ਤਨਖਾਹਾਂ ਦੀ ਅਦਾਇਗੀ ਆਨਲਾਈਨ ਤੇ ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਦੀ ਹੋਵੇਗੀ ਤੁਰੰਤ ਨਿਯੁੱਕਤੀ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਗੇਜਾ ਰਾਮ ਚੇਅਰਮੈਨ ਪੰਜਾਬ ਰਾਜ ਸਫਾਈ
ਕਰਮਚਾਰੀ ਕਮਿਸ਼ਨ, ਵਾਇਸ ਚੇਅਰਮੈਨ ਰਾਮ ਸਿੰਘ ਅਤੇ ਮੈਂਬਰ ਇੰਦਰਜੀਤ ਸਿੰਘ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਧੀਕ ਕਮਿਸ਼ਨਰ ਨਗਰ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਰਜਤ ਓਬਰਾਏ, ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ, ਜਿਲ੍ਹਾ ਭਲਾਈ ਅਫਸਰ ਪਲਵ ਸ੍ਰੇਸ਼ਟਾ ਤੋਂ ਇਲਾਵਾ ਵੱਖ-ਵੱਖ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।
ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸਭ ਤੋਂ ਪਹਿਲਾਂ ਮੀਟਿੰਗ ਵਿੱਚ ਵੱਖ-ਵੱਖ ਸਫਾਈ ਕਰਮਚਾਰੀ ਯੂਨੀਅਨਾਂ ਵੱਲੋਂ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।ਚੇਅਰਮੈਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਯੂਨੀਅਨਾਂ ਤੋਂ ਬਿਨਾਂ ਕਮਿਸ਼ਨ ਅਧੂਰਾ ਹੈ ਅਤੇ ਤੁਹਾਡੇ ਸਹਿਯੋਗ ਨਾਲ ਹੀ ਕਮਿਸ਼ਨ ਆਪਣਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਆਉਂਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਅਦਾਇਗੀਆਂ ਆਨਲਾਈਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।ਗੇਜਾ ਰਾਮ ਨੇ ਕਿਹਾ ਕਿ ਜੇਕਰ ਕਿਸੇ ਸਫਾਈ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਕਮਿਸ਼ਨ ਕੋਲ ਆਪਣੀ ਪਹੁੰਚ ਕਰ ਸਕਦਾ ਹੈ ਅਤੇ 10 ਦਿਨਾਂ ਦੇ ਅੰਦਰ ਅੰਦਰ ਉਸ ਦੀ ਮੁਸ਼ਕਲ ਦਾ ਨਿਪਟਾਰਾ ਕੀਤਾ ਜਾਵੇਗਾ।
ਚੇਅਰਮੈਨ ਨੇ ਕਿਹਾ ਕਿ ਮਿ੍ਰਤਕ ਸਫਾਈ ਕਰਮਚਾਰੀਆਂ ਦੇ ਵਾਰਸਾਂ ਨੂੰ ਤੁਰੰਤ ਨਿਯੁਕਤੀ ਪੱਤਰ ਦਿੱੇਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸਫਾਈ ਸੇਵਕਾਂ ਦੀ ਰਿਟਾਇਰਮੈਂਟ ਸਮੇਂ ਸਾਰੇ ਬਣਦੇ ਲਾਭ ਇਕੋ ਹੀ ਸਮੇਂ ਮੁਹੱਈਆ ਕਰਵਾਏ ਜਾਣ ਅਤੇ ਜਦ ਤੱਕ ਅਦਾਇਗੀ ਨਹੀਂ ਹੁੰਦੀ ਉਹ ਸਫਾਈ ਕਰਮਚਾਰੀ ਨੂੰ ਰਿਟਾਇਰ ਨਾ ਕੀਤਾ ਜਾਵੇ।ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਉਨ੍ਹਾਂ ਦੀ ਸਲਾਨਾ ਤਰੱਕੀ ਅਤੇ ਹਰ ਬਣਦੇ ਲਾਭ ਕਾਫੀ ਦੇਰ ਨਾਲ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਤਨਖਾਹ ਵੀ ਸਮੇਂ ਸਿਰ ਨਹੀਂ ਦਿੱਤੀ ਜਾਂਦੀ।ਚੇਅਰਮੈਨ ਨੇ ਸਬੰਧਤ ਅਧਿਕਾਰੀਆਂ ਨੁੂੰ ਨਿਰਦੇਸ਼ ਦਿੱਤੇ ਕਿ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਸਮੇ ਸਿਰ ਦੇਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨੇ ਕਿਹਾ ਕਿ ਸੀਵਰਮੈਨਾਂ ਨੂੰ ਸੀਵਰੇਜ ਸਾਫ ਕਰਨ ਵਾਲੀਆਂ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣ।ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਮੈਡੀਕਲ ਕੈਂਪ ਲਗਾ ਕੇ ਇਨ੍ਹਾਂ ਕਰਮਚਾਰੀਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇ।
ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੰਦੀਪ ਰਿਸ਼ੀ ਨੇ ਚੇਅਰਮੈਨ ਨੁੰੂ ਭਰੋਸਾ ਦਿਵਾਇਆ ਕਿ ਸਫਾਈ ਕਰਮਚਾਰੀਆਂ ਲਈ 19 ਲੱਖ ਰੁਪਏ ਦੀਆਂ ਸੇਫਟੀ ਕਿੱਟਾਂ ਦੀ ਖਰੀਦ ਵੀ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾ: ਪ੍ਰਭਦੀਪ ਕੌਰ ਜੌਹਲ ਨੇ ਸਫਾਈ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੂੰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਾਇਮਰੀ ਹੈਲਥ ਸੈਂਟਰਾਂ ਵਿਖੇ ਮਾਹਿਰ ਡਾਕਟਰਾਂ ਵੱਲੋਂ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਓ:ਪੀ:ਡੀ ਵੀ ਸ਼ੁਰੂ ਕੀਤੀ ਗਈ ਹੈ ਜਿਥੇ ਸਾਰੀਆਂ ਦਵਾਈਆਂ ਤੇ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਗਰਭਵਤੀ ਔਰਤਾਂ ਦੇ ਅਲਟਰਾਸਾਉਂਡ ਵੀ ਮੁਫ਼ਤ ਕੀਤੇ ਜਾਂਦੇ ਹਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media