ਡਾ. ਓਬਰਾਏ ਵਲੋਂ ਸਮਾਜ ਦੀ ਬੇਹਤਰੀ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ – ਸਮਰਾ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਤਰਰਾਸ਼ਟਰੀ ਪੱਧਰ ਦੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ
ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭਾਰਤ ਪਾਕਿ ਸਰਹੱਦ ਦੇ ਬਿਲਕੁਲ ਨੇੜੇ ਵਸੇ ਪਿੰਡ ਦਾਉਕੇ ਦੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਦੇ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਨ ਦੇ ਮਕਸਦ ਨਾਲ ਇੱਕ ਵੱਡਾ ਆਰ.ਓ ਸਿਸਟਮ ਲਾਇਆ ਗਿਆ।ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਤੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੱਲੋਂ ਸਾਂਝੇ ਰੂਪ `ਚ ਕੀਤਾ ਗਿਆ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਅਹੁਦੇਦਾਰ ਮਨਪ੍ਰੀਤ ਸਿੰਘ ਸੰਧੂ ਤੇ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਇਸ ਦੌਰਾਨ ਸਕੂਲ ਵੱਲੋਂ ਕਰਵਾਏ ਗਏ ਇੱਕ ਸੰਖੇਪ ਸਮਾਗਮ ਦੌਰਾਨ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਮਰਾ ਨੇ ਜਿੱਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਲੋੜਵੰਦ ਲੋਕਾਂ ਦੇ ਨਾਲ-ਨਾਲ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸਿਹਤ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਪੀਣ ਵਾਲੇ ਪਾਣੀ ਦੀ ਮਹੱਤਤਾ ਬਾਰੇ ਦੱਸਦਿਆਂ ਪਾਣੀ ਤੇ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਦੇ ਇਲਾਵਾ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਲਈ ਵੀ ਪ੍ਰੇਰਿਆ।ਇਸੇ ਦੌਰਾਨ ਬੋਲਦਿਆਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੇ ਕਿਹਾ ਕਿ ਸਕੂਲ ਸਟਾਫ਼ ਤੇ ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਸਰਹੱਦੀ ਪਿੰਡ ਦਾਉਕੇ ਕੋਲੋਂ ਲੰਘਦੇ ਗੰਦੇ ਪਾਣੀ ਵਾਲੇ ਨਾਲੇ ਕਾਰਨ ਇੱਥੋਂ ਦਾ ਪਾਣੀ ਬਹੁਤ ਪ੍ਰਦੂਸ਼ਿਤ ਹੋ ਚੁੱਕਾ ਹੈ, ਜਿਸ ਕਾਰਨ ਟਰੱਸਟ ਵੱਲੋਂ ਇਸ ਸਕੂਲ ਅੰਦਰ ਵੱਡਾ ਆਰ.ਓ ਸਿਸਟਮ ਲਗਾ ਕੇ ਦਿੱਤਾ ਹੈ ਤਾਂ ਜੋ ਬੱਚਿਆਂ ਦੀ ਸਿਹਤ ਦਾ ਨੁਕਸਾਨ ਨਾ ਹੋਵੇ।ਸਕੂਲ ਸਟਾਫ਼ ਨੇ ਇਸ ਉਪਰਾਲੇ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰਾਂ ਤੇ ਉਚੇਚੇ ਤੌਰ ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫਸਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਡੀ.ਪੀ ਬਲਜਿੰਦਰ ਸਿੰਘ, ਬੀ.ਐਮ ਨਵਦੀਪ ਸਿੰਘ ਰੰਧਾਵਾ, ਮੁੱਖ ਅਧਿਆਪਕ ਹਰਨੀਤ ਸਿੰਘ, ਗਗਨਪ੍ਰੀਤ ਸਿੰਘ, ਪਰਮਜੀਤ ਸਿੰਘ, ਮੀਨਾ ਦੇਵੀ, ਗੁਰਜੀਤ ਸਿੰਘ, ਕੁਲਦੀਪ ਕੁਮਾਰ ਆਦਿ ਅਧਿਆਪਕਾਂ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media