ਮੁੱਖ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ
ਚੰਡੀਗੜ/ਜਲੰਧਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੁਲਤਾਨਪੁਰ ਲੋਧੀ ਪੁੱਜਣ `ਤੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਿਨ੍ਹਾਂ ਦਾ ਮੁੱਖ ਮੰਤਰੀ ਤੇ ਰਾਜਪਾਲ ਨੇ ਹੈਲੀਪੈਡ ਉਪਰ ਨਿੱਘਾ ਸਵਾਗਤ ਕੀਤਾ।ਉਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪਿਆਰ, ਸ਼ਾਂਤੀ, ਸਦਭਾਵਨਾ, ਸਮਾਨਤਾ, ਦਇਆ ਤੇ ਧਾਰਮਿਕ ਸਹਿਣਸ਼ੀਲਤਾ ਦਾ ਮੋਢੀ ਆਖਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਰਲ ਤੇ ਸਪੱਸ਼ਟ ਬਾਣੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫੇ ਦਾ ਪ੍ਰਚਾਰ ਤੇ ਪਸਾਰ ਕਰਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸੱਚੀ ਅਕੀਦਤ ਇਹੋ ਹੈ ਕਿ ਸਿੱਖਿਆਵਾਂ ਤੇ ਫਲਸਫੇ ਉਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਕੰਮ ਕੀਤਾ ਜਾਵੇ।ਉਨ੍ਹਾਂ ਪਹਿਲੀ ਪਾਤਸ਼ਾਹੀ ਨੂੰ ਸਾਂਝੀ ਧਰੋਹਰ ਦੱਸਿਆ ਜਿਹੜੇ ਹਰੇਕ ਦੇ ਸਰਬ ਸਾਂਝੇ ਗੁਰੂ ਹਨ।ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਇਤਿਹਾਸਕ ਸਮਾਗਮ ਲਈ ਸੱਦਾ ਪੱਤਰ ਦੇਣ ਲਈ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਰਾਜਪਾਲ ਵੀ.ਪੀ ਸਿੰਘ ਬਦਨੌਰ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸ੍ਰੀ ਸਾਹਿਬ, ਯਾਦਗਾਰੀ ਸਿੱਕੇ, ਸਨਮਾਨ ਚਿੰਨ੍ਹ, ਸ਼ਾਲ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ `ਤੇ ਆਧਾਰਿਤ ਕਿਤਾਬਾਂ ਦੇ ਸੈੱਟ ਨਾਲ ਸਨਮਾਨਿਤ ਕੀਤਾ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਦੇਸ਼ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਨੂੰ ਸਨਮਾਨਿਤ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੰਤ ਸਮਾਜ ਦੇ ਆਗੂਆਂ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰੁਮਾਲਾ ਸਾਹਿਬ, ਚੌਰ ਸਾਹਿਬ ਭੇਟ ਕਰਦਿਆਂ ਕੜਾਹ-ਪ੍ਰਸ਼ਾਦ ਦੀ ਦੇਗ ਚੜ੍ਹਾਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਬਖਸ਼ਿਸ਼ ਕੀਤਾ।
ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੀ ਸੰਗਤ ਨੂੰ ਨਿੱਜੀ ਤੌਰ `ਤੇ ਮਿਲੇ ਅਤੇ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਜਿਸ ਦੇ ਜਵਾਬ ਵਿੱਚ ਸੰਗਤ ਨੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ਼ ਵਿੱਚ `ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ` ਆਖ ਕੇ ਵਧਾਈ ਕਬੂਲੀ।ਸੰਸਦ ਮੈਂਬਰ ਪਰਨੀਤ ਕੌਰ, ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ.ਪੀ ਸੋਨੀ ਤੇ ਸੁੰਦਰ ਸ਼ਾਮ ਅਰੋੜਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਹਾਜ਼ਰ ਸਨ।
ਗੁਰੂ ਨਾਨਕ ਦਰਬਾਰ ਪੰਡਾਲ ਵਿਖੇ ਮੁੱਖ ਸਮਾਗਮ ‘ਚ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ ਰਾਸ਼ਟਰਪਤੀ ਸਣੇ ਪੁੱਜੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸੰਤ ਸਮਾਜ ਦੀ ਰਹਿਨੁਮਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਸਮਾਗਮ ਨੇਪਰੇ ਚਾੜ੍ਹੇ ਗਏ।
ਅੰਤ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਮੁੱਚੀ ਸਾਧ ਸੰਗਤ ਦਾ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਪੁੱਜਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਤ ਸਮਾਜ ਦੇ ਰਿਣੀ ਹੈ ਜਿਨ੍ਹਾਂ ਨੇ ਇਸ ਮਹਾਨ ਸਮਾਗਮ ਲਈ ਹਰੇਕ ਤਰ੍ਹਾਂ ਨਾਲ ਸਹਿਯੋਗ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਜੀ ਦਾ ਉਚੇਚੇ ਤੌਰ `ਤੇ ਧੰਨਵਾਦ ਕੀਤਾ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …