ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਬਿਹਤਰੀਨ ਤਾਲਮੇਲ ਸਥਾਪਿਤ ਕਰਨ ਲਈ ਕਿਹਾ
ਸੁਲਤਾਨਪੁਰ ਲੋਧੀ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਦੇ ਆਈ.ਜੀ ਨੌਨਿਹਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਨੇ ਕਿਹਾ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ,ਸੁਚਾਰੂ ਆਵਾਜਾਈ,ਸੰਗਤ ਦੇ ਠਹਿਰਨ,ਲੰਗਰ ਅਤੇ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਮੁੱਖ ਪੰਡਾਲ ਦੇ ਪ੍ਰਬੰਧਕੀ ਬਲਾਕ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸੰਗਤ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਵਿਖੇ ਮੱਥਾ ਟੇਕਣ ਲਈ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।ਉਨਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵਿਸਥਾਰਤ ਯੋਜਾਨਬੰਦੀ ਕੀਤੀ ਗਈ ਹੈ ਜਿਸ ਕਰਕੇ ਸੰਗਤ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਵਿੱਚ ਦਿੱਕਤ ਪੇਸ਼ ਨਹੀਂ ਆਵੇਗੀ।
ਅਧਿਕਾਰੀਆਂ ਨੂੰ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੰਦਿਆਂ ਉਨਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਚੰਗੇ ਤਾਲਮੇਲ ਨਾਲ ਹੀ ਸਮਾਗਮਾਂ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕਦਾ ਹੈ।ਉਨਾਂ ਪੀ.ਸੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸ ਵਿੱਚ ਚੰਗੀ ਸੰਚਾਰ ਵਿਵਸਥਾ ਕਾਇਮ ਕਰਨ।ਉਨਾਂ ਕਿਹਾ ਕਿ ਪਹਿਲੀ ਨਵੰਬਰ ਤੋਂ ਸੁਰੱਖਿਆ ਦਸਤਿਆਂ ਦੀ ਮੁਕੰਮਲ ਤਾਇਨਾਤੀ ਕਰ ਦਿੱਤੀ ਜਾਵੇਗੀ ਤਾਂ ਜੋ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨਾਂ ਸਮਾਗਮਾਂ ਲਈ ਬਣਾਈਆਂ ਗਈਆਂ ਵੱਖ-ਵੱਖ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧੀਨ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵਲੋਂ ਪ੍ਰਕਾਸ਼ ਪੁਰਬ ਲਈ ਜਾਰੀ ਕੀਤੀ ਮੋਬਾਈਲ ਐਪ `ਪ੍ਰਕਾਸ਼ ਉਤਸਵ 550` ਉਪਰ ਤਸਵੀਰਾਂ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਜੋ ਸਮੇਂ ਸਿਰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸਮਾਗਮਾਂ ਲਈ ਚਾਰ ਤਰ੍ਹਾਂ ਦੇ ਵਹੀਕਲ ਪਾਸ ਜਾਰੀ ਕੀਤੇ ਜਾ ਰਹੇ ਹਨ।ਇਸ ਵਿੱਚ ਸੁਲਤਾਨਪੁਰ ਸ਼ਹਿਰ ਦੇ ਨਿਵਾਸੀਆਂ ਲਈ, ਡਿਊਟੀ ‘ਤੇ ਤਾਇਨਾਤ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਦੇ ਵਾਹਨਾਂ ਲਈ, ਲੰਗਰ ਅਤੇ ਹੋਰ ਜ਼ਰੂਰੀ ਸੇਵਾਵਾਂ ਜਿਸ ਵਿਚ ਐਬੂਲੈਂਸ, ਫਾਇਰ ਬ੍ਰਿਗੇਡ, ਲੰਗਰ ਲਈ ਰਸਦ ਢੋਣ ਵਾਲੇ ਵਾਹਨ, ਈ-ਰਿਕਸ਼ਾ, ਰਿਕਵਰੀ ਵੈਨਾ ਲਈ ਵੀ ਪਾਸ ਜਾਰੀ ਕੀਤੇ ਜਾ ਰਹੇ ਹਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਪੀ ਮਨਦੀਪ ਸਿੰਘ, ਐਸ.ਪੀ ਤੇਜਵੀਰ ਸਿੰਘ, ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ, ਡਾ. ਚਾਰੂਮਿਤਾ, ਰਣਵੀਤ ਸਿੰਘ ਹੀਰ ਅਤੇ ਲਤੀਫ ਅਹਿਮਦ, ਮੇਲਾ ਅਫਸਰ ਸ੍ਰੀਮਤੀ ਨਵਨੀਤ ਕੌਰ ਬੱਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜਲੰਧਰ ਗੁਰਵਿੰਦਰ ਸਿੰਘ, ਪੀ.ਸੀ.ਐਸ ਅਧਿਕਾਰੀ ਸਵਾਤੀ ਟਿਵਾਣਾ ਅਤੇ ਸ਼ੀਖਾ ਭਗਤ ਅਤੇ ਹੋਰ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …