5 ਦਿਨ ਚੱਲਣ ਵਾਲੇ ਉਦਯੋਗਿਕ ਮੇਲੇ ਦੀਆਂ ਤਿਆਰੀਆਂ ਲਈ ਮੀਟਿੰਗ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਂਹੀ ਜਿਥੇ ਕਈ ਦੇਸ਼ਾਂ ਵਿਚਾਲੇ ਸਨਅਤੀ
ਸਬੰਧ ਮਜਬੂਤ ਹੋਣਗੇ, ਉਥੇ ਹੀ ਉਦਯੋਗਿਕ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾ ਰਹੇ 14ਵੇਂ ਪਾਈਟੈਕਸ ਮੇਲੇ ਦੀਆਂ ਤਿਆਰੀਆਂ ਬਾਰੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਉਨਾਂ ਦੱਸਿਆ ਕਿ ਇਸ ਵਾਰ ਪਾਈਟੈਕਸ ਮੇਲਾ 12 ਤੋਂ 16 ਦਸੰਬਰ ਤੱਕ ਰਣਜੀਤ ਐਵਨਿਊ ਵਿਖੇ ਕਰਵਾਇਆ ਜਾਵੇਗਾ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿਛਲੇ ਕਰੀਬ 13 ਸਾਲਾਂ ਤੋਂ ਅੰਮ੍ਰਿਤਸਰ ਵਿਚ ਪਾਈਟੈਕਸ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਪੰਜਾਬ ਅਤੇ ਇਸਦੇ ਨਾਲ ਲੱਗਦੇ ਰਾਜਾਂ ਤੋਂ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ।
ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਕਨਵੀਨਰ ਜੈਦੀਪ ਸਿੰਘ ਨੇ ਮੇਲੇ ਵਾਸਤੇ ਉਲੀਕੀ ਯੋਜਨਾ ਦੱਸਦੇ ਜਿਲ੍ਹਾ ਪਸ਼ਾਸਨ ਤੋਂ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਸਾਥ ਨਾਲ ਹੀ ਇਹ ਮੇਲਾ ਹੋ ਰਿਹਾ ਹੈ ਅਤੇ ਸਾਨੂੰ ਆਸ ਹੈ ਕਿ ਪੰਜਾਬ ਸਰਕਾਰ ਸਨਅਤ ਨੂੰ ਉੁੱਚਾ ਚੁੱਕਣ ਲਈ ਸਾਡਾ ਡਟਵਾਂ ਸਾਥੇ ਦੇਵੇਗੀ।
ਪੀ.ਐਚ.ਡੀ. ਚੈਂਬਰ ਆਫ ਕਾਮਰਸ ਦੀ ਖੇਤਰੀ ਡਾਇਰੈਕਟਰ ਮਧੂ ਪਿੱਲੇ ਨੇ ਦੱਸਿਆ ਕਿ ਕਰੀਬ 10000 ਵਰਗ ਮੀਟਰ ਵਿੱਚ ਇਥੇ 425 ਸਟਾਲ ਲਗਾਏ ਜਾਣਗੇ ।ਉਨ੍ਹਾਂ ਦੱਸਿਆ ਕਿ ਸਾਲ 2005 ਵਿੱਚ ਜਦੋਂ ਅੰਮ੍ਰਿਤਸਰ ਵਿੱਚ ਪਾਈਟੈਕਸ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਇਥੇ ਕਰੀਬ 150 ਕਾਰੋਬਾਰੀਆਂ ਨੇ ਭਾਗ ਲਿਆ ਸੀ ਅਤੇ ਕੇਵਲ 50 ਹਜਾਰ ਲੋਕਾਂ ਵਲੋਂ ਇਥੇ ਦੌਰਾ ਕੀਤਾ ਗਿਆ ਸੀ। ਚੈਂਬਰ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਤਾਰ ਇਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਏ.ਡੀ.ਸੀ.ਪੀ ਸਰਤਾਜ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਐਕਸੀਅਨ ਜਸਬੀਰ ਸਿੰਘ ਸੋਢੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media