ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਕਪੂਰਥਲਾ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ
ਕਰਵਾਈਆਂ ਜਾ ਰਹੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਈ ਗਈ ਵਿਸ਼ੇਸ਼ ਡਿਜੀਟਲ ਸਕਰੀਨ ਦਾ ਉਦਘਾਟਨ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਨਾਲ ਸਥਾਪਿਤ ਕੀਤੀ ਗਈ ਇਸ ਡਿਜੀਟਲ ਸਕਰੀਨ ਰਾਹੀਂ ਜਿਥੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕੀਤੀ ਜਾਵੇਗੀ, ਉਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਬਹੁਤ ਸਾਰੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਪਰੰਤੂ ਇਨ੍ਹਾਂ ਬਾਰੇ ਲੋਕਾਂ ਵਿਚ ਜਾਗਰੂਕਤਾ ਦੀ ਬੇਹੱਦ ਘਾਟ ਹੈ।ਹੁਣ ਇਸ ਡਿਜੀਟਲ ਸਕਰੀਨ ਦੇ ਲੱਗਣ ਨਾਲ ਲੋਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਤੋਂ ਜਾਣੂ ਹੋ ਸਕਣਗੇ।
ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ 39 ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਇਸ ਸਕਰੀਨ ਰਾਹੀਂ ਜਾਣਕਾਰੀ ਮਿਲੇਗੀ।ਉਨ੍ਹਾਂ ਕਿਹਾ ਕਿ ਬਲਾਕ ਅਤੇ ਤਹਿਸੀਲ ਪੱਧਰ ’ਤੇ ਵੀ ਅਜਿਹੀਆਂ ਡਿਜੀਟਲ ਸਕਰੀਨਾਂ ਲਗਾਈਆਂ ਜਾਣਗੀਆਂ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਰਾਜਵਿੰਦਰ ਕੌਰ, ਆਰ.ਕੇ ਸਿੰਗਲਾ, ਰਮਨ ਕੁਮਾਰ ਤੇ ਜਸਪਾਲ ਵਰਮਾ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ ਕਪੂਰਥਲਾ ਸ੍ਰੀਮਤੀ ਮੋਨਿਕਾ ਲਾਂਬਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਜੀਤ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਪੰਜਾਬ ਗ੍ਰਾਮੀਣ ਬੈਂਕ ਦੇ ਜਨਰਲ ਮੈਨੇਜਰ ਆਰ.ਸੀ ਸ਼ਰਮਾ ਤੇ ਚੀਫ ਮੈਨੇਜਰ ਅੰਮ੍ਰਿਤ, ਜ਼ਿਲ੍ਹਾ ਨਾਜਰ ਮਨਮੋਹਨ ਸ਼ਰਮਾ, ਮੈਡਮ ਅੰਜੂ ਬਾਲਾ ਆਦਿ ਹਾਜ਼ਰ ਸਨ।
Punjab Post Daily Online Newspaper & Print Media