋਕਾਈ ਨੂੰ ਇਕ ਨਵੀਂ ਰੋਸ਼ਨੀ, ਨਵੇਂ ਜਜ਼ਬੇ ਅਤੇ ਨਵੇਂ ਜੋਸ਼ ਦੇ ਰੂਬਰੂ ਕੀਤਾ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਕ੍ਰਾਂਤੀ ਦਾ ਮੁੱਢ ਬੰਨਣ ਵਾਲੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਹੋਏ ਮਾਰਗ ਨੂੰ ਅਪਨਾਉਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸੱਕਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ ਆਦਿ ਮੌਜੂਦ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media