Sunday, December 22, 2024

ਇਰਾਕ ਵਿੱਚ ਬੰਧਕ ਬਣਾਏ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਨੇ ਸ: ਮਜੀਠੀਆ ਨਾਲ ਕੀਤੀ ਮੁਲਾਕਾਤ

ਬੰਧਕ ਨੌਜਵਾਨਾਂ ਦੀ ਜਲਦ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਮਿਲਿਆ ਜਾਵੇਗਾ – ਮਜੀਠੀਆ

PPN28091401

ਅੰਮ੍ਰਿਤਸਰ 28 ਸਤੰਬਰ (ਸੁਖਬੀਰ ਸਿੰਘ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿੱਚ ਆਈ ਐੱਸ ਆਈ ਐੱਸ ਵੱਲੋਂ ਬੰਧਕ ਬਣਾਏ ਗਏ ਭਾਰਤੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਸਹੀ ਸਲਾਮਤ ਹਨ ਅਤੇ ਉਨ੍ਹਾਂ ਦੀ ਜਲਦ ਘਰ ਵਾਪਸੀ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਅੱਜ ਇੱਥੇ ਸ: ਮਜੀਠੀਆ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਆਏ ਬੰਧਕਾਂ ਵਿੱਚ ਸ਼ਾਮਿਲ ਪੰਜਾਬੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਰਾਕ ਵਿੱਚ ਤੇਜ਼ ਹੋ ਰਹੀ ਖਾਨਾਜੰਗੀ ਦੌਰਾਨ ਆਪਣੇ ਨੌਜਵਾਨ ਬੱਚਿਆਂ ਪ੍ਰਤੀ ਵੱਧ ਰਹੀ ਚਿੰਤਾ ਤੋਂ ਸ: ਮਜੀਠੀਆ ਨੂੰ ਜਾਣੂ ਕਰਵਾਇਆ।ਇਸ ਮੌਕੇ ਸ: ਮਜੀਠੀਆ ਨੇ ਕਿਹਾ ਕਿ ਸਰਕਾਰ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਯਤਨਸ਼ੀਲ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਉਹ ਖੁਦ ਨਿੱਜੀ ਤੌਰ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਵਿੱਚ ਹਨ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਭਾਰਤੀ ਨੌਜਵਾਨਾਂ ਦੀ ਜਲਦ ਰਿਹਾਈ ਕਰਵਾਉਣ ਸੰਬੰਧੀ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਅਪੀਲ ਕਰਨਗੇ।
ਇਸ ਦੌਰਾਨ ਸ: ਮਜੀਠੀਆ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਦੀ ਮਾਲੀ ਹਾਲਤ ਨੂੰ ਮੱਦੇਨਜ਼ਰ ਰੱਖਦਿਆਂ ਮਨੁੱਖਤਾ ਲਈ ਪਾਰਟੀਬਾਜ਼ੀ ਅਤੇ ਖੇਤਰੀਵਾਦ ਤੋਂ ਉੱਪਰ ਉੱਠ ਕੇ ਸ਼੍ਰੋਮਣੀ ਕਮੇਟੀ ਵਲ਼ੋਂ 50-50 ਹਜ਼ਾਰ ਅਤੇ ਦਿਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਤੋਂ 10-10 ਹਜ਼ਾਰ ਰੁਪੈ ਦਿਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ 20 ਹਜ਼ਾਰ ਰੁਪੈ ਹਰ ਮਹੀਨੇ ਸਹਾਇਤਾ ਰਾਸ਼ੀ ਭੇਜੀ ਜਾ ਰਹੀ ਹੈ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਭੇਜੀ ਜਾ ਰਹੀ ਸਹਾਇਤਾ ਰਾਸ਼ੀ ਕੁੱਝ ਪਰਿਵਾਰਾਂ ਤੱਕ ਨਾ ਪਹੁੰਚਣ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਪੀੜਤ ਪਰਿਵਾਰਾਂ ਦੀ ਸਹਾਇਤਾ ਰਾਸ਼ੀ ਤੁਰੰਤ ਪਹੁੰਚਾਉਣ ਲਈ ਫੋਨ ‘ਤੇ ਹੀ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਹੈ।ਇਸ ਮੌਕੇ ਪੀੜਤ ਪਰਿਵਾਰਕ ਮੈਂਬਰਾਂ ਨੇ ਸ: ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਤਲਬੀਰ ਸਿੰਘ ਗਿੱਲ, ਪ੍ਰੋ: ਸਰਚਾਂਦ ਸਿੰਘ, ਸੁਖਦੀਪ ਸਿੰਘ ਸਿੱਧੂ, ਬੀਬੀ ਧਰਮ ਕੌਰ, ਸਰਦਾਰਾ ਸਿੰਘ ਤੇ ਲੱਕੀ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply