‘ਚ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨੂੰ ਲਿਖੇਗੀ ਪੱਤਰ – ਭਾਈ ਲੌਂਗੋਵਾਲ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ
ਲੌਂਗੋਵਾਲ ਨਾਲ ਮੁਲਾਕਾਤ ਦੌਰਾਨ ਪੰਜਾਬ ‘ਚ ਪੰਜਾਬੀ ਬੋਲੀ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟ ਕੀਤੀ।ਉਨ੍ਹਾਂ ਪ੍ਰਧਾਨ ਲੌਂਗੋਵਾਲ ਨੂੰ ਇਸ ਸਬੰਧੀ ਇਕ ਮੰਗ ਪੱਤਰ ਵੀ ਸੌਂਪਿਆ।ਇਸ ਦੌਰਾਨ ਲੌਂਗੋਵਾਲ ਨੇ ਕਿਹਾ ਕਿ ਪੰਜਾਬ ‘ਚ ਪੰਜਾਬੀ ਬੋਲੀ ਦੇ ਸਤਿਕਾਰ ਲਈ ਸਰਕਾਰ ਨੂੰ ਉਸ ਦੀ ਜ਼ਿੰਮੇਵਾਰੀ ਪ੍ਰਤੀ ਚੇਤੰਨ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਿਖਿਆ ਜਾਵੇਗਾ।ਉਨ੍ਹਾਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਮੈਂਬਰਾਂ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਇਸ ਸਬੰਧੀ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਵੀ ਪੰਜਾਬੀ ਭਾਸ਼ਾ ਪ੍ਰਤੀ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੀ ਕੌਮ ਵੱਲੋਂ ਜਾਹੋ-ਜਲਾਲ ਨਾਲ ਮਨਾਇਆ ਗਿਆ ਹੈ ਅਤੇ ਇਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਵੱਖ-ਵੱਖ ਗੁਰਮਤਿ ਸਮਾਗਮ ਕੀਤੇ ਗਏ, ਉਥੇ ਹੀ ਸਕੂਲਾਂ/ਕਾਲਜਾਂ ਅੰਦਰ ਵਿਸ਼ੇਸ਼ ਸੈਮੀਨਾਰ ਕਰ ਕੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਪੰਜਾਬੀ ਬੋਲੀ ਵਿਚ ਲੈਕਚਰ ਕਰਵਾਏ ਗਏ।
ਪਰੰਤੂ ਦੂਸਰੇ ਪਾਸੇ ਸਰਕਾਰ ਆਪਣੀ ਜ਼ੁੰਮੇਵਾਰੀ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਨੂੰ ਪੱਤਰ ਲਿਖ ਕੇ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਇਸ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਆਖੇਗੀ।ਲੌਂਗੋਵਾਲ ਨੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਲਈ ਵੱਧ ਤੋਂ ਵੱਧ ਯਤਨ ਕਰਨ। ਇਸ ਨੂੰ ਘਰਾਂ ਅੰਦਰ ਬੋਲ-ਚਾਲ ਵਜੋਂ ਲਾਜ਼ਮੀ ਕੀਤਾ ਜਾਵੇ। ਜੇਕਰ ਸਕੂਲਾਂ ਅੰਦਰ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਕੋਈ ਰੋਕਦਾ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇ। ਵਿਆਹਾਂ ਸਮੇਂ ਛਪਵਾਏ ਜਾਂਦੇ ਕਾਰਡ ਪੰਜਾਬੀ ਵਿਚ ਛਪਵਾਏ ਜਾਣ।
ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰੇ ਵੱਲੋਂ ਰਜਿੰਦਰ ਸਿੰਘ ਢੱਟ, ਹਰਦਿਆਲ ਸਿੰਘ ਗਰਚਾ, ਦਵਿੰਦਰ ਸਿੰਘ ਘਟੋਰਾ, ਹਰਬਖ਼ਸ਼ ਸਿੰਘ ਗਰੇਵਾਲ (ਸਾਰੇ ਕੈਨੇਡਾ ਨਿਵਾਸੀ) ਅਤੇ ਮਿੱਤਰ ਸੈਣ ਮੀਤ ਨੇ ਪੰਜਾਬੀ ਨੂੰ ਉਭਾਰਨ ਸਬੰਧੀ ਲੌਂਗੋਵਾਲ ਨਾਲ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਰਾਜਿੰਦਰ ਸਿੰਘ ਰੂਬੀ, ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵੱਲੋਂ ਮਹਿੰਦਰ ਸਿੰਘ ਸੇਖੋਂ, ਇੰਦਰਪਾਲ ਸਿੰਘ, ਸੁਖਇੰਦਰਪਾਲ ਸਿੰਘ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media