ਸੁਲਤਾਨਪੁਰ ਲੋਧੀ/ ਕਪੂਰਥਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ
ਦੌਰਾਨ ਵਿਸ਼ਵ ਭਰ ’ਚੋਂ 400 ਨਾਨਕ ਨਾਮ ਲੇਵਾ ਪ੍ਰਮੁੱਖ ਪੰਜਾਬੀ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਮੁੱਖ ਮੰਤਰੀ ਨੇ ਪੰਜਾਬੀਆਂ ਦੁਆਰਾ ਆਪਣੀਆਂ ਪ੍ਰਾਪਤੀਆਂ ਨਾਲ ਸੂਬੇ ਅਤੇ ਦੇਸ਼ ਲਈ ਮਾਣ ਖੱਟਣ ’ਤੇ ਖੁਸ਼ੀ ਜ਼ਾਹਰ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸੂਬੇ ਦੀ ਮੁੜ ਸੁਰਜੀਤੀ ਅਤੇ ਨੌਜਵਾਨਾਂ ਦੀ ਪ੍ਰਗਤੀ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਦਾ ਸਾਥ ਦੇਣ ਲਈ ਪੇ੍ਰੇਰਤ ਕੀਤਾ।ਉਨ੍ਹਾਂ ਕਿਹਾ, ‘‘ਆਓ ਅਸੀਂ ਨੌਜਵਾਨਾਂ ਨੂੰ ਰੁਜ਼ਾਗਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮਿਲ ਕੇ ਕਾਰਜ ਕਰੀਏ।’’
ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਅਜੋਕੀ ਪੀੜ੍ਹੀ ਦੀ ਜ਼ਿੰਮੇਵਾਰੀ ਬਣਦੀ ਹੈ, ਮੁੱਖ ਮੰਤਰੀ ਨੇ ਇਸ ਮੌਕੇ ਪਹੁੰਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਦੇ ਫਰਜ਼ਾਂ ਪ੍ਰਤੀ ਜਾਗਰੂਕ ਕਰਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਅਸਲ ਸਿੱਖ ਹਮੇਸ਼ਾ ਗੁਰੂ ਦੀ ਬਾਣੀ ’ਤੇ ਅਮਲ ਕਰੇਗਾ। ਉਨ੍ਹਾਂ ਨੇ ਇੱਥੇ ਪਹੁੰਚੇ ਸ਼ਰਧਾਲੂਆਂ ਨੂੰ ਆਪਣੇ ਬੱਚਿਆਂ ਨੂੰ ਬਾਣੀ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਦਾ ਸੱਦਾ ਦਿੱਤਾ।
ਪੰਜਾਬ ਦੇ ਮੁੜ ਨਿਰਮਾਣ ਵਿੱਚ ਸਹਿਯੋਗ ਮੰਗਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ਦੀਆਂ ਮੰਨੀਆਂ-ਪ੍ਰਮੰਨੀਆਂ ਪੰਜਾਬੀ ਸ਼ਖ਼ਸੀਅਤਾਂ ਨੂੰ ਸੂਬੇ ਦੀ ਮੁੜ-ਸੁਰਜੀਤੀ ਵਾਲੀ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ, ਜਿਸ ਨੂੰ ਵੰਡ ਦੀ ਦੂਹਰੀ ਮਾਰ ਪਈ। ਧਰਤੀ ਹੇਠਲੇ ਪਾਣੀ ਡਿੱਗ ਰਹੇ ਪੱਧਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇੱਕ ਅਨੁਮਾਨ ਮੁਤਾਬਕ ਆਉਣ ਵਾਲੇ 25 ਸਾਲਾਂ ਵਿੱਚ ਪੰਜਾਬ ਮਾਰੂਥਲ ਬਣ ਜਾਵੇਗਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸੋਮਿਆਂ ਦੀ ਸੰਭਾਲ ਨਾਲ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਪੰਜਾਬ ਨੂੰ ਸਾਫ-ਸੁਥਰਾ, ਹਰਾ-ਭਰਾ ਤੇ ਪ੍ਰਦੂਸ਼ਣ ਮੁਕਤ ਸੂਬਾ ਬਣਾ ਸਕਦੇ ਹਾਂ।
ਪਰਾਲੀ ਸਾੜਨ ਕਾਰਨ ਪਲੀਤ ਹੋ ਰਹੇ ਵਾਤਾਵਰਨ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਸੰਦੇਸ਼ ਦੇ ਪਾਸਾਰ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜੇ ਜਾਣ ਕਰਕੇ ਕਿਸਾਨਾਂ ਸਮੇਤ ਸਾਰੇ ਲੋਕਾਂ ਦੀ ਸਿਹਤ ’ਤੇ ਮਾਰੂ ਅਸਰ ਪੈ ਰਿਹਾ ਹੈ।
ਇਸ ਇਤਿਹਾਸਕ ਮੌਕੇ ਦਾ ਹਿੱਸਾ ਬਣਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਹਫ਼ਤਿਆਂ ਵਿੱਚ ਸੂਬਾ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਪਾਸਾਰ ਲਈ 72 ਪ੍ਰੋਗਰਾਮ ਕਰਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਕਰਤਾਰਪੁਰ ਸਾਹਿਬ ਜਾਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਭਵਿੱਖ ਵਿੱਚ ਵੀ ਉਹ ਇਸ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਦਾ ਯਤਨ ਕਰਨਗੇ, ਜਿਸ ਪਵਿੱਤਰ ਅਸਥਾਨ ਨਾਲ ਉਨ੍ਹਾਂ ਦੇ ਪਰਿਵਾਰ ਦੀ ਚਿਰਾਂ ਦੀ ਸਾਂਝ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਦਲਬੀਰ ਸਿੰਘ ਪੰਨੂ ਦੀ ਲਿਖੀ ਕਿਤਾਬ “ਦਿ ਸਿੱਖ ਹੈਰੀਟੇਜ ਬਿਔਂਡ ਬਾਰਡਰਜ਼” ਵੀ ਰਿਲੀਜ਼ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਇੱਕ ਇਰਾਨੀ ਲੇਖਕ ਦੀ ਫਾਰਸੀ ’ਚ ਲਿਖੀ ਕਿਤਾਬ ਵੀ ਰਿਲੀਜ਼ ਕੀਤੀ।
ਇਸ ਤੋਂ ਪਹਿਲਾਂ ਆਪਣੇ ਸਵਾਗਤੀ ਸੰਬੋਧਨ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਕੇ ਸੂਬਾਈ ਸਰਕਾਰ ਮਾਣ ਮਹਿਸੂਸ ਕਰ ਰਹੀ ਹੈ।
ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਮੁੱਖ ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਮੁਹੰਮਦ ਸਦੀਕ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਨਵਤੇਜ ਸਿੰਘ ਚੀਮਾ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਚੱਬੇਵਾਲ ਅਤੇ ਬਿ੍ਰਗੇਡੀਅਰ ਸੁਖਜੀਤ ਸਿੰਘ ਕਪੂਰਥਲਾ ਹਾਜ਼ਰ ਸਨ।
Check Also
ਕਲਾ ਦੇ ਖੇਤਰ ‘ਚ ਵਧੀਆ ਯੋਗਦਾਨ ਦੇਣ ਵਾਲੇ ਕਲਾਕਾਰਾਂ ਦਾ ਸਨਮਾਨ ‘ਕੌਸਾ ਟਰੱਸਟ ਕਲਾ ਐਵਾਰਡ 2026’ ਨਾਲ ਸਨਮਾਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਕੌਸਾ ਟਰੱਸਟ ਵੱਲੋਂ ਆਪਣਾ ਪ੍ਰਸਿੱਧ ‘ਕੌਸਾ ਟਰੱਸਟ ਕਲਾ …
Punjab Post Daily Online Newspaper & Print Media