ਪੁਲੀਸ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ
ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ
ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ ਕਰਨਗੇ।
ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ।ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰ ਸਮਾਗਮੀ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ `ਪ੍ਰਕਾਸ਼ ਪੁਰਬ ਤਗਮੇ (ਮੈਡਲ)` ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ, 2020 ਤੱਕ ਜਾਰੀ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ `ਤੇ 550 ਕੈਦੀਆਂ ਦੀ ਅਗਾਊਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨ੍ਹਾਂ ਵਿਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁੱਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ।
ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਤੋਂ ਧਾਰਮਿਕ ਉਤਸ਼ਾਹ ਅਤੇ ਪੂਰੇ ਜਾਹੋ-ਜਲਾਲ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪਹੁੰਚੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਾ ਸਵਾਗਤ ਕੀਤਾ।ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁ ਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਵਾਰ ਫਿਰ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਪਾਕਿਸਤਾਨ ਸਥਿਤ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਵਰਗੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਇਮਰਾਨ ਖਾਨ ਕੋਲ ਇਸ ਮਸਲੇ ਨੂੰ ਉਠਾਉਣ ਵਾਸਤੇ ਉਹ ਸ੍ਰੀ ਮੋਦੀ ਕੋਲ ਪਹੁੰਚ ਕਰਨਗੇ।ਉਨ੍ਹਾਂ ਨੇ ਸਾਰਿਆਂ ਨੂੰ ਮਹਾਨ ਗੁਰੂ `ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ` ਦੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਲਈ ਸੂਬਾ ਸਰਕਾਰ ਵਲੋਂ ਲਾਗੂ ਕੀਤੇ ਗਏ ਕੁੱਝ ਵੱਡੇ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਖਾਸਕਰ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਮੁਢਲੇ ਢਾਂਚੇ ਦਾ ਵਿਕਾਸ ਭਾਰਤ ਸਰਕਾਰ ਦੀ ਮਦਦ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਦੀ ਦਿੱਖ ਦੇਣਾ, ਦੋਵਾਂ ਸ਼ਹਿਰਾਂ ਵਿੱਚ ਟੈਂਟ ਸਿਟੀ ਸਥਾਪਤ ਕਰਨਾ, ਆਵਾਜ਼ ਤੇ ਰੌਸ਼ਨੀ ਦੇ ਸ਼ੋਅ, ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਤੈਰਦੇ ਆਵਾਜ਼ ਤੇ ਰੌਸ਼ਨੀ ਸ਼ੋਅ, ਪ੍ਰਦਰਸ਼ਨੀਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਧਰਮ ਸੰਮੇਲਨ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਨਵੀਂ ਓਪਨ ਯੂਨੀਵਰਸਿਟੀ ਸਥਾਪਤ ਕਰਨਾ, ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਗੁਰੂ ਨਾਨਕ ਚੇਅਰ ਸਥਾਪਤ ਕਰਨਾ ਅਤੇ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਸਨਮਾਨ ਆਦਿ ਸ਼ਾਮਲ ਹੈ।ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਲਈ ਸਾਲ ਤੋਂ ਵੀ ਵੱਧ ਸਮੇਂ ਤੋਂ ਕੰਮ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ, ਇੰਜੀਨੀਅਰਾਂ, ਕਾਮਿਆਂ ਅਤੇ ਹੋਰਨਾਂ ਨੂੰ ਕਾਮਯਾਬੀ ਲਈ ਵਧਾਈ ਦਿੱਤੀ।
ਸਾਬਕਾ ਮੁੱਖ ਮੰਤਰੀ ਤੇ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓ.ਪੀ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਵਿਜੇ ਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਪਰਨੀਤ ਕੌਰ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ ਤੇ ਡਾ. ਅਮਰ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਮੁੱਖ ਸਕੱਤਰ ਸੱਭਿਆਚਾਰ ਤੇ ਸੈਰ ਸਪਾਟਾ ਵਿਕਾਸ ਪ੍ਰਤਾਪ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ।
ਸੰਤ ਮਹਾਂਪੁਰਸ਼ਾਂ ਤੇ ਸੰਤ ਸਮਾਜ ਦੇ ਆਗੂਆਂ ਵਾਲੀ ਸਟੇਜ ਉਪਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ, ਸੰਤ ਬਾਬਾ ਨਰਿੰਦਰ ਸਿੰਘ ਗੁਰਦੁਆਰਾ ਸੰਤ ਨਿਧਾਨ ਸਿੰਘ ਜੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਲੋਂ ਜਥੇਦਾਰ ਮੇਜਰ ਸਿੰਘ, ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਦੇ ਜਥੇ ਦੇ ਮੁਖੀ ਬਾਬਾ ਸੁੱਖਾ ਸਿੰਘ ਜੀ ਸਰਹਾਲੀ ਵਾਲੇ, ਬਾਬਾ ਹਾਕਮ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਮੁਖੀ ਬੁੱਢਾ ਦਲ ਨਿਹੰਗ ਸਿੰਘ ਜਥੇਬੰਦੀ ਵਲੋਂ ਬਾਬਾ ਜੱਸਾ ਸਿੰਘ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਅਬਚਲ ਨਗਰ ਗਿਆਨੀ ਬਲਜਿੰਦਰ ਸਿੰਘ ਹਜ਼ੂਰ ਸਾਹਿਬ, ਸੰਤ ਕਸ਼ਮੀਰਾ ਸਿੰਘ ਗੜ੍ਹੇ ਵਾਲੇ, ਸੰਤ ਦੇਵਿੰਦਰ ਸਿੰਘ ਤਰਨ ਤਾਰਨ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸ੍ਰੀ ਮਹੰਤ ਗਿਆਨ ਦੇਵ ਸਿੰਘ ਜੀ ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ, ਸੰਤ ਗੁਰਵਿੰਦਰ ਸਿੰਘ ਜੀ ਮਾਂਡੀ ਵਾਲੇ ਉਦਾਸੀ ਸੰਪਰਦਾ, ਗਿਆਨੀ ਗਗਨ ਦੀਪ ਸਿੰਘ ਨਿਰਮਲੇ ਜੰਡਾਲੀ ਵਾਲੇ, ਬਾਬਾ ਅਵਤਾਰ ਸਿੰਘ ਜੀ ਮੁਖੀ ਦਲ-ਪੰਥ ਬਿਧੀ ਚੰਦ, ਨਿਹੰਗ ਸਿੰਘ ਜਥੇਬੰਦੀ ਵਲੋਂ ਬਾਬਾ ਪ੍ਰੇਮ ਸਿੰਘ, ਦਰਸ਼ਨ ਸਿੰਘ ਸ਼ਾਸਤਰੀ ਜੀ ਕਾਸ਼ੀ, ਸੰਤ ਸੁਖਦੇਵ ਮੁਲੀ ਸੰਘੇੜਾ, ਸੰਤ ਚਰਨ ਦਾਸ ਉਦਾਸੀ ਡੇਰੇ ਦੇ ਮਹੰਤ ਮਹਾਤਮਾ ਮੁਨੀ ਖੇੜਾ ਬੇਟ, ਸੰਤ ਬਾਬਾ ਜਸਪਾਲ ਸਿੰਘ ਨਿਹਾਲ ਕੁਟੀਆ ਜੌਹਲਾਂ, ਸੰਤ ਜਸਵਿੰਦਰ ਸਿੰਘ ਹਰਿਦੁਆਰ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਅਮਰੀਕ ਸਿੰਘ ਖੁਖਰੈਣ ਸੁਸ਼ੋਭਿਤ ਸਨ।