35 ਸਰਕਾਰੀ ਮਿਡਲ ਅਤੇ ਹਾਈ ਸਕੂਲਾਂ ਨੂੰ ਕੀਤੀ ਖੇਡ ਕਿੱਟਾਂ ਦੀ ਵੰਡ
ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ 19000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ
ਬੁਨਿਆਂਦੀ ਢਾਂਚੇ ਦਾ ਵਿਕਾਸ ਕਰਕੇ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਦੀ ਮੁਹਿੰਮ ਪ੍ਰਗਤੀ ਅਧੀਨ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਐਨ.ਆਰ.ਆਈ, ਸਮਾਜ ਸੇਵੀਆਂ ਅਤੇ ਉਦਯੋਗਪਤੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜ਼ਿਲ੍ਹੇ ਦੇ 100 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਅਪਗ੍ਰੇਡ ਕਰਨ ਅਤੇ 35 ਸਰਕਾਰੀ ਸਕੂਲਾਂ ਨੂੰ ਖੇਡ ਕਿੱਟਾਂ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਕੀਤਾ।
ਸਿੰਗਲਾ ਨੇ ਕਿਹਾ ਕਿ ਪਿੰਡਾਂ `ਚੋਂ ਉਠ ਕੇ ਵਿਦੇਸ਼ਾਂ `ਚ ਜਾ ਵਸੇ ਪੰਜਾਬੀਆਂ ਦੇ ਮਨਾਂ ਵਿੱਚ ਕਿਤੇ ਨਾ ਕਿਤੇ ਇਹ ਚਾਅ ਜ਼ਰੂਰ ਹੁੰਦਾ ਹੈ ਕਿ ਉਹ ਆਪਣੇ ਪਿੰਡਾਂ ਦੇ ਸਕੂਲਾਂ ਲਈ ਵਿੱਤੀ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਜਿਹੜੇ ਦਾਨੀ ਸੱਜਣ ਸਰਕਾਰੀ ਸਕੂਲਾਂ ਦੀ ਅਪਗ੍ਰੇਡੇਸ਼ਨ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਅੱਗੇ ਆਉਣਗੇ।ਉਨ੍ਹਾਂ ਦੇ ਬਜ਼ੁਰਗਾਂ ਜਾਂ ਜਿਸ ਦਾ ਉਹ ਹੋਰ ਚਾਹੁਣਗੇ, ਸਕੂਲ ਦੇ ਬਲਾਕ ਦਾ ਨਾਂ ਰਖਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਨੇੜ ਭਵਿੱਖ `ਚ ਇਸ ਯੋਜਨਾ `ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ ਕਿ ਜਿਹੜੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਹੈ ਉਨ੍ਹਾਂ ਸਕੂਲਾਂ ਨੂੰ ਬੰਦ ਕਰਕੇ ਨੇੜਲੇ ਪਿੰਡਾਂ ਦੇ ਸਰਕਾਰੀ ਸਕੂਲਾਂ `ਚ ਵਿਦਿਆਰਥੀਆਂ ਨੂੰ ਤਬਦੀਲ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਵਿਦਿਆਰਥੀਆਂ ਲਈ ਮੁਫ਼ਤ ਆਵਾਜਾਈ ਸੁਵਿਧਾ ਮੁਹੱਈਆ ਕਰਵਾਈ ਜਾਵੇ। ਸ੍ਰੀ ਸਿੰਗਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਸੌ ਫੀਸਦੀ ਟੁਆਇਲਟ ਸੁਵਿਧਾ ਯਕੀਨੀ ਬਣਾਉਣ ਅਤੇ ਪੀਣ ਲਈ ਸਾਫ਼ ਪਾਣੀ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪੱਤਰਕਾਰਾਂ ਵਲੋਂ ਸੰਘਰਸ਼ ਕਰ ਰਹੇ ਅਧਿਆਪਕਾਂ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਹਰ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜਿਹੜੀਆਂ ਜਥੇਬੰਦੀਆਂ ਦੇ ਮਸਲੇ ਹੱਲ ਹੋ ਸਕਦੇ ਹਨ ਉਨ੍ਹਾਂ ਨੂੰ ਕੈਬਨਿਟ `ਚ ਲਿਜਾਣ ਸਬੰਧੀ ਤਜਵੀਜ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ ਅਤੇ ਜਿਹੜੀਆਂ ਜਥੇਬੰਦੀਆਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਸਕਦੇ ਉਨ੍ਹਾਂ ਲਈ ਰੋਡ ਮੈਪ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਦਾ ਰਾਹ ਛੱਡ ਕੇ ਗੱਲਬਾਤ ਦੀ ਪ੍ਰਕਿਰਿਆ ਅਪਣਾਉਣ।ਇਸ ਦੌਰਾਨ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਸਕਟਬਾਲ ਖੇਡ ਮੈਦਾਨ ਦੇ ਨਿਰਮਾਣ ਕਾਰਜ ਵੀ ਸ਼ੁਰੂ ਕਰਵਾਏ।
ਸਮਾਗਮ ਦੌਰਾਨ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਸੁਭਾਸ਼ ਚੰਦਰ, ਜ਼ਿਲ੍ਹਾ ਸਿਖਿਆ ਅਫ਼ਸਰ (ਪ੍ਰਾਇਮਰੀ) ਪਰਮਜੀਤ ਕੌਰ ਆਦਿ ਵੀ ਹਾਜ਼ਰ ਸਨ।
Check Also
DAV Public School celebrates outstanding success in NEET UG 2026
Amritsar, July 18 (Punjab Post Bureau) – DAV Public School Lawrence Road is proud to …
Punjab Post Daily Online Newspaper & Print Media