ਅਣਪਛਾਤੇ ਲੋਕਾਂ ਵਲੋਂ ਕੀਤੀ ਕੁੱਟਮਾਰ ਨਾਲ ਸ਼ਾਰਜਾਹ `ਚ ਹੋਈ ਸੀ ਮੌਤ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ
(ਯੂ.ਏ.ਈ) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੇ ਪਿੰਡ ਬਠਰਾ ਨਾਲ ਸੰਬੰਧਿਤ ਮ੍ਰਿਤਕ ਮਨੋਜ ਕੁਮਾਰ 8 ਮਹੀਨੇ ਪਹਿਲਾਂ ਹੀ ਸ਼ਾਰਜਾਹ ਗਿਆ ਸੀ।1 ਨਵੰਬਰ ਨੂੰ ਜਦ ਉਹ ਕਿਸੇ ਕੰਮ ਦੀ ਭਾਲ `ਚ ਨਿਕਲਿਆ ਸੀ ਤਾਂ ਕੁੱਝ ਅਣਪਛਾਤੇ ਲੋਕਾਂ ਨੇ ਉਸ ਦੀ ਭਾਰੀ ਕੁੱਟਮਾਰ ਕੀਤੀ ਸੀ।ਜਿਸ ਕਾਰਨ ਉਸ ਦੀ ਬੀਤੀ 10 ਨਵੰਬਰ ਨੂੰ ਹਸਪਤਾਲ ‘ਚ ਹੀ ਮੌਤ ਹੋ ਗਈ ਸੀ।
ਮਨੋਜ ਕੁਮਾਰ ਦੀ ਮੌਤ ਦੀ ਖਬਰ ਮਿਲੀ ਤਾਂ ਉਸ ਦਾ ਪਿਤਾ ਜੈ ਸਿੰਘ ਮ੍ਰਿਤਕ ਦੇਹ ਲੈਣ ਸ਼ਾਰਜਾਹ ਪਹੁੰਚੇ ਸਨ।ਪਰ ਮ੍ਰਿਤਕ ਦੇਹ ਪ੍ਰਾਪਤ ਕਰਨ `ਚ ਅਸਮਰੱਥ ਰਹੇ ਤਾਂ ਉਨ੍ਹਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਨਾਲ ਸੰਪਰਕ ਕਰਨ ‘ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਮ੍ਰਿਤਕ ਦੇਹ ਵਾਪਸ ਭਾਰਤ ਭੇਜ ਦਿੱਤੀ। ਜਦ ਕਿ ਉਨ੍ਹਾਂ ਦੀ ਟੀਮ ਨੇ ਸ਼ਾਰਜਾਹ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਅਹੁਦੇਦਾਰ ਮਨਪ੍ਰੀਤ ਸਿੰਘ ਸੰਧੂ ਤੇ ਨਵਜੀਤ ਸਿੰਘ ਘਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਵਿਅਕਤੀ ਸਮੇਤ ਟਰੱਸਟ ਵਲੋਂ ਹੁਣ ਤੱਕ 136 ਬਦਨਸੀਬਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਮਨੋਜ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਮ੍ਰਿਤਕ ਦੇਹ ਲੈਣ ਹਵਾਈ ਅੱਡੇ ਤੇ ਪਹੁੰਚੇ ਮ੍ਰਿਤਕ ਦੇ ਪਿਤਾ ਜੈ ਸਿੰਘ, ਸੁਨੀਲ ਕੁਮਾਰ, ਰਜਨੀਸ਼ ਕੁਮਾਰ, ਵਿਵੇਕ ਕੁਮਾਰ ਆਦਿ ਪਰਿਵਾਰਕ ਮੈਂਬਰਾਂ ਨੇ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਮਨੋਜ ਕੁਮਾਰ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਪਿੰਡ ਵਿਖੇ ਹੋਣੀਆਂ ਸੰਭਵ ਹੋ ਸਕਣਗੀਆਂ।
Punjab Post Daily Online Newspaper & Print Media