ਅੰਮ੍ਰਿਤਸਰ, 29 ਸਤੰਬਰ (ਗੁਰਪ੍ਰੀਤ ਸਿੰਘ) – ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਪਣੀ ਅਮਰੀਕਾ ਫੇਰੀ ਦੌਰਾਨ ਨਿਊਯਾਰਕ ਵਿਖੇ ਸਿੱਖਾਂ ਦੇ ਵਫ਼ਦ ਨਾਲ ਲੰਬੀ ਮੁਲਾਕਾਤ ਕਰਕੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਧਿਆਨ ਨਾਲ ਸੁਣਨ ਤੇ ਉਨ੍ਹਾਂ ਦੇ ਸਥਾਈ ਹੱਲ ਲਈ ਦਿੱਤੇ ਭਰੋਸੇ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਲਾਘਾ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇ: ਅਵਤਾਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਲੰਮੀ ਮੁਲਾਕਾਤ ਹੀ ਨਹੀਂ ਕੀਤੀ, ਬਲਕਿ ਉਨ੍ਹਾਂ ਵੱਲੋਂ ਦੱਸੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਾਲ ਸਿੱਖ ਵਫ਼ਦ ਦੀ ਮੁਲਾਕਾਤ ਦਾ ਸਮਾਂ ਕੇਵਲ ਪੰਦਰਾਂ ਮਿੰਟ ਸੀ, ਪ੍ਰੰਤੂ ਪ੍ਰਧਾਨ ਮੰਤਰੀ ਵੱਲੋਂ 1 ਘੰਟੇ ਤੋਂ ਵੀ ਵੱਧ ਸਮਾਂ ਵਫ਼ਦ ਨਾਲ ਗੱਲਬਾਤ ਕੀਤੀ ਗਈ ਤੇ ਮੁਸ਼ਕਲਾਂ ਸੁਣੀਆਂ ਗਈਆਂ ਹਨ ਜੋ ਚੰਗੀ ਗੱਲ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਸਿੱਖ ਭਾਈਚਾਰੇ ਨੂੰ ਕਾਫੀ ਮੁਸ਼ਕਲਾਂ ਹਨ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਦਸਤਾਰ ਤੇ ਸਿੱਖ ਕਕਾਰਾਂ ਦਾ ਮਸਲਾ ਅਹਿਮ ਹੈ। ਇਸ ਤੋਂ ਬਿਨਾਂ ਅਕਸਰ ਗਲਤ ਪਹਿਚਾਣ ਕਰਕੇ ਸਿੱਖਾਂ ਨੂੰ ਨਸਲੀ ਹਮਲੇ ਦਾ ਸ਼ਿਕਾਰ ਹੋਣਾ ਪੈਂਦਾ ਹੈ ਜਿਸ ਬਾਰੇ ਸਥਾਈ ਹੱਲ ਦੀ ਜ਼ਰੂੁਰਤ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਨ੍ਹਾਂ ਮਸਲਿਆਂ ਪ੍ਰਤੀ ਸਮਂੇ-ਸਮਂੇ ਤੇ ਦੇਸ਼ਾਂ ਦੀ ਸਰਕਾਰ ਤੇ ਸਥਾਨਕ ਦੇਸ਼ਾਂ ਦੇ ਸਫੀਰਾਂ ਨੂੰ ਹੱਲ ਲਈ ਪੱਤਰ ਲਿਖ ਕੇ ਬੇਨਤੀ ਕੀਤੀ ਜਾਂਦੀ ਹੈ।
ਉੇਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਨੀ ਚੰਗੀ ਗੱਲ ਹੈ ਕਿਉਂਕਿ ਸਿੱਖ ਹਮੇਸ਼ਾਂ ਏਕਤਾ, ਇਤਫਾਕ ਤੇ ਆਪਣੀ ਭਾਈਚਾਰਕ ਸਾਂਝ ਨੂੰ ਪਹਿਲ ਦਿੰਦੇ ਹਨ।ਵਿਦੇਸ਼ਾਂ ਵਿੱਚ ਵੀ ਸਿੱਖਾਂ ਨੇ ਬਹੁਤ ਮਿਹਨਤ ਕਰਕੇ ਜਿੱਥੇ ਚੰਗੇ ਕਾਰੋਬਾਰ ਸਥਾਪਿਤ ਕੀਤੇ ਹਨ, ਉੱਥੇ ਸਬੰਧਤ ਦੇਸ਼ਾਂ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਬੇਸ਼ੱਕ ਘੱਟ ਗਿਣਤੀ ਹਨ, ਪਰ ਜੇਕਰ ਇਤਿਹਾਸ ਵੱਲ ਝਾਤੀ ਮਾਰੀ ਜਾਵੇ ਤਾਂ ਪਤਾ ਲੱਗਦਾ ਹੈ ਕਿ ਦੇਸ਼ ਦੀ ਅਜ਼ਾਦੀ ‘ਚ ਸਿੱਖਾਂ ਦਾ ਵੱਡਾ ਯੋਗਦਾਨ ਹੈ।ਦੇਸ਼ ਦੀਆਂ ਸਰਹੱਦਾਂ ਤੇ ਰੱਖਵਾਲੀ ‘ਚ ਵੀ ਸਿੱਖ ਮੋਹਰੀ ਹਨ।ਉਨ੍ਹਾਂ ਕਿਹਾ ਕਿ ਇਥੋਂ ਤੀਕ ਕਿ ਸੰਸਾਰ ਜੰਗਾਂ ਦੌਰਾਨ ਵੀ ਵਿਦੇਸ਼ੀ ਫੌਜਾਂ ‘ਚ ਸਿੱਖਾਂ ਦੀ ਸ਼ਮੂਲੀਅਤ ਸੀ ਤੇ ਵੱਡੇ ਪੱਧਰ ਤੇ ਸਿੱਖਾਂ ਨੇ ਸ਼ਹਾਦਤਾਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਦੇਸ਼ ਦੇ ਵਿਦੇਸ਼ੀ ਬੈਠੇ ਸਿੱਖ ਭਾਈਚਾਰੇ ਨੂੰ ਮਿਲਣਾ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਨਾ ਤੇ ਉਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਭਰੋਸਾ ਦੇਣਾ ਚੰਗੀ ਤੇ ਮਾਣ ਵਾਲੀ ਗੱਲ ਹੈ ਤੇ ਉਹ ਆਸ ਕਰਦੇ ਹਨ ਪ੍ਰਧਾਨ ਮੰਤਰੀ ਜਲਦੀ ਹੀ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਵੀ ਕਰਵਾਉਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …