ਪ੍ਰਸਿੱਧ ਗਾਇਕ ਕੰਠ ਕਲੇਰ ਕਰਨਗੇ ਆਪਣੇ ਕਲਾ ਦਾ ਮੁਜ਼ਾਹਰਾ
ਸੁਲਤਾਨਪੁਰ ਲੋਧੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਲਈ ਗੁਰੂ ਨਾਨਕ ਸਟੇਡੀਅਮ ਨੂੰ ਬਹੁਤ ਹੀ ਖ਼ੂਬਸੂਰਤੀ ਨਾਲ ਸ਼ਿੰਗਾਰਿਆ ਗਿਆ ਹੈ। ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਸਟੇਡੀਅਮ ਵਿਖੇ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੇ ਜਾਣ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਸਮਾਰੋਹ ਲਈ ਬਹੁਤ ਹੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਰੇਕ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਰੋਹ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਕੰਠ ਕਲੇਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ।
ਉਨ੍ਹਾਂ ਦੱਸਿਆ ਕਿ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ ਐਤਵਾਰ, ਪਹਿਲੀ ਦਸੰਬਰ ਨੂੰ ਗੁਰੂ ਨਾਨਕ ਦੇਵ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਇਸ ਦਿਨ ਚਾਰ ਲੀਗ ਮੈਚ ਵੀ ਖੇਡੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 9 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਨ੍ਹਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿੳੂਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਸ਼ਾਮਿਲ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਬੱਡੀ ਦੇ ਇਸ ਮਹਾਂਕੁੰਭ ਦੇ ਗਵਾਹ ਬਣਨ ਲਈ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਜ਼ਿਲ੍ਹਾ ਖੇਡ ਅਫ਼ਸਰ ਪਰਦੀਪ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਪਿ੍ਰੰਸੀਪਲ ਐਸ.ਐਸ ਰੰਧਾਵਾ, ਬਲਕਾਰ ਸਿੰਘ, ਨਿਰਮਲ ਸਿੰਘ, ਰਣਧੀਰ ਸਿੰਘ ਧੀਰਾ, ਤਰਲੋਕ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।