ਕਿਹਾ ਸਰਹੱਦ ਪਾਰ ਤੋਂ ਅਤਿਵਾਦ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਰਹਿਣ ਚੌਕਸ
ਚੰਡੀਗੜ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਤੇ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਕਸ਼ਮੀਰ ਵਿੱਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਹੱਦ ਪਾਰ ਤੋਂ ਭਾਰਤ ਵਿੱਚ ਅਤਿਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਵਧੇਰੇ ਚੌਕਸ ਰਹੋ ਅਤੇ ਸੁਰੱਖਿਆ ਬਲਾਂ ਨਾਲ ਹੋਰ ਬਿਹਤਰ ਤਾਲਮੇਲ ਬਿਠਾਇਆ ਜਾਵੇ।
ਪੰਜਾਬ ਆਈ.ਏ.ਐਸ ਅਫਸਰਜ਼ ਐਸੋਸੀਏਸ਼ਨ ਨੂੰ ਆਪਣੀ ਸਰਕਾਰੀ ਰਿਹਾਇਸ਼ ਵਿਖੇ ਦਿੱਤੇ ਰਾਤਰੀ ਭੋਜ ਦੇ ਸੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰ ਕੇ ਜ਼ਿਆਦਾ ਸੰਵੇਦਨਸ਼ੀਲ ਹੈ ਜਿਸ ਕਰਕੇ ਸੂਬਾ ਵਾਸੀਆਂ ਦੀ ਸੁਰੱਖਿਆ ਮੁਹੱਈਆ ਕਰਵਾਉਣ ਲਈ ਸਿਵਲ ਤੇ ਸੁਰੱਖਿਆ ਏਜੰਸੀਆਂ ਨੂੰ ਹੋਰ ਵੀ ਚੌਕਸ ਰਹਿ ਕੇ ਕੰਮ ਕਰਨ ਦੀ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮਨ ਤੇ ਸ਼ਾਂਤੀ ਨੂੰ ਕਿਸੇ ਵੀ ਕੀਮਤ `ਤੇ ਭੰਗ ਨਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੌਜੂਦਾ ਹਾਲਤਾਂ ਵਿੱਚ ਆਈ.ਏ.ਐਸ ਅਧਿਕਾਰੀਆਂ ਦਾ ਰੋਲ ਹੋਰ ਵੀ ਵਧੇਰੇ ਅਹਿਮ ਹੋ ਜਾਂਦਾ ਹੈ।ਉਨਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਆਪੋ-ਆਪਣੇ ਜ਼ਿਲਿਆਂ ਵਿੱਚ ਸੁਰੱਖਿਆ ਬਲਾਂ ਲਈ ਉਨਾਂ ਦੇ ਅੱਖ-ਕੰਨ ਬਣ ਕੇ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ।
ਪੰਜਾਬ ਦੇ ਕਿਸੇ ਵੀ ਮੁੱਖ ਮੰਤਰੀ ਵਲੋਂ ਆਈ.ਏ.ਐਸ ਅਧਿਕਾਰੀਆਂ ਨੂੰ ਦਿੱਤੇ ਆਪਣੀ ਕਿਸਮ ਦੇ ਅਜਿਹੇ ਪਹਿਲੇ ਰਾਤਰੀ ਭੋਜ ਮੌਕੇ 100 ਦੇ ਕਰੀਬ ਪੁਰਸ਼ ਤੇ ਮਹਿਲਾ ਆਈ.ਏ.ਐਸ ਅਧਿਕਾਰੀ ਸ਼ਾਮਲ ਹੋਏ।
ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਨਾਗਰਿਕਾਂ ਦੀਆਂ ਜ਼ਰੂਰਤਾਂ ਖਾਸ ਕਰ ਕੇ ਵਿਧਾਇਕਾਂ ਅਤੇ ਹਥਿਆਰਬੰਦ ਸੈਨਿਕਾਂ ਲਈ ਅਧਿਕਾਰੀਆਂ ਨੂੰ ਹੋਰ ਵੀ ਸੰਵੇਦਨਸ਼ੀਲ ਹੋਣ ਲਈ ਕਿਹਾ।ਉਨਾਂ ਕਿਹਾ ਕਿ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਉਹ ਹੋਰ ਵੀ ਜਵਾਬਦੇਹ ਬਣਨ ਜਿਹੜੇ ਸ਼ਾਂਤੀ ਵੇਲੇ ਵੀ ਪ੍ਰਸ਼ਾਸਨ ਦੇ ਉਨੇ ਹੀ ਮਦਦਗਾਰ ਸਾਬਤ ਹੁੰਦੇ ਹਨ ਜਿੰਨੇ ਕਿਸੇ ਵੀ ਕਿਸਮ ਦੇ ਅੰਦਰੂਨੀ ਤੇ ਬਾਹਰੀ ਖਤਰੇ ਦੀ ਹਾਲਤ ਵੇਲੇ ਸਹਾਇਕ ਸਿੱਧ ਹੁੰਦੇ ਹਨ। ਉਨਾਂ ਕਿਹਾ ਕਿ ਜਿਹੜਾ ਵੀ ਫੌਜ ਦਾ ਜਵਾਨ ਆਪਣੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਮਿਲਦਾ ਹੈ, ਉਹ ਖਾਲੀ ਹੱਥ ਵਾਪਸ ਨਹੀਂ ਜਾਣਾ ਚਾਹੀਦਾ।
ਮੁੱਖ ਮੰਤਰੀ ਨੇ ਹਾਲ ਹੀ ਵਿਚ ਆਏ ਹੜਾਂ ਵੇਲੇ ਪ੍ਰਸ਼ਾਸਨ ਵਲੋਂ ਕੀਤੇ ਵਧੀਆ ਰਾਹਤ ਕਾਰਜਾਂ ਲਈ ਅਧਿਕਾਰੀਆਂ ਨੂੰ ਸਲਾਹਿਆ।
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰਖਦਿਆਂ ਆਈ.ਏ.ਐਸ ਅਧਿਕਾਰੀਆਂ ਤੇ ਵਿਧਾਇਕਾਂ ਵਿਚਾਲੇ ਆਪਸੀ ਸਹਿਯੋਗ ਦੀ ਲੋੜ `ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਲੋਕਾਂ ਦੇ ਨੁਮਾਇੰਦੇ ਹੋਣ ਕਰ ਕੇ ਵਿਧਾਇਕਾਂ ਨੂੰ ਆਪੋ-ਆਪਣੇ ਖੇਤਰ ਦੀਆਂ ਜ਼ਮੀਨੀ ਹਕੀਕਤਾਂ ਅਤੇ ਸਥਾਨਕ ਲੋੜਾਂ ਦਾ ਵੱਧ ਪਤਾ ਹੁੰਦਾ ਹੈ।
ਅਧਿਕਾਰੀਆਂ ਤਰਫੋਂ ਪੰਜਾਬ ਆਈ.ਏ.ਐਸ ਅਫਸਰਜ਼ ਐਸੋਸੀਏਸ਼ਨ ਦੀ ਪ੍ਰਧਾਨ ਵਿਨੀ ਮਹਾਜਨ ਨੇ ਮੁੱਖ ਮੰਤਰੀ ਦੀ ਇਸ ਨਿਵੇਕਲੀ ਪਹਿਲ ਲਈ ਧੰਨਵਾਦ ਕੀਤਾ।ਕੈਪਟਨ ਅਮਰਿੰਦਰ ਸਿੰਘ ਇਕ ਜਮਾਂਦਰੂ ਆਗੂ ਹਨ, ਜਿਨਾਂ ਨੇ ਆਪਣੇ ਨਿੱਘ ਅਤੇ ਸਮਝ ਕਰ ਕੇ ਹਰੇਕ ਨੂੰ ਪ੍ਰੇਰਿਤ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਮੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …